ਭਾਈ ਤੇਜਿੰਦਰ ਪਾਲ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਸਰਕਾਰ ਦੀ ਧੱਕੇਸ਼ਾਹੀ: ਗਿਆਨੀ ਰਘਬੀਰ ਸਿੰਘ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 20 ਸਤੰਬਰ
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਰਾਜਸਥਾਨ ਦੇ ਸਿੱਖ ਆਗੂ ਤੇਜਿੰਦਰ ਪਾਲ ਸਿੰਘ ਟਿਮਾ ਖ਼ਿਲਾਫ਼ ਪੁਲੀਸ ਵੱਲੋਂ ਦੇਸ਼ਧ੍ਰੋਹ ਦਾ ਮੁਕੱਦਮਾ ਦਰਜ ਕਰ ਕੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਨਿਖੇਧੀ ਕੀਤੀ ਹੈ। ਉਧਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਇਸ ਨੂੰ ਸਿੱਖਾਂ ਨਾਲ ਧੱਕਾ ਕਰਾਰ ਦਿੱਤਾ ਹੈ।
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਈ ਟਿਮਾ ਨੇ ਦੇਸ਼ਧ੍ਰੋਹ ਵਾਲਾ ਕੋਈ ਕੰਮ ਨਹੀਂ ਕੀਤਾ ਪਰ ਰਾਜਸਥਾਨ ਸਰਕਾਰ ਨੇ ਵਿਚਾਰਾਂ ਦੇ ਪ੍ਰਗਟਾਵੇ ਦੀ ਸੰਵਿਧਾਨਕ ਆਜ਼ਾਦੀ ਦਾ ਗਲਾ ਘੁੱਟਦਿਆਂ ਉਸ ਖ਼ਿਲਾਫ਼ ਪਹਿਲਾਂ ਤਾਂ ਦੇਸ਼ਧ੍ਰੋਹ ਦਾ ਝੂਠਾ ਮੁਕੱਦਮਾ ਦਰਜ ਕਰ ਕੇ ਘੱਟ-ਗਿਣਤੀਆਂ ਨੂੰ ਗੁਲਾਮੀ ਦਾ ਅਹਿਸਾਸ ਕਰਵਾਉਣ ਦੀ ਕੋਸ਼ਿਸ਼ ਕੀਤੀ, ਮਗਰੋਂ ਉੱਚ ਅਦਾਲਤ ਵੱਲੋਂ ਅਗਾਊਂ ਜ਼ਮਾਨਤ ਮਿਲੀ ਹੋਣ ਦੇ ਬਾਵਜੂਦ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਕਿਸ ਵੀ ਥਾਂ ’ਤੇ ਕਿਸੇ ਵੀ ਸਿੱਖ ਨਾਲ ਧੱਕੇਸ਼ਾਹੀ ਦਾ ਸਿੱਖ ਕੌਮ ਇਕਜੁੱਟ ਹੋ ਕੇ ਵਿਰੋਧ ਕਰਦੀ ਰਹੇਗੀ। ਉਨ੍ਹਾਂ ਸਰਕਾਰ ਨੂੰ ਘੱਟ-ਗਿਣਤੀਆਂ ਪ੍ਰਤੀ ਨਿਆਂਪੂਰਨ ਰਵੱਈਆ ਅਪਣਾਉਣ ਦੀ ਵੀ ਨਸੀਹਤ ਦਿੱਤੀ। ਉਨ੍ਹਾਂ ਨਾਲ ਹੀ ਸ਼੍ਰੋਮਣੀ ਕਮੇਟੀ ਨੂੰ ਵੀ ਆਦੇਸ਼ ਕੀਤਾ ਹੈ ਕਿ ਉਹ ਭਾਈ ਟਿਮਾ ਨਾਲ ਰਾਜਸਥਾਨ ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਖ਼ਿਲਾਫ਼ ਬਣਦੀ ਕਾਨੂੰਨੀ ਚਾਰਾਜੋਈ ਕਰੇ।