ਆਸ਼ਾ ਵਰਕਰਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ
ਗੁਰਨੇਕ ਸਿੰਘ ਵਿਰਦੀ
ਕਰਤਾਰਪੁਰ, 4 ਅਕਤੂਬਰ
ਡੈਮੋਕ੍ਰੈਟਿਕ ਆਸ਼ਾ ਵਰਕਰ ਯੂਨੀਅਨ ਵੱਲੋਂ ਸੂਬਾ ਸਰਕਾਰ ਦੀ ਵਾਅਦਾ-ਖ਼ਿਲਾਫ਼ੀ ਵਿਰੁੱਧ ਕਰਤਾਰਪੁਰ ਵਿੱਚ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਮੁਜ਼ਾਹਰਾ ਕੀਤਾ ਗਿਆ।
ਇਸ ਮੌਕੇ ਡੀਐੱਮਐੱਫ ਦੀ ਜ਼ਿਲ੍ਹਾ ਪ੍ਰਧਾਨ ਹਰਿੰਦਰ ਦੁਸਾਂਝ, ਸੂਬਾਈ ਪ੍ਰਧਾਨ ਮਨਦੀਪ ਕੌਰ ਬਿਲਗਾ, ਗੁਰਜੀਤ ਕੌਰ, ਬਲਾਕ ਪ੍ਰਧਾਨ ਮਨਜੀਤ ਕੌਰ ਨੇ ਕਿਹਾ ਕਿ ਜ਼ਿਮਨੀ ਚੋਣਾਂ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਆਸ਼ਾ ਵਰਕਰਾਂ ਦੀ ਸੇਵਾਮੁਕਤੀ ਦੀ ਉਮਰ 62 ਸਾਲ ਕਰਨ ਭੱਤੇ ਬਹਾਲ ਕਰਨ ਅਤੇ ਉਨ੍ਹਾਂ ਵਿੱਚ ਵਾਧਾ ਕਰਨ ਅਤੇ ਪੰਜ ਲੱਖ ਦਾ ਮੁਫ਼ਤ ਬੀਮਾ ਕਰਨ ਦਾ ਵਾਅਦਾ ਕੀਤਾ ਸੀ ਜੋ ਕਿ ਹਾਲੇ ਤੱਕ ਲਾਗੂ ਨਹੀਂ ਕਰਵਾਇਆ ਕੀਤਾ। ਇਸ ਦੇ ਰੋਸ ਵਜੋਂ ਨਗਰ ਕੌਂਸਲ ਕਰਤਾਰਪੁਰ ਦੇ ਗੇਟ ਅੱਗੇ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ।
ਮਹਿਲਾ ਆਗੂਆਂ ਨੇ ਸੂਬਾ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਵਾਅਦੇ ਪੂਰੇ ਕਰਨ ਲਈ ਹਾਲੇ ਤੱਕ ਕੋਈ ਪੱਤਰ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਸੂਬਾ ਸਰਕਾਰ ’ਤੇ ਦੋਸ਼ ਲਗਾਇਆ ਕਿ ਉਹ ਝੂਠੇ ਲਾਰੇ ਲਗਾ ਕੇ ਸਮਾਂ ਲੰਘਾ ਰਹੀ ਹੈ।
ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ’ਤੇ ਤੁਰੰਤ ਵਿਚਾਰ ਨਾ ਕੀਤਾ ਗਿਆ ਤਾਂ ਸੂਬਾ ਸਰਕਾਰ ਵਿਰੁੱਧ ਰੈਲੀਆਂ ਕਰ ਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਮੌਕੇ ਆਗੂਆਂ ਨੇ ਸਮੂਹ ਆਸ਼ਾ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 28 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਵਿਰੁੱਧ ਕੀਤੀ ਜਾਣ ਵਾਲੇ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕਰਨਾ ਯਕੀਨੀ ਬਣਾਉਣ ਅਤੇ ਵਰਕਰਾਂ ਨੂੰ ਲਾਮਬੰਦ ਕਰਨ ਲਈ ਮੀਟਿੰਗਾਂ ਕੀਤੀਆਂ ਜਾਣਗੀਆਂ।