ਕਿਸਾਨ ਜਥੇਬੰਦੀਆਂ ਵੱਲੋਂ ਆਰਡੀਨੈਂਸਾਂ ਵਿਰੁੱਧ ਅਰਥੀ ਫੂਕ ਮੁਜ਼ਾਹਰੇ
ਪੱਤਰ ਪ੍ਰੇਰਕ
ਫਤਹਿਗੜ੍ਹ ਚੂੜੀਆਂ, 26 ਜੁਲਾਈ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਫਤਿਹਗੜ੍ਹ ਚੂੜੀਆਂ ਵੱਲੋਂ ਪਿੰਡ ਚਿਤੋੜਗੜ੍ਹ ਵਿਖੇ ਲਖਵਿੰਦਰ ਸਿੰਘ ਮੰਜਿਆਂਵਾਲੀ ਅਤੇ ਹਰਜਿੰਦਰ ਸਿੰਘ ਲਾਲਵਾਲਾ ਦੀ ਅਗਵਾਈ ਹੇਠ ਕਿਸਾਨ ਮਾਰੂ ਆਰਡੀਨੈਂਸ ਵਿਰੁੱਧ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਤਿੰਨ ਕਿਸਾਨ ਮਾਰੂ ਆਰਡੀਨੈਂਸ ਜਾਰੀ ਕਰਕੇ ਕਿਸਾਨੀ ਕਿੱਤੇ ਨੂੰ ਖਤਮ ਕਰਨ ਦੀ ਸਾਜਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਆਰਡੀਨੈਂਸ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ, ਦੁਕਾਨਦਾਰਾਂ ਅਤੇ ਟਰੱਕ ਮਾਲਕਾਂ ਨੂੰ ਉਜਾੜ ਦੇਣਗੇ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 27 ਜੁਲਾਈ ਨੂੰ ਨਿਰਮਲ ਸਿੰਘ ਕਾਹਲੋਂ ਦੀ ਰਿਹਾਇਸ ਦਾ ਘਿਰਾਓ ਕੀਤਾ ਜਾਵੇਗਾ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਮੌਕੇ ਦਲਜੀਤ ਸਿੰਘ ਚਿਤੌੜਗੜ੍ਹ, ਹਰਦੀਪ ਸਿੰਘ, ਸੁਖਦੇਵ ਸਿੰਘ ਉਦੋਂਵਾਲੀ , ਕੇਵਲ ਸਿੰਘ ਠੱਠਾ, ਸਾਹਿਬ ਸਿੰਘ, ਅਤੇ ਸਵਰਨ ਸਿੰਘ ਆਦਿ ਹਾਜ਼ਰ ਸਨ।
ਤਲਵਾੜਾ(ਪੱਤਰ ਪ੍ਰੇਰਕ):ਅੱਜ ਇੱਥੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਖੇਤੀ ਆਰਡੀਨੈੱਸਾਂ ਖ਼ਿਲਾਫ਼ ਭਲਕੇ ਕੀਤੇ ਜਾਣ ਵਾਲੇ ਸੂਬਾ ਪੱਧਰੀ ਅੰਦੋਲਨ ਦੀ ਤਿਆਰੀ ਵਜੋਂ ਹਾਜੀਪੁਰ ਤੇ ਮੁਕੇਰੀਆਂ ਦੇ ਵੱਖ-ਵੱਖ ਪਿੰਡਾਂ ’ਚ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ। ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਸਾਥੀ ਸਵਰਨ ਸਿੰਘ ਤੇ ਤਰਲੋਕ ਸਿੰਘ ਦੀ ਅਗਵਾਈ ’ਚ ਕਿਸਾਨਾਂ ਨੇ ਪਿੰਡ ਟੋਟੇ ਤੇ ਖੁੰਡਾ ਕੁੱਲੀਆਂ ਵਿਖੇ ਮੋਦੀ ਸਰਕਾਰ ਦੇ ਪੁੱਤਲੇ ਫ਼ੂਕ ਪ੍ਰਰਦਰਸ਼ਨ ਕੀਤੇ । ਪਿੰਡ ਟੋਟੇ ’ਚ ਸਾਥੀ ਸਵਰਨ ਸਿੰਘ ਤੇ ਖਣਨ ਰੋਕੋ ਜ਼ਮੀਨ ਬਚਾਓ ਸੰਘਰਸ਼ ਕਮੇਟੀ ਦੇ ਆਗੂ ਧਰਮਿੰਦਰ ਸਿੰਘ ਨੇ ਸੰਬੋਧਨ ਕੀਤਾ।ਹੋਰਨਾਂ ਤੋਂ ਇਲਾਵਾ ਇਸ ਮੌਕੇ ਸਾਥੀ ਸ਼ਾਮ ਸਿੰਘ, ਸਾਥੀ ਕਿਹਰ ਸਿੰਘ, ਸਰਪੰਚ ਸ਼ੀਲਾ ਦੇਵੀ ਟੋਟੇ, ਜਸਵੀਰ ਸਿੰਘ ਟੋਟੇ, ਸਾਥੀ ਸ਼ਮਸ਼ੇਰ ਸਿੰਘ ਫੌਜੀ, ਸਾਥੀ ਤਰਸੇਮ ਸਿੰਘ, ਪਵਨ ਕੁਮਾਰ ਟੋਟੇ ਆਦਿ ਹਾਜ਼ਰ ਸਨ।
ਰਈਆ (ਪੱਤਰ ਪ੍ਰੇਰਕ) : ਕਿਸਾਨ ਜਥੇਬੰਦੀਆਂ ਵੱਲੋਂ 27 ਜੁਲਾਈ ਨੂੰ ਸੂਬੇ ਭਰ ਅੰਦਰ ਕੀਤੇ ਜਾ ਰਹੇ ਟਰੈਕਟਰ ਮਾਰਚ ਦੀਆਂ ਤਿਆਰੀਆਂ ਲਈ ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿੰਡ ਥੋਥੀਆਂ ਅਤੇ ਸਰਜਾ ਵਿਖੇ ਪ੍ਰਕਾਸ਼ ਸਿੰਘ ਥੋਥੀਆਂ ਅਤੇ ਯੁੱਧਵੀਰ ਸਿੰਘ ਸਰਜਾ ਦੀ ਪ੍ਰਧਾਨਗੀ ਹੇਠ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੀਟਿੰਗਾਂ ਕੀਤੀਆਂ। ਕਿਸਾਨਾਂ ਦੇ 27 ਜੁਲਾਈ ਵਾਲੇ ਟਰੈਕਟਰ ਮਾਰਚ ਦੀ ਹਮਾਇਤ ਕੀਤੀ ਅਤੇ ਇਸ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ।
ਕਿਸਾਨ ਜਥੇਬੰਦੀਆਂ ਵੱਲੋਂ ਟਰੈਕਟਰ ਮਾਰਚ ਅੱਜ
ਗੁਰਦਾਸਪੁਰ, (ਪੱਤਰ ਪ੍ਰੇਰਕ): ਕਿਸਾਨਾਂ ਦਾ ਸਮੁੱਚਾ ਕਰਜ਼ ਮੁਆਫ਼ ਕਰਨ ਅਤੇ ਡਾ.ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਖੇਤੀ ਜਿਣਸਾਂ ਦੇ ਭਾਅ ਦੇਣ ਦੇ ਵਾਅਦੇ ਤੋਂ ਮੁੱਕਰ ਕੇ ਕੇਂਦਰ ਦੀ ਭਾਜਪਾ-ਅਕਾਲੀ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੀ ਆੜ ਹੇਠ ਪਾਸ ਕੀਤੇ ਤਿੰਨ ਖੇਤੀ ਆਰਡੀਨੈਂਸ ਅਤੇ ਬਿਜਲੀ ਸੋਧ ਬਿੱਲ 2020 ਦੇ ਵਿਰੋਧ ਵਿੱਚ ਪੰਜਾਬ ਦੀਆਂ 13 ਕਿਸਾਨ ਜਥੇਬੰਦੀਆਂ ਵੱਲੋਂ 27 ਜੁਲਾਈ ਨੂੰ ਕੀਤੇ ਜਾ ਰਹੇ ਟਰੈਕਟਰ ਮਾਰਚ ਦੀ ਤਿਆਰੀ ਲਈ ਪਿੰਡ ਸੁਲਤਾਨੀ, ਕਠਿਆਲੀ, ਚਿੱਟੀ ਅਤੇ ਟਾਂਡਾ ਸਮੇਤ ਨਾਲ ਲੱਗਦੇ ਪਿੰਡਾਂ ਅੰਦਰ ਕਿਸਾਨਾਂ ਦੀ ਲਾਮਬੰਦੀ ਲਈ ਮੀਟਿੰਗਾਂ ਤੇ ਰੈਲੀਆਂ ਕਰਕੇ ਲਾਮਬੰਦੀ ਕੀਤੀ ਗਈ।
ਕਿਸਾਨ ਆਗੂ ਨੂੰ ਗ੍ਰਿਫ਼ਤਾਰੀ ਵਿਰੁੱਧ ਮੁਜ਼ਾਹਰਾ
ਜਲੰਧਰ, (ਪਾਲ ਸਿੰਘ ਨੌਲੀ): ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਕਿਸਾਨ ਵਿਰੋਧੀ ਤਿੰਨ ਆਰਡੀਨੈੱਸ ਦੇ ਵਿਰੋਧ ਵਿੱਚ ਕੱਲ੍ਹ ਕੇਂਦਰ ਸਰਕਾਰ ਤੇ ਉਸ ਦੀ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦੇ ਘਰ ਅੱਗੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਲਈ ਕਿਰਤੀ ਕਿਸਾਨ ਯੂਨੀਅਨ ਵੱਲੋਂ ਕੱਢੇ ਜਾ ਰਹੇ ਢੋਲ ਮੁਜ਼ਾਹਰੇ ਵਿੱਚ ਸ਼ਾਮਲ ਹੋਣ ਜਾ ਰਹੇ ਕਿਸਾਨ ਆਗੂ ਅਵਤਾਰ ਸਿੰਘ ਪੰਚ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾਂ ਆਗੂ ਮੱਖਣ ਸਿੰਘ ਕੰਦੋਲਾ ਅਤੇ ਰਾਜਿੰਦਰ ਸਿੰਘ ਦੀ ਅਗਵਾਈ ਹੇਠ ਮਹਿਤਪੁਰ ਥਾਣੇ ਅੱਗੇ ਕਿਸਾਨ ਜਥੇ ਨੇ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਕਿਸਾਨਾਂ ਨੇ ਆਪਣਾ ਢੋਲ ਮੁਜ਼ਾਹਰਾ ਵੱਖ ਵੱਖ ਪਿੰਡਾਂ ਵਿੱਚ ਜਾਰੀ ਰੱਖਿਆ।