ਦੋ ਸੌ ਨਵੀਆਂ ਪੋਸਟ ਗਰੈਜੂਏਟ ਅਧਿਆਪਕਾਂ ਦੀਆਂ ਅਸਾਮੀਆਂ ਨੂੰ ਮਨਜ਼ੂਰੀ
ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਅਕਤੂਬਰ
ਉਪ ਰਾਜਪਾਲ ਨੇ 200 ਨਵੀਆਂ ਪੋਸਟ ਗਰੈਜੂਏਟ ਅਧਿਆਪਕਾਂ ਦੀਆਂ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਲੈਫਟੀਨੈਂਟ ਗਵਰਨਰ ਵੀਕੇ ਸਕਸੈਨਾ ਨੇ ਪੋਸਟ ਗਰੈਜੂਏਟ ਅਧਿਆਪਕਾਂ (ਪੀਜੀਟੀ) ਲਈ 200 ਵਾਧੂ ਅਸਾਮੀਆਂ ਦੀ ਸਿਰਜਣਾ ਨੂੰ ਮਨਜ਼ੂਰੀ ਦਿੱਤੀ।
ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਪੱਧਰ ’ਤੇ ਨਿਰਧਾਰਤ ਕੀਤੀਆਂ ਗਈਆਂ ਇਹ ਅਸਾਮੀਆਂ, ਦਿੱਲੀ ਦੇ ਸਿੱਖਿਆ ਡਾਇਰੈਕਟੋਰੇਟ ਦੇ ਅਧੀਨ ਸਰਕਾਰੀ ਸਕੂਲਾਂ ਵਿੱਚ ਨਿਯਮਤ ਆਧਾਰ ’ਤੇ ਭਰੀਆਂ ਜਾਣਗੀਆਂ ਅਤੇ ਤਨਖਾਹ ਮੈਟ੍ਰਿਕਸ ਪੱਧਰ 8 (47,600 - 1,51,100 ਰੁਪਏ) ਹੋਵੇਗਾ। ਲੈਫਟੀਨੈਂਟ ਗਵਰਨਰ ਦੇ ਦਫਤਰ ਦੇ ਅਨੁਸਾਰ ਇਸ ਫੈਸਲੇ ਦਾ ਉਦੇਸ਼ ਪੱਖਪਾਤ, ਭ੍ਰਿਸ਼ਟਾਚਾਰ, ਰਿਜ਼ਰਵੇਸ਼ਨ ਨਿਯਮਾਂ ਦੀ ਉਲੰਘਣਾ ਅਤੇ ਗੈਰ-ਸਥਾਈ ਅਹੁਦਿਆਂ ਨਾਲ ਜੁੜੇ ਕਰਮਚਾਰੀਆਂ ਨੂੰ ਪ੍ਰੇਸ਼ਾਨ ਕਰਨ ਵਰਗੇ ਮੁੱਦਿਆਂ ਨੂੰ ਘੱਟ ਕਰਨਾ ਹੈ। ਲੰਬੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਪੋਸਟ ਗਰੈਜੂਏਸ਼ਨ ਕਰਨ ਵਾਲੇ ਉਮੀਦਵਾਰਾਂ ਨੂੰ ਨੌਕਰੀ ਦੇ ਮੌਕੇ ਪੈਦਾ ਕੀਤੇ ਜਾਣ। ਵਰਤਮਾਨ ਵਿੱਚ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ 9,500 ਤੋਂ ਵੱਧ ਅਪਾਹਜ ਬੱਚੇ 9ਵੀਂ ਤੋਂ 12ਵੀਂ ਜਮਾਤ ਵਿੱਚ ਦਾਖ਼ਲ ਹਨ। ਹਾਲਾਂਕਿ 301 ਪ੍ਰਵਾਨਿਤ ਅਸਾਮੀਆਂ ਦੇ ਮੁਕਾਬਲੇ ਸਿਰਫ਼ 283 ਪੀਜੀਟੀ ਫਾਰ ਸਪੈਸ਼ਲ ਐਜੂਕੇਸ਼ਨ ਕੰਮ ਕਰ ਰਹੇ ਹਨ ਜਿਸ ਕਰਕੇ ਬਹੁਤ ਸਾਰੇ ਵਿਦਿਆਰਥੀ ਸੇਵਾ ਤੋਂ ਵਾਂਝੇ ਰਹਿ ਗਏ ਹਨ। ਇਸ ਮੌਕੇ ਰਾਜਧਾਨੀ ਵਿੱਚ 609 ਸਰਕਾਰੀ ਸੀਨੀਅਰ ਸੈਕੰਡਰੀ ਪੱਧਰ ਦੇ ਸਕੂਲਾਂ ਵਿੱਚ ਸੀਮਤ ਗਿਣਤੀ ਵਿੱਚ ਵਿਸ਼ੇਸ਼ ਸਿੱਖਿਆ ਅਧਿਆਪਕ ਉਨ੍ਹਾਂ ਵਿਦਿਆਰਥੀਆਂ ਲਈ ਹਨ।