ਅਰੁੰਧਤੀ ਤੇ ਪ੍ਰੋ. ਸ਼ੇਖ ਸ਼ੌਕਤ ਖ਼ਿਲਾਫ਼ ਮੁਕੱਦਮਾ ਚਲਾਉਣ ’ਤੇ ਮੁਜ਼ਾਹਰੇ
ਜੋਗਿੰਦਰ ਸਿੰਘ ਮਾਨ
ਮਾਨਸਾ, 20 ਜੂਨ
ਲੇਖਕਾ ਅਰੁੰਧਤੀ ਰੌਏ ਅਤੇ ਪ੍ਰੋ. ਸ਼ੇਖ ਸ਼ੌਕਤ ਹੁਸੈਨ ਵਿਰੁੱਧ ਯੂਏਪੀਏ ਤਹਿਤ ਕੇਸ ਚਲਾਉਣ ਦੇ ਹੁਕਮਾਂ ਖ਼ਿਲਾਫ਼ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਮੂਹ ਕੈਦੀਆਂ ਦੀ ਤੁਰੰਤ ਰਿਹਾਈ ਦੀ ਮੰਗ ਕਰਦਿਆਂ ਅੱਜ ਮਾਨਸਾ ਵਿਖੇ ਸੀਪੀਆਈ (ਐਮ.ਐਲ) ਲਿਬਰੇਸ਼ਨ, ਸੀਪੀਆਈ, ਇਨਕਲਾਬੀ ਕੇਂਦਰ ਪੰਜਾਬ ਅਤੇ ਜਨਤਕ ਸਿਆਸੀ ਜਥੇਬੰਦੀਆਂ ਵੱਲੋਂ ਰੋਸ ਰੈਲੀ ਕੀਤੀ ਗਈ। ਜਥੇਬੰਦਕ ਆਗੂਆਂ ਵੱਲੋਂ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਭੇਜਿਆ ਗਿਆ। ਸੀਪੀਆਈ (ਐਮ.ਐਲ) ਲਿਬਰੇਸ਼ਨ ਆਗੂ ਸੁਰਿੰਦਰਪਾਲ ਸ਼ਰਮਾ ਨੇ ਦੱਸਿਆ ਕਿ ਵਿਸ਼ਵ ਪ੍ਰਸਿੱਧ ਲੇਖਕਾ ਤੇ ਸਮਾਜਿਕ ਕਾਰਕੁਨ ਅਰੁੰਧਤੀ ਰੌਏ ਅਤੇ ਕਸ਼ਮੀਰ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਸ਼ੇਖ ਸ਼ੌਕਤ ਹੁਸੈਨ ਵਿਰੁੱਧ ਉਨ੍ਹਾਂ ਵੱਲੋਂ 14 ਸਾਲ ਪਹਿਲਾਂ ਦਿੱਲੀ ਵਿੱਚ ਕਸ਼ਮੀਰ ਬਾਰੇ ਹੋਏ ਇਕ ਸੈਮੀਨਾਰ ਵਿਚ ਕੀਤੇ ਭਾਸ਼ਣਾਂ ਬਦਲੇ ਹੁਣ ਦਿੱਲੀ ਦੇ ਲੈਫਟੀਨੈਂਟ ਗਵਰਨਰ ਵੱਲੋਂ ਯੂਏਪੀਏ ਲਾਉਣ ਦਾ ਜੋ ਹੁਕਮ ਦਿੱਤਾ ਗਿਆ ਹੈ, ਅੱਜ ਦੇ ਰੋਸ ਵਿਖਾਵੇ ਰਾਹੀਂ ਉਸ ਦੀ ਸਖ਼ਤ ਨਿਖੇਧੀ ਕਰਦਿਆਂ ਇਹ ਹੁਕਮ ਵਾਪਸ ਲੈਣ ਦੀ ਮੰਗ ਕੀਤੀ ਗਈ। ਬੁਲਾਰਿਆਂ ਵੱਲੋਂ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਯੂਏਪੀਏ ਦੀ ਮਿਆਦ ਇਕ ਸਾਲ ਦਾ ਵਾਧਾ ਕਰਨ ਦੇ ਕੇਂਦਰ ਦੇ ਫੈਸਲੇ ਦਾ ਵੀ ਸਖ਼ਤ ਵਿਰੋਧ ਕੀਤਾ ਗਿਆ।
ਬਰਨਾਲਾ (ਪਰਸ਼ੋਤਮ ਬੱਲੀ): ਇਸੇ ਦੌਰਾਨ ਬਰਨਾਲਾ ਵਿਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ), ਸੀਪੀਆਈ (ਐੱਮਐੱਲ) ਨਿਊ ਡੈਮੋਕ੍ਰੇਸੀ ਅਤੇ ਸੀਪੀਆਈ (ਐੱਮਐੱਲ) ਲਿਬਰੇਸ਼ਨ ਦੇ ਸਾਂਝੇ ਵਫ਼ਦ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਰਾਹੀ ਭਾਰਤ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ। ਵਫਦ ’ਚ ਆਰਐੱਮਪੀਆਈ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੁੱਕੂ, ਲਿਬਰੇਸ਼ਨ ਦੇ ਸੂਬਾਈ ਆਗੂ ਗੁਰਪ੍ਰੀਤ ਰੂੜੇਕੇ, ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਭੋਲਾ ਸਿੰਘ ਕਲਾਲਮਾਜਰਾ ਤੇ ਇਕਬਾਲ ਕੌਰ ਉਦਾਸੀ ਸ਼ਾਮਲ ਸਨ।