ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਰਖਾਸਤ ਡਿਪਟੀ ਡਾਇਰੈਕਟਰ ਦੀਆਂ ਜਾਇਦਾਦਾਂ ਕੁਰਕ ਕਰਨ ਦੀ ਮਨਜ਼ੂਰੀ

07:07 AM Jul 13, 2023 IST

ਦਵਿੰਦਰ ਪਾਲ
ਚੰਡੀਗੜ੍ਹ, 12 ਜੁਲਾਈ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਕਾਂਗਰਸ ਸਰਕਾਰ ਸਮੇਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਿੱਚ ਹੋਏ ਕਥਿਤ ਬਹੁ-ਕਰੋੜੀ ਘੁਟਾਲੇ ਵਿੱਚ ਨਾਮਜ਼ਦ ਵਿਅਕਤੀਆਂ ਦੀਆਂ ਜਾਇਦਾਦਾਂ ਕੁਰਕ ਕਰਾਉਣ ਦੀ ਕਾਰਵਾਈ ਆਰੰਭ ਦਿੱਤੀ ਹੈ। ਬਿਊਰੋ ਨੇ ਇਸ ਮਾਮਲੇ ਵਿੱਚ ਸਭ ਤੋਂ ਪਹਿਲੀ ਕਾਰਵਾਈ ਵਿਭਾਗ ਦੇ ਡਿਪਟੀ ਡਾਇਰੈਕਟਰ (ਬਰਖਾਸਤ) ਆਰ.ਕੇ. ਸਿੰਗਲਾ ਦੇ ਮਾਮਲੇ ਵਿੱਚ ਕੀਤੀ ਹੈ। ਸਰਕਾਰ ਨੇ ਸਿੰਗਲਾ ਦੀਆਂ ਜਾਇਦਾਦਾਂ ਕੁਰਕ ਕਰਨ ਲਈ ਲੋੜੀਂਦੀ ਮਨਜ਼ੂਰੀ ਦੇ ਦਿੱਤੀ ਹੈ।
ਵਿਜੀਲੈਂਸ ਅਧਿਕਾਰੀਆਂ ਮੁਤਾਬਕ ਉਨ੍ਹਾਂ ਇਸ ਬਰਖਾਸਤ ਅਧਿਕਾਰੀ ਵੱਲੋਂ ਬਣਾਈਆਂ ਗਈਆਂ ਜਨਿ੍ਹਾਂ ਜਾਇਦਾਦਾਂ ਦੀ ਨਿਸ਼ਾਨਦੇਹੀ ਕੀਤੀ ਹੈ, ਉਸ ਵਿੱਚ ਲੁਧਿਆਣਾ ਸ਼ਹਿਰ ਵਿਚਲੇ ਪਿੰਡ ਸੁਨੇਤ ਦੀ ਪੱਛਮੀ ਅਬਾਦੀ ਗੁਰੂ ਅਮਰਦਾਸ ਨਗਰ ’ਚ ਪਲਾਟ, ਲੁਧਿਆਣਾ ਦੇ ਭਾਈ ਰਣਧੀਰ ਸਿੰਘ ਨਗਰ ਵਿੱਚ ਪਲਾਟ, ਲੁਧਿਆਣਾ ਦੇ ਪਿੰਡ ਸਨੇਤ ਦੀ ਹੱਦਬਸਤ ਵਿੱਚ ਭਾਈ ਰਣਧੀਰ ਸਿੰਘ ਨਗਰ ਵਿੱਚ ਪਲਾਟ, ਲੁਧਿਆਣਾ ਦੇ ਰਾਜਗੁਰੂ ਨਗਰ ਲੁਧਿਆਣਾ ਪਿੰਡ ਥਰੀਕੇ ਹੱਡਬਸਤ ਵਿੱਚ ਇੱਕ ਰਿਹਾਇਸ਼ੀ ਕੋਠੀ ਅਤੇ ਚੰਡੀਗੜ੍ਹ ਦੇ ਸੈਕਟਰ 48 ਦੀ ਪੰਜਾਬ ਕੋਆਪਰੇਟਿਵ ਸੁਸਾਇਟੀ, ਗਜ਼ਟਿਡ ਅਫਸਰ ਵਿੱਚ ਫਲੈਟ ਸ਼ਾਮਲ ਹਨ। ਵਿਜੀਲੈਂਸ ਅਧਿਕਾਰੀਆਂ ਨੇ ਕਿਹਾ ਕਿ ਆਰ.ਕੇ.ਸਿੰਗਲਾ ਨੇ ਇਹ ਸਾਰੀਆਂ ਜਾਇਦਾਦਾਂ ਆਪਣੀ ਪਤਨੀ ਰਚਨਾ ਸਿੰਗਲਾ ਦੇ ਨਾਂ ’ਤੇ ਖਰੀਦੀਆਂ ਸਨ।
ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਇਸ ਕਥਿਤ ਖੁਰਾਕ ਘੁਟਾਲੇ ਵਿੱਚ ਗ੍ਰਿਫਤਾਰ ਕਰਨ ਤੋਂ ਬਾਅਦ ਆਰ.ਕੇ. ਸਿੰਗਲਾ ਨੂੰ ਵੀ ਭ੍ਰਿਸ਼ਟਾਚਾਰ ਅਤੇ ਬੇਨਿਯਮੀਆਂ ਦੇ ਮਾਮਲਿਆਂ ਵਿੱਚ ਨਾਮਜ਼ਦ ਕੀਤਾ ਸੀ। ਵਿਜੀਲੈਂਸ ਨੇ ਸਿੰਗਲਾ ਖਿਲਾਫ਼ ਸਰੋਤਾਂ ਤੋਂ ਵੱਧ ਆਮਦਨ ਮਾਮਲੇ ਵਿੱਚ ਵੀ ਕਾਰਵਾਈ ਆਰੰਭੀ ਸੀ। ਵਿਜੀਲੈਂਸ ਅਧਿਕਾਰੀਆਂ ਦਾ ਦੱਸਣਾ ਹੈ ਕਿ ਕਾਨੂੰਨੀ ਕਾਰਵਾਈ ਆਰੰਭ ਹੋਣ ਤੋਂ ਪਹਿਲਾਂ ਹੀ ਆਰ.ਕੇ. ਸਿੰਗਲਾ ਰੂਪੋਸ਼ ਹੋ ਗਿਆ ਸੀ ਤੇ ਇਸ ਬਰਖਾਸਤ ਅਧਿਕਾਰੀ ਦੇ ਵਿਦੇਸ਼ ’ਚ ਉਡਾਰੀ ਮਾਰਨ ਦੇ ਚਰਚੇ ਹਨ। ਅਦਾਲਤ ਨੇ ਸਿੰਗਲਾ ਨੂੰ ਭਗੌੜਾ ਕਰਾਰ ਦਿੱਤਾ ਹੋਇਆ ਹੈ। ਵਿਜੀਲੈਂਸ ਬਿਊਰੋ ਮੁਤਾਬਕ ਕੇਸ ਦੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਆਰ. ਕੇ. ਸਿੰਗਲਾ ਨੇ ਫੂਡ ਸਪਲਾਈ ਵਿਭਾਗ ਵਿੱਚ ਆਪਣੀ ਤਾਇਨਾਤੀ ਦੌਰਾਨ ਅਤੇ ਫੂਡ ਸਪਲਾਈ ਵਿਭਾਗ ਦੇ ਚੇਅਰਮੈਨ ਸੀਵੀਸੀ ਵਜੋਂ ਚਾਰਜ ਸੰਭਾਲਣ ਦੌਰਾਨ ਜਾਇਦਾਦਾਂ ਖਰੀਦੀਆਂ ਸਨ। ਵਿਜੀਲੈਂਸ ਦੀ ਤਸਦੀਕ ਤੋਂ ਬਾਅਦ ਰਿਕਾਰਡ ’ਤੇ ਆਇਆ ਕਿ ਉਸ ਨੇ ਇਸ ਦੌਰਾਨ 5 ਜਾਇਦਾਦਾਂ ਖਰੀਦੀਆਂ ਸਨ। ਵਿਜੀਲੈਂਸ ਦੀ ਤਫ਼ਤੀਸ਼ ਮੁਤਾਬਕ ਟੈਂਡਰ ਪ੍ਰਕਿਰਿਆ ਵਿੱਚ ਹੋਈਆਂ ਬੇਨਿਯਮੀਆਂ ਦੌਰਾਨ ਸਿੰਗਲਾ ਦੀ ਅਹਿਮ ਭੂਮਿਕਾ ਰਹੀ ਹੈ। ਵਿਜੀਲੈਂਸ ਨੇ ਸਰੋਤਾਂ ਤੋਂ ਵੱਧ ਆਮਦਨ ਮਾਮਲੇ ਵਿੱਚ ਇਸ ਬਰਖਾਸਤ ਅਧਿਕਾਰੀ ਦੀ ਪਤਨੀ ਖਿਲਾਫ਼ ਵੀ ਕੇਸ ਦਰਜ ਕੀਤਾ ਸੀ। ਵਿਜੀਲੈਂਸ ਬਿਊਰੋ ਨੇ 16 ਅਗਸਤ 2022 ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਅਤੇ ਹੋਰਨਾਂ ਸੰਗੀਨ ਧਾਰਾਵਾਂ ਤਹਿਤ ਵਿੱਤੀ ਸਾਲ 2020-21 ਲਈ ਵੱਖ-ਵੱਖ ਠੇਕੇਦਾਰਾਂ ਨੂੰ ਲੇਬਰ, ਕਾਰਟੇਜ ਟੈਂਡਰਾਂ ਦੀ ਕਥਿਤ ਗੈਰ-ਕਾਨੂੰਨੀ ਅਲਾਟਮੈਂਟ ਦੇ ਸਬੰਧ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਹੋਰਾਂ ਵਿਰੁੱਧ ਕੇਸ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਭਾਰਤ ਭੂਸ਼ਣ ਆਸ਼ੂ ਸਮੇਤ 8 ਨਾਮਜ਼ਦ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਤੇ ਮਗਰੋਂ ਸਾਬਕਾ ਮੰਤਰੀ ਨੂੰ ਅਦਾਲਤ ਨੇ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਸੀ।
ਖੁਰਾਕ ਤੇ ਸਪਲਾਈ ਵਿਭਾਗ ’ਚ ਬੇਨਿਯਮੀਆਂ ਲਈ ਤਿੰਨ ਕੇਸ ਦਰਜ
ਵਿਜੀਲੈਂਸ ਨੇ ਖੁਰਾਕ ਤੇ ਸਪਲਾਈ ਵਿਭਾਗ ਵਿੱਚ ਹੋਈਆਂ ਬੇਨਿਯਮੀਆਂ ਦੇ ਮਾਮਲੇ ਵਿੱਚ ਹੁਣ ਤੱਕ ਤਿੰਨ ਮਾਮਲੇ ਦਰਜ ਕੀਤੇ ਹਨ ਤੇ ਕਈ ਜ਼ਿਲ੍ਹਿਆਂ ਵਿੱਚ ਜਾਂਚ ਜਾਰੀ ਹੈ। ਵਿਜੀਲੈਂਸ ਅਧਿਕਾਰੀਆਂ ਦਾ ਦੱਸਣਾ ਹੈ ਕਿ ਇਸ ਮਾਮਲੇ ਵਿੱਚ ਨਾਮਜ਼ਦ ਹੋਰਨਾਂ ਵਿਅਕਤੀਆਂ ਖਿਲਾਫ ਵੀ ਸਰੋਤਾਂ ਤੋਂ ਵੱਧ ਆਮਦਨ ਦੇ ਮਾਮਲਿਆਂ ਦੀ ਪੜਤਾਲ ਚੱਲ ਰਹੀ ਹੈ। ਇਸ ਲਈ ਆਰ.ਕੇ. ਸਿੰਗਲਾ ਦੀਆਂ ਜਾਇਦਾਦਾਂ ਕੁਰਕ ਕਰਨ ਦਾ ਅਮਲ ਸਿਰੇ ਚੜ੍ਹਨ ਤੋਂ ਬਾਅਦ ਹੋਰਨਾਂ ਵਿਅਕਤੀਆਂ ਦੇ ਮਾਮਲਿਆਂ ਦੀ ਘੋਖ ਕਰ ਕੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Advertisement

Advertisement
Tags :
ਕੁਰਕਜਾਇਦਾਦਾਂਡਾਇਰੈਕਟਰਡਿਪਟੀਦੀਆਂਬਰਖ਼ਾਸਤਮਨਜ਼ੂਰੀ
Advertisement