ਚੀਫ਼ ਖ਼ਾਲਸਾ ਦੀਵਾਨ ਦੇ ਵਿਦਿਅਕ ਅਦਾਰਿਆਂ ਵਿੱਚ ਅਰਦਾਸ ਸਮਾਗਮ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 14 ਮਾਰਚ
ਚੀਫ਼ ਖ਼ਾਲਸਾ ਦੀਵਾਨ ਦੇ ਸਮੂਹ ਵਿਦਿਅਕ ਅਦਾਰਿਆਂ ਵੱਲੋਂ ਨਾਨਕਸ਼ਾਹੀ ਨਵੇਂ ਸਾਲ ਦੀ ਆਰੰਭਤਾ ਅੱਜ ਅਰਦਾਸ ਸਮਾਗਮ ਨਾਲ ਕੀਤੀ ਗਈ। ਇਸ ਸਬੰਧ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ, ਜੀ.ਟੀ. ਰੋਡ ਵੱਲੋਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਨਾਨਕਸ਼ਾਹੀ ਨਵੇਂ ਸਾਲ ਦੀ ਆਰੰਭਤਾ ਸ੍ਰੀ ਜਪੁਜੀ ਸਾਹਿਬ ਦੇ ਪਾਠ ਅਤੇ ਗੁਰਬਾਣੀ ਦੇ ਕੀਰਤਨ ਨਾਲ ਕੀਤੀ ਗਈ।
ਇਸ ਮੌਕੇ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਆਨਰੇਰੀ ਸਕੱਤਰ ਰਮਨੀਕ ਸਿੰਘ, ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ, ਮੀਤ ਪ੍ਰਧਾਨ ਜਗਜੀਤ ਸਿੰਘ, ਸਥਾਨਕ ਪ੍ਰਧਾਨ ਕੁਲਜੀਤ ਸਿੰਘ ਵੱਲੋਂ ਸਮੂਹ ਸੰਗਤ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਗਈ ਅਤੇ ਬੱਚਿਆਂ ਨੂੰ ਆਪਣੇ ਧਰਮ ਤੇ ਅਮੀਰ ਵਿਰਸੇ ਨਾਲ ਜੁੜਨ ਲਈ ਪ੍ਰੇਰਿਆ ਗਿਆ। ਸਮਾਗਮ ਦੌਰਾਨ ਧਰਮ ਪ੍ਰਚਾਰ ਕਮੇਟੀ ਮੈਂਬਰ ਤਰਲੋਚਨ ਸਿੰਘ ਅਤੇ ਪ੍ਰਿੰਸੀਪਲ ਮਨਦੀਪ ਸਿੰਘ ਨੇ ਸਿੱਖ ਇਤਿਹਾਸ ਵਿਚ ਚੇਤ ਮਹੀਨੇ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਅੰਤ ਵਿਚ ਇਮਤਿਹਾਨਾਂ ਵਿਚ ਵਿਦਿਆਰਥੀਆਂ ਦੀ ਸਫ਼ਲਤਾ ਅਤੇ ਦੀਵਾਨ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।