ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ 20 ਵਾਰਸਾਂ ਨੂੰ ਨਿਯੁਕਤੀ ਪੱਤਰ ਵੰਡੇ
ਮਹਿੰਦਰ ਸਿੰਘ ਰੱਤੀਆਂ
ਮੋਗਾ, 6 ਅਗਸਤ
ਕੇਂਦਰ ਸਰਕਾਰ ਵੱਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਵਿੱਚ ਚੱਲੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਕਿਸਾਨਾਂ ਦੇ 20 ਵਾਰਸਾਂ ਨੂੰ ਖੇਤੀ ਵਿਭਾਗ ਵਿੱਚ ਤਰਸ ਦੇ ਅਧਾਰ ’ਤੇ ਗਰੁੱਪ ‘ਡੀ’ ਲਈ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਸ਼ਹਿਰੀ ਹਲਕੇ ਤੋਂ ਹਾਕਮ ਧਿਰ ਦੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਤੇ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਕਿਸਾਨਾਂ ਦੇ 542 ਵਾਰਸਾਂ ਨੂੰ ਤਰਸ ਦੇ ਅਧਾਰ ’ਤੇ ਗਰੁੱਪ ‘ਡੀ’ ਤੇ ’ਸੀ’ ਵਿੱਚ ਨਿਯੁਕਤੀ ਪੱਤਰ ਵੰਡੇ ਗਏ। ਇਸੇ ਤਹਿਤ ਇੱਥੇ 20 ਕਿਸਾਨਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਉਨ੍ਹਾਂ ਕਿਹਾ ਕਿ ਸੰਘਰਸ਼ ਦੌਰਾਨ ਕਿਸਾਨਾਂ ਨੂੰ ਦਰਪੇਸ਼ ਔਕੜਾਂ ਅਤੇ ਮੁਸੀਬਤਾਂ ਸਾਨੂੰ ਸਾਰਿਆਂ ਨੂੰ ਕਿਸੇ ਵੀ ਤਰ੍ਹਾਂ ਦੇ ਜ਼ੁਲਮ ਦੇ ਖਿਲਾਫ ਇਕਜੁਟ ਹੋ ਕੇ ਆਵਾਜ਼ ਬੁਲੰਦ ਕਰਨ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਮਜਦੂਰਾਂ ਦੇ ਹੱਕਾਂ ਦੀ ਰਾਖੀ ਲਈ ਹਰ ਪੱਖੋਂ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਦੀ ਖੇਤੀ ਨੂੰ ਹੋਰ ਲਾਹੇਵੰਦ ਬਣਾਉਣ ਅਤੇ ਕਿਸਾਨਾਂ ਨੂੰ ਆਰਥਿਕ ਪੱਖ ਤੋਂ ਮਜ਼ਬੂਤ ਕਰਨ ਲਈ ‘ਮਾਨ’ ਸਰਕਾਰ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਸਰਕਾਰ ਨੇ ਕਿਸਾਨਾਂ ਦੇ ਹਰ ਦੁੱਖ ਨੂੰ ਆਪਣਾ ਦਰਦ ਸਮਝਿਆ ਹੈ। ਇਸ ਮੌਕੇ ਡੀਸੀ ਕੁਲਵੰਤ ਸਿੰਘ ਤੇ ਮੁੱਖ ਖੇਤੀ ਅਫ਼ਸਰ ਸਟੇਟ ਐਵਾਰਡੀ ਡਾ. ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ 32 ਕਿਸਾਨਾਂ ਨੂੰ ਇਹ ਨੌਕਰੀ ਦੇਣ ਲਈ ਸਰਕਾਰ ਨੇ ਹੁਕਮ ਦਿੱਤੇ ਹਨ। ਬਾਕੀ ਰਹਿੰਦੇ 12 ਵਾਰਸਾਂ ਨੂੰ ਵੀ ਸ਼ਰਤਾਂ ਵਿੱਚ ਤਰੁਟੀਆਂ ਦੂਰ ਕਰਕੇ ਜਲਦੀ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਬਲਾਕ ਕੋਟ ਈਸੇ ਖਾਂ ਦੇ 14, ਬਲਾਕ ਬਾਘਾਪੁਰਾਣਾ ਦੇ 12, ਬਲਾਕ ਨਿਹਾਲ ਸਿੰਘ ਵਾਲਾ ਤੇ ਮੋਗਾ ਦੇ 6 ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਤਰਸ ਦੇ ਅਧਾਰ ਉੱਤੇ ਨੌਕਰੀ ਦਿੱਤੀ ਗਈ ਹੈ। ਇਸ ਮੌਕੇ ਵਾਤਾਵਰਨ ਪ੍ਰੇਮੀ ਡਾ. ਬਲਵਿੰਦਰ ਸਿੰਘ ਲੱਖੇਵਾਲੀ, ਕਿਸਾਨ ਆਗੂ ਨਿਰਮਲ ਸਿੰਘ ਮਾਣੂੰਕੇ, ਭੂਪਿੰਦਰ ਸਿੰਘ ਦੌਲਤਪੁਰਾ ਤੇ ਲਵਜੀਤ ਸਿੰਘ ਦੱਦਾਹੂਰ, ਮੇਅਰ ਬਲਜੀਤ ਸਿੰਘ ਚੰਨੀ, ਚੇਅਰਮੈਨ ਹਰਜਿੰਦਰ ਸਿੰਘ ਰੋਡੇ ਹਾਜ਼ਰ ਸਨ।