ਅਰਮਾਨਪ੍ਰੀਤ ਸਿੰਘ ਐੱਨਡੀਏ ਦੀ ਮੈਰਿਟ ਸੂਚੀ ਵਿੱਚ ਅੱਵਲ
ਦਰਸ਼ਨ ਸਿੰਘ ਸੋਢੀ
ਐਸਏਐਸ ਨਗਰ (ਮੁਹਾਲੀ), 25 ਅਕਤੂਬਰ
ਇੱਥੋਂ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਸੈਕਟਰ-77 (ਮੁਹਾਲੀ) ਵਿੱਚ 12ਵੇਂ ਕੋਰਸ ਦੇ ਕੈਡੇਟ ਅਰਮਾਨਪ੍ਰੀਤ ਸਿੰਘ ਵਾਸੀ ਪਿੰਡ ਭੰਡਾਲ (ਗੁਰਦਾਸਪੁਰ) ਨੇ ਐੱਨਡੀਏ ਦੀ ਪ੍ਰੀਖਿਆ ਵਿੱਚ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਉਸ ਦੇ ਪਿਤਾ ਸਤਬੀਰ ਸਿੰਘ ਫਿਜ਼ਿਕਸ ਦੇ ਲੈਕਚਰਾਰ ਹਨ। ਯੂਪੀਐੱਸਸੀ ਵੱਲੋਂ ਜਾਰੀ ਕੀਤੀ ਐੱਨਡੀਏ-153 ਦੀ ਆਲ ਇੰਡੀਆ ਪੱਧਰ ਦੀ ਮੈਰਿਟ ਸੂਚੀ ਵਿੱਚ ਅਰਮਾਨਪ੍ਰੀਤ ਨੇ ਪਹਿਲਾ ਰੈਂਕ ਹਾਸਲ ਕਰ ਕੇ ਆਪਣੇ ਮਾਪਿਆਂ ਅਤੇ ਪੰਜਾਬ ਦਾ ਮਾਣ ਵਧਾਇਆ ਹੈ।
ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਅਰਮਾਨਪ੍ਰੀਤ ਸਿੰਘ ਪਿਛਲੇ 12 ਸਾਲਾਂ ਦੇ ਅਰਸੇ ਦੌਰਾਨ ਐੱਨਡੀਏ ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲਾ ਇਸ ਸੰਸਥਾ ਦਾ ਤੀਜਾ ਕੈਡੇਟ ਹੈ। ਅਰਮਾਨਪ੍ਰੀਤ ਸਿੰਘ ਨੇ ਹਵਾਈ ਸੈਨਾ ਦੀ ਚੋਣ ਕੀਤੀ ਗਈ ਹੈ ਅਤੇ ਉਹ ਨੇੜਲੇ ਭਵਿੱਖ ਵਿੱਚ ਸੁਖੋਈ ਐੱਸਯੂ-30 ਐੱਮਕੇਆਈ ਨੂੰ ਉਡਾਉਣ ਦੀ ਇੱਛਾ ਰੱਖਦਾ ਹੈ। ਅਰਮਾਨਪ੍ਰੀਤ ਸਿੰਘ ਤੋਂ ਇਲਾਵਾ ਇਸ ਇੰਸਟੀਚਿਊਟ ਦੇ ਐੱਸਐੱਸਬੀ ਲਈ ਗਏ 24 ’ਚੋਂ 14 ਹੋਰ ਕੈਡੇਟਾਂ ਨੇ ਵੀ ਮੈਰਿਟ ਸੂਚੀ ਵਿੱਚ ਥਾਂ ਬਣਾਈ ਹੈ। ਕੈਡਿਟ ਕੇਸ਼ਵ ਸਿੰਗਲਾ ਨੇ 15ਵਾਂ ਰੈਂਕ ਹਾਸਲ ਕੀਤਾ ਹੈ। ਇਨ੍ਹਾਂ ’ਚੋਂ ਕੁਝ ਕੈਡੇਟ, ਜੁਆਇਨਿੰਗ ਲਈ ਪੱਤਰ ਪ੍ਰਾਪਤ ਕਰਨ ਤੋਂ ਪਹਿਲਾਂ ਆਪਣੀ ਮੈਡੀਕਲ ਜਾਂਚ ਕਰਵਾ ਰਹੇ ਹਨ। ਅਰਮਾਨਪ੍ਰੀਤ ਤੇ ਬਾਕੀ ਕੈਡੇਟਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਭਾਰਤ ਦੇ ਰੱਖਿਆ ਬਲਾਂ ਵਿੱਚ ਅਧਿਕਾਰੀ ਬਣਨ ਲਈ ਇਹ ਉਨ੍ਹਾਂ ਲਈ ਪਹਿਲਾ ਕਦਮ ਹੈ। ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੇ ਐੱਚ ਚੌਹਾਨ ਨੇ ਵੀ ਅਰਮਾਨਪ੍ਰੀਤ ਤੇ ਬਾਕੀ ਕੈਡੇਟਾਂ ਨੂੰ ਵਧਾਈ ਹੈ।