ਅਰਵਿੰਦ ਕੇਜਰੀਵਾਲ ਹੀ ਚਲਾ ਰਹੇ ਨੇ ਦਿੱਲੀ ਦੀ ਸਰਕਾਰ: ਭਾਜਪਾ
ਮਨਧੀਰ ਸਿੰਘ ਦਿਓਲ/ਪੀਟੀਆਈ
ਨਵੀਂ ਦਿੱਲੀ 6 ਅਕਤੂਬਰ
ਭਾਜਪਾ ਦਿੱਲੀ ਇਕਾਈ ਦੇ ਆਗੂਆਂ ਨੇ ਅੱਜ ਬੁਰਾੜੀ ਵਿੱਚ ‘ਧੰਨਵਾਦ ਮੋਦੀ ਜੀ’ ਰੈਲੀ ’ਚ ਸ਼ਹਿਰ ਦੇ ਕੁਝ ਖੇਤਰਾਂ ਵਿਚ ਜਾਇਦਾਦਾਂ ਦੀ ਰਜਿਸਟ੍ਰੇਸ਼ਨ ਮੁੜ ਸ਼ੁਰੂ ਕਰਨ ਅਤੇ ਬਿਜਲੀ ਕੁਨੈਕਸ਼ਨਾਂ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ ਦੀ ਸ਼ਰਤ ਖ਼ਤਮ ਕਰਨ ’ਤੇ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਕਿਹਾ ਕਿ ਇਹ ਪਿੰਡਾਂ ਅਤੇ ਅਣ-ਅਧਿਕਾਰਤ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਲਈ ਦੀਵਾਲੀ ਦਾ ਤੋਹਫ਼ਾ ਹੈ। ਉੱਤਰ-ਪੂਰਬੀ ਦਿੱਲੀ ਦੇ ਬੁਰਾੜੀ ਦੇ ਮੁਕੰਦਪੁਰ ਚੌਕ ’ਚ ਰੈਲੀ ਨੂੰ ਪਾਰਟੀ ਦੇ ਸੰਸਦ ਮੈਂਬਰ ਮਨੋਜ ਤਿਵਾੜੀ, ਰਾਮਵੀਰ ਸਿੰਘ ਬਿਧੂੜੀ, ਯੋਗੇਂਦਰ ਚੰਦੋਲੀਆ, ਪ੍ਰਵੀਨ ਖੰਡੇਲਵਾਲ ਅਤੇ ਬਾਂਸੁਰੀ ਸਵਰਾਜ ਸਮੇਤ ਪ੍ਰਦੇਸ਼ ਭਾਜਪਾ ਦੇ ਚੋਟੀ ਦੇ ਆਗੂਆਂ ਨੇ ਸੰਬੋਧਨ ਕੀਤਾ। ਇਸ ਮੌਕੇ ਸਚਦੇਵਾ ਨੇ ਆਮ ਆਦਮੀ ਪਾਰਟੀ (ਆਪ) ਅਤੇ ਇਸ ਦੇ ਮੁਖੀ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਸੇਧਦੇ ਹੋਏ ਦੋਸ਼ ਲਾਇਆ ਕਿ ਦਿੱਲੀ ’ਚ ਪਾਰਟੀ ਦੇ 10 ਸਾਲਾਂ ਦੇ ਸ਼ਾਸਨ ਦੌਰਾਨ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਹੋਇਆ ਹੈ। ਦਿੱਲੀ ਭਾਜਪਾ ਪ੍ਰਧਾਨ ਨੇ ਕਿਹਾ ਕਿ ਅਸਿੱਧੇ ਢੰਗ ਨਾਲ ਦਿੱਲੀ ਸਰਕਾਰ ਕੇਜਰੀਵਾਲ ਹੀ ਚਲਾ ਰਹੇ ਹਨ। ਦਿੱਲੀ ਦਾ ਇੱਕ ਵੀ ਮਹਿਕਮਾ ਅਜਿਹਾ ਨਹੀਂ ਜਿਸ ਵਿੱਚ ਉਨ੍ਹਾਂ ਨੇ ਕਥਿਤ ਲੁੱਟ ਨਾ ਕੀਤੀ ਹੋਵੇ। ਬੱਸ ਮਾਰਸ਼ਲਾਂ ਦੀ ਲੜਾਈ ਜਿੱਤਣ ਤੋਂ ਬਾਅਦ ਹੁਣ ਭਾਜਪਾ ਹੋਮ ਗਾਰਡਾਂ ਦੀ ਲੜਾਈ ਵੀ ਲੜੇਗੀ ਕਿਉਂਕਿ ਕੇਜਰੀਵਾਲ ਨੇ 4300 ਹੋਮਗਾਰਡਾਂ ਨੂੰ ਬੇਰੁਜ਼ਗਾਰ ਕਰ ਦਿੱਤਾ ਹੈ। ਸਚਦੇਵਾ ਨੇ ਕਿਹਾ, ‘‘ਮੈਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਕਿਉਂਕਿ ਉਨ੍ਹਾਂ ਦੇ ਆਸ਼ੀਰਵਾਦ ਨਾਲ ਦਿੱਲੀ ਭਾਜਪਾ ਅਣ-ਅਧਿਕਾਰਤ ਕਲੋਨੀਆਂ ਦੀਆਂ ਦੋਵੇਂ ਸਮੱਸਿਆਵਾਂ ਨੂੰ ਹੱਲ ਕਰਨ ’ਚ ਸਫਲ ਰਹੀ ਹੈ। ‘ਆਪ’ ਦੀ ਸਰਕਾਰ ਅਜਿਹਾ ਨਹੀਂ ਹੋਣ ਦੇ ਰਹੀ ਸੀ।’’ ਉਨ੍ਹਾਂ ਕਿਹਾ ‘‘ਦਿੱਲੀ ਦੇ ਪਿੰਡਾਂ ਦੇ ਹਰ ਬਜ਼ੁਰਗ ਦੀ ਇਹ ਇੱਛਾ ਸੀ ਕਿ ਮੇਰੀ ਵਸੀਅਤ ਮੇਰੇ ਬੱਚਿਆਂ ਦੇ ਨਾਂ ਹੋਵੇ ਅਤੇ ਇਸ ਨੂੰ ਪੂਰਾ ਕਰਨ ਦਾ ਕੰਮ ਪ੍ਰਧਾਨ ਮੰਤਰੀ ਅਤੇ ਦਿੱਲੀ ਦੇ ਲੈਫਟੀਨੈਂਟ ਗਵਰਨਰ ਨੇ ਕੀਤਾ ਹੈ। ਇਸ ਲਈ ਪ੍ਰਧਾਨ ਮੰਤਰੀ ਅਤੇ ਦਿੱਲੀ ਦੇ ਲੈਫਟੀਨੈਂਟ ਗਵਰਨਰ ਦਾ ਧੰਨਵਾਦ ਕਰਨਾ ਚਾਹੀਦਾ ਹੈ ਜਿਨ੍ਹਾਂ ਨੇ ਦਿੱਲੀ ਦਿਹਾਤੀ ਦੇ ਲੋਕਾਂ ਦੀ ਗੱਲ ਸੁਣੀ।’’ ਉਨ੍ਹਾਂ ਕਿਹਾ ਕਿ ਦਿੱਲੀ ਵਿਕਾਸ ਅਥਾਰਟੀ (ਡੀਡੀਏ) ਤੋਂ ਅਣਅਧਿਕਾਰਤ ਕਲੋਨੀਆਂ ਵਿੱਚ ਬਿਜਲੀ ਕੁਨੈਕਸ਼ਨਾਂ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ ਮੰਗਿਆ ਗਿਆ ਸੀ, ਜਿਸ ਦੀ ਆੜ ਵਿੱਚ ‘ਆਪ’ ਵਿਧਾਇਕ ਕਥਿਤ ਤੌਰ ’ਤੇ ਲੋਕਾਂ ਨੂੰ 20-25 ਰੁਪਏ ਪ੍ਰਤੀ ਯੂਨਿਟ ਬਿਜਲੀ ਖਰੀਦਣ ਲਈ ਮਜਬੂਰ ਕਰਦੇ ਸਨ।
ਹੁਣ ਇਹ ਸ਼ਰਤ ਹਟਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕ ਅਣ-ਅਧਿਕਾਰਤ ਕਲੋਨੀਆਂ ਅਤੇ ਪਿੰਡਾਂ ਵਿੱਚ ਆਪਣੇ ਘਰ ਬਣਾ ਰਹੇ ਹਨ ਪਰ ਉਨ੍ਹਾਂ ਨੂੰ ਬਿਜਲੀ ਦੇ ਕੁਨੈਕਸ਼ਨ ਨਹੀਂ ਮਿਲ ਰਹੇ ਕਿਉਂਕਿ ਪੈਸੇ ਤੋਂ ਬਿਨਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਮੀਟਰ ਨਹੀਂ ਲੱਗਣ ਦੇ ਰਹੇ ਅਤੇ ਉਹ ਆਪਣਾ ਕਮਿਸ਼ਨ ਚਾਹੁੰਦੇ ਹਨ। ਬੁਰਾੜੀ ਵਿੱਚ 70 ਹਜ਼ਾਰ ਤੋਂ ਵੱਧ ਲੋਕ ਇਸ ਸਮੱਸਿਆ ਤੋਂ ਪ੍ਰੇਸ਼ਾਨ ਸਨ। ਬਾਂਸੁਰੀ ਸਵਰਾਜ ਨੇ ਕਿਹਾ ਕਿ ਅਗਲੇ ਸਾਲ ਫਰਵਰੀ ਵਿੱਚ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਜਿੱਤ ਦੀ ਨੀਂਹ ਰੱਖ ਰਹੀ ਹੈ।