For the best experience, open
https://m.punjabitribuneonline.com
on your mobile browser.
Advertisement

ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰਨ ਵਾਲੇ ਆਗੂਆਂ ਦੇ ਗ੍ਰਿਫ਼ਤਾਰੀ ਵਾਰੰਟ

09:19 AM Sep 02, 2024 IST
ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰਨ ਵਾਲੇ ਆਗੂਆਂ ਦੇ ਗ੍ਰਿਫ਼ਤਾਰੀ ਵਾਰੰਟ
ਰਾਜਿੰਦਰ ਸਿੰਘ ਦੀਪ ਸਿੰਘ ਵਾਲਾ
Advertisement

ਜਸਵੰਤ ਜੱਸ
ਫਰੀਦਕੋਟ, 1 ਸਤੰਬਰ
ਫਰੀਦਕੋਟ ਦੇ ਸਬ-ਡਿਵੀਜ਼ਨਲ ਮੈਜਿਸਟਰੇਟ ਨੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਨੌਂ ਨਿਹਾਲ ਸਿੰਘ ਦੀਪ ਸਿੰਘ ਵਾਲਾ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ ਅਤੇ ਸਾਦਿਕ ਪੁਲੀਸ ਨੂੰ ਆਦੇਸ਼ ਦਿੱਤਾ ਹੈ ਕਿ ਇਨ੍ਹਾਂ ਨੂੰ ਗ੍ਰਿਫਤਾਰ ਕਰ ਕੇ 4 ਸਤੰਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।
ਸੂਚਨਾ ਅਨੁਸਾਰ 4 ਮਈ ਨੂੰ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਨੌਂ ਨਿਹਾਲ ਸਿੰਘ ਅਤੇ ਬਾਕੀ ਆਗੂਆਂ ਨੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਲੋਕ ਸਭਾ ਚੋਣਾਂ ਦੌਰਾਨ ਵਿਰੋਧ ਕੀਤਾ ਸੀ ਅਤੇ ਉਸ ਤੋਂ ਬਾਅਦ ਸਾਦਿਕ ਪੁਲੀਸ ਨੇ ਇਨ੍ਹਾਂ ਆਗੂਆਂ ਖ਼ਿਲਾਫ਼ 107, 151 ਦੀ ਕਾਰਵਾਈ ਕੀਤੀ ਸੀ। ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਨੌਂ ਨਿਹਾਲ ਸਿੰਘ ਨੇ ਸਬ-ਡਿਵੀਜ਼ਨਲ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਗਏ ਗ੍ਰਿਫ਼ਤਾਰੀ ਵਾਰੰਟਾਂ ਉੱਪਰ ਆਪਣੀ ਪ੍ਰਤਿਕਿਰਿਆ ਦਿੰਦਿਆਂ ਕਿਹਾ ਕਿ ਉਹ ਇਨ੍ਹਾਂ ਵਾਰੰਟਾਂ ਦੇ ਆਧਾਰ ’ਤੇ ਅਦਾਲਤ ਵਿੱਚ ਪੇਸ਼ ਨਹੀਂ ਹੋਣਗੇ।
ਨੌਜਵਾਨ ਭਾਰਤ ਸਭਾ ਦੇ ਆਗੂ ਮੰਗਾ ਸਿੰਘ ਆਜ਼ਾਦ ਨੇ ਕਿਹਾ ਕਿ ਅਸਲ ਵਿੱਚ ਕਿਰਤੀ ਕਿਸਾਨੀ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਇਲਾਕੇ ਵਿੱਚ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਵਾਉਣ ਲਈ ਪਿਛਲੇ ਦਿਨੀਂ ਸਰਗਰਮ ਹੋਏ ਸੀ ਅਤੇ ਉਸ ਤੋਂ ਬਾਅਦ ਫਰੀਦਕੋਟ ਪੁਲੀਸ ਨੇ 77 ਕਿਲੋ ਹੈਰੋਇਨ ਦੇ ਮੁਲਜ਼ਮ ਗੁਲਾਬ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਨ੍ਹਾਂ ਤਸਕਰਾਂ ਨੇ ਨੌਂ ਨਿਹਾਲ ਸਿੰਘ ਨੂੰ ਮਾਰਨ ਦੀ ਧਮਕੀ ਵੀ ਦਿੱਤੀ ਸੀ।
ਮੰਗਾ ਸਿੰਘ ਆਜ਼ਾਦ, ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਨਿਰਭੈ ਸਿੰਘ ਢੁੱਡੀ ਕੇ ਅਤੇ ਨੌਂ ਨਿਹਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਭਾਜਪਾ ਦੇ ਉਮੀਦਵਾਰਾਂ ਦੇ ਵਿਰੋਧ ਤੋਂ ਇਲਾਵਾ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਵਿੱਢੀ ਹੋਈ ਹੈ ਅਤੇ ਇਸੇ ਰੰਜਿਸ਼ ਕਰਕੇ ਉਨ੍ਹਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਇਨ੍ਹਾਂ ਆਗੂਆਂ ਐਲਾਨ ਕੀਤਾ ਕਿ ਉਹ ਗ੍ਰਿਫ਼ਤਾਰੀ ਵਾਰੰਟਾਂ ਦਾ ਜਨਤਕ ਪੱਧਰ ’ਤੇ ਵਿਰੋਧ ਕਰਨਗੇ ਅਤੇ ਅਦਾਲਤ ਵਿੱਚ ਪੇਸ਼ ਨਹੀਂ ਹੋਣਗੇ। ਐੱਸਡੀਐੱਮ ਨੇ ਸਾਦਿਕ ਦੇ ਐੱਸਐੱਚਓ ਨੂੰ ਵਾਰੰਟ ਜਾਰੀ ਕਰਕੇ ਦੋਵਾਂ ਆਗੂਆਂ ਨੂੰ ਗ੍ਰਿਫਤਾਰ ਕਰਨ ਦਾ ਹੁਕਮ ਦਿੱਤਾ ਸੀ ਜਿਸ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਮੈਜਿਸਟਰੇਟ ਨੇ ਉਸ ਨੂੰ ਚਾਰ ਸਤੰਬਰ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਹੁਕਮ ਜਾਰੀ ਕੀਤੇ ਹਨ।

Advertisement

Advertisement
Advertisement
Author Image

Advertisement