ਆਸ਼ਾ ਵਰਕਰਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ
ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 10 ਅਕਤੂਬਰ
ਡੈਮੋਕ੍ਰੈਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਨੇ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨਾਲ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਵਾਅਦਾਖ਼ਿਲਾਫ਼ੀ ਵਿਰੁੱਧ ਅੱਜ ਸਿਵਲ ਸਰਜਨ ਦਫ਼ਤਰ ਅੰਮ੍ਰਿਤਸਰ ਵਿੱਚ ਰੈਲੀ ਕੀਤੀ ਗਈ ਅਤੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ। ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਸਰਬਜੀਤ ਕੌਰ ਛੱਜਲਵੱਡੀ ਤੇ ਜਸਬੀਰ ਕੌਰ ਤਰਸਿੱਕਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਥੇਬੰਦੀ ਨਾਲ ਮੀਟਿੰਗ ਕਰਕੇ ਵਰਕਰਾਂ ਦੀ ਸੇਵਾ ਮੁਕਤੀ ਉਮਰ ਹੱਦ 58 ਤੋਂ 62 ਸਾਲ ਕਰਨ, ਕੱਟੇ ਭੱਤੇ ਬਹਾਲ ਕਰਨ, ਫੈਸਿਲੀਟੇਟਰਾਂ ਦੇ ਮਾਣ ਭੱਤੇ ਵਿੱਚ ਵਾਧਾ ਕਰਨ, 5 ਲੱਖ ਦਾ ਮੁਫ਼ਤ ਬੀਮਾ ਕਰਨ ਆਦਿ ਮੰਗਾਂ ਮੰਨਣ ਤੋਂ ਬਾਅਦ ਵੀ ਲਾਗੂ ਨਹੀਂ ਕੀਤੀਆਂ ਗਈਆਂ, ਜਿਸ ਕਾਰਨ ਇਸ ਵਾਅਦਾਖਿਲਾਫੀ ਦੇ ਵਿਰੋਧ ਵਜੋਂ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਵਰਕਰਾਂ ਨੇ ਸਿਵਲ ਸਰਜਨ ਦਫ਼ਤਰ ਸਾਹਮਣੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਮੁਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ।
ਅਰਸ਼ ਲੋਪੋਕੇ, ਸਪਨਾ ਵੇਰਕਾ ਅਤੇ ਗੁਰਵਿੰਦਰ ਕੌਰ ਰਮਦਾਸ ਨੇ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਪੰਜਾਬ ਭਰ ਦੀਆਂ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਵੱਲੋਂ ਜ਼ਿਮਨੀ ਚੋਣਾਂ ਦੌਰਾਨ ਬਰਨਾਲਾ, ਗਿੱਦੜਬਾਹਾ, ਚੱਬੇਵਾਲ ਤੇ ਡੇਰਾ ਬਾਬਾ ਨਾਨਕ ਵਿਖੇ ਵੱਡੀਆਂ ਰੈਲੀਆ ਕਰਕੇ ਪੰਜਾਬ ਸਰਕਾਰ ਦਾ ਚਿਹਰਾ ਨੰਗਾ ਕੀਤਾ ਜਾਵੇਗਾ। ਇਸ ਮੌਕੇ ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਛੱਜਲਵੱਡੀ ਨੇ ਵੀ ਸੰਬੋਧਨ ਕੀਤਾ।