Arvind Kejriwal: ਕੇਜਰੀਵਾਲ ਵੱਲੋਂ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨਾਲ ਮੁਲਾਕਾਤ
ਨਵੀਂ ਦਿੱਲੀ, 4 ਫਰਵਰੀ
Kejriwal meets EC, alleges voter intimidation by Delhi Police:‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨਾਲ ਅੱਜ ਚੋਣ ਕਮਿਸ਼ਨ (ਈਸੀ) ਨਾਲ ਮੁਲਾਕਾਤ ਕੀਤੀ ਅਤੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੌਮੀ ਰਾਜਧਾਨੀ ’ਚ ਪੁਲੀਸ ’ਤੇ ਵੋਟਰਾਂ ਨੂੰ ਧਮਕਾਉਣ ਦੇ ਦੋਸ਼ ਲਾਏ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਜਰੀਵਾਲ ਨੇ ਭਾਜਪਾ ਅਤੇ ਦਿੱਲੀ ਪੁਲੀਸ ’ਤੇ ਵੋਟਰਾਂ ਵਿੱਚ ਡਰ ਦਾ ਮਾਹੌਲ ਪੈਦਾ ਕਰਨ ਤੇ ਗੁੰਡਾਗਰਦੀ ਕਰਨ ਦਾ ਦੋਸ਼ ਲਗਾਇਆ।
ਸ੍ਰੀ ਕੇਜਰੀਵਾਲ ਨੇ ਕਿਹਾ, ‘ਅਸੀਂ ਚੋਣ ਕਮਿਸ਼ਨ ਨੂੰ ਦੱਸਿਆ ਕਿ ਕਿਵੇਂ ਵੋਟਰਾਂ ਨੂੰ ਡਰਾਉਣ ਲਈ ਦਿੱਲੀ ਪੁਲੀਸ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਬਹੁਤ ਸਾਰੇ ਲੋਕ ਡਰੇ ਹੋਏ ਹਨ ਅਤੇ ਇਹ ਸੰਭਵ ਹੈ ਕਿ ਉਹ ਡਰ ਕਾਰਨ ਵੋਟ ਪਾਉਣ ਲਈ ਬਾਹਰ ਨਾ ਆਉਣ।’ ਸਾਬਕਾ ਮੁੱਖ ਮੰਤਰੀ ਨੇ ਇਹ ਵੀ ਦੋਸ਼ ਲਾਇਆ ਕਿ ਵੋਟਰਾਂ (ਖਾਸ ਕਰ ਝੁੱਗੀ ਝੌਂਪੜੀਆਂ ਵਾਲਿਆਂ) ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਤਰ੍ਹਾਂ ਦੀਆਂ ਰਿਪੋਰਟਾਂ ਹਨ ਕਿ ਲੋਕਾਂ ਦੀਆਂ ਉਂਗਲਾਂ ’ਤੇ ਕਾਲੀ ਸਿਆਹੀ ਲਾਈ ਜਾ ਰਹੀ ਹੈ ਤਾਂ ਕਿ ਉਨ੍ਹਾਂ ਨੂੰ ਵੋਟ ਪਾਉਣ ਤੋਂ ਵਾਂਝਾ ਕੀਤਾ ਜਾ ਸਕੇ। ਇਸ ਵੇਲੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਪੈਸੇ ਦਿੱਤੇ ਜਾ ਰਹੇ ਹਨ ਅਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਹ ਸਾਰੀਆਂ ਗੱਲਾਂ ਉਨ੍ਹਾਂ ਚੋਣ ਕਮਿਸ਼ਨ ਨੂੰ ਦੱਸੀਆਂ ਹਨ।
ਉਨ੍ਹਾਂ ਨੇ ਚੋਣ ਕਮਿਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਧਿਕਾਰੀਆਂ ਨੇ ਉਨ੍ਹਾਂ ਨੂੰ ਆਜ਼ਾਦ ਅਤੇ ਨਿਰਪੱਖ ਚੋਣਾਂ ਦਾ ਭਰੋਸਾ ਦਿੱਤਾ ਹੈ ਕਿ ਉਹ ਅਜਿਹੇ ਕਿਸੇ ਵੀ ਗਲਤ ਕੰਮ ਨੂੰ ਰੋਕਣ ਲਈ ਜ਼ਰੂਰੀ ਕਦਮ ਚੁੱਕਣਗੇ ।ਜ਼ਿਕਰਯੋਗ ਹੈ ਕਿ ਦਿੱਲੀ ਵਿੱਚ ਭਲਕ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ।
ਮੁੱਖ ਮੰਤਰੀ ਆਤਿਸ਼ੀ ਨੇ ਭਾਜਪਾ ’ਤੇ ਵੋਟਰਾਂ ਨਾਲ ਜ਼ੋਰ ਜ਼ਬਰਦਸਤੀ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਚੋਣ ਕਮਿਸ਼ਨ ਅਤੇ ਦਿੱਲੀ ਪੁਲੀਸ ‘ਆਪ’ ਆਗੂਆਂ ਅਤੇ ਮੈਂਬਰਾਂ ਨੂੰ ਨਿਸ਼ਾਨਾ ਬਣਾ ਰਹੇ ਹਨ ਜਦਕਿ ਭਗਵਾਂ ਪਾਰਟੀ ਦੇ ਵਰਕਰਾਂ ਨੂੰ ਬਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਇਸ ਵਰਤਾਰੇ ਦਾ ਵੋਟ ਨਾਲ ਜਵਾਬ ਦੇਣਗੇ।