ਆਸ਼ਾ ਵਰਕਰਾਂ ਨੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਸਿਰਸਾ ਦੇ ਮਿੰਨੀ ਸਕੱਤਰੇਤ ਦੇ ਬਾਹਰ ਦਿੱਤਾ ਧਰਨਾ
ਪ੍ਰਭੂ ਦਿਆਲ
ਸਿਰਸਾ, 8 ਅਗਸਤ
ਆਸ਼ਾ ਵਰਕਰਜ਼ ਯੂਨੀਅਨ ਦੇ ਬੈਨਰ ਹੇਠ ਆਸ਼ਾ ਵਰਕਰਾਂ ਨੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਇਥੇ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦਿੱਤਾ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨਾਕਾਰੀਆਂ ਨੇ ਮੰਗਾਂ ਪੂਰੀਆਂ ਨਾ ਹੋਣ ’ਤੇ ਆਪਣੇ ਅੰਦੋਲਨ ਨੂੰ ਹੋਰ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ।
ਮਿੰਨੀ ਸਕੱਤਰੇਤ ਦੇ ਬਾਹਰ ਧਰਨੇ ’ਤੇ ਬੈਠੀਆਂ ਆਸ਼ਾ ਵਰਕਰਾਂ ਨੂੰ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਦਰਸ਼ਨੀ ਰਾਣੀ ਤੇ ਜ਼ਿਲ੍ਹਾ ਸਕੱਤਰ ਪਿੰਕੀ ਰਾਣੀ ਨੇ ਕਿਹਾ ਕਿ ਆਸ਼ਾ ਵਰਕਰ ਆਪਣੀਆਂ ਮੰਗਾਂ ਨੂੰ ਲੈ ਕੇ ਲੰਘੇ ਸਮੇਂ ਤੋਂ ਸੰਘਰਸ਼ ਕਰ ਰਹੀਆਂ ਹਨ ਪਰ ਸਰਕਾਰ ਦੇ ਕੰਨਾਂ ’ਤੇ ਕੋਈ ਜੂੰ ਨਹੀਂ ਸਰਕ ਰਹੀ। ਮੰਗਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਆਸ਼ਾ ਵਰਕਰਾਂ ਨੂੰ ਸਰਕਾਰੀ ਕਰਮਚਾਰੀ ਦਾ ਦਰਜਾ ਦਿੱਤਾ ਜਾਏ, ਜਦੋਂ ਤੱਕ ਇਹ ਪ੍ਰਕਿਰਿਆ ਪੂਰੀ ਨਹੀਂ ਹੁੰਦੀ, ਉਦੋਂ ਤੱਕ ਆਸ਼ਾ ਵਰਕਰਾਂ ਨੂੰ ਘਟੋ ਘੱਟ 26 ਹਜ਼ਾਰ ਰੁਪਏ ਤਨਖਾਹ ਦਿੱਤੀ ਜਾਏ। ਆਸ਼ਾ ਵਰਕਰਾਂ ਨੂੰ ਸਿਹਤ ਸੁਵਿਧਾਵਾਂ ਦਿੱਤੀਆਂ ਜਾਣ ਅਤੇ ਪੀਐਫ ਕੱਟਣ ਸਮੇਤ ਸਾਲ 2018 ਦੀਆਂ ਲਟਕਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕੀਤਾ ਜਾਏ। ਉਨ੍ਹਾਂ ਨੇ ਕਿਹਾ ਕਿ ਸਰਕਾਰ ਆਸ਼ਾ ਵਰਕਰਾਂ ਦੀਆਂ ਮੰਗਾਂ ਨੂੰ ਤਾਂ ਅਣਗੌਲਿਆਂ ਕਰ ਰਹੀ ਹੈ ਪਰ ਉਨ੍ਹਾਂ ’ਤੇ ਆਨਲਾਈਨ ਕੰਮ ਕਰਨ ਦਾ ਦਬਾਅ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜੇ ਸਰਕਾਰ ਆਸ਼ਾ ਵਰਕਰਾਂ ਦੀ ਤਨਖਾਹ ਨਹੀਂ ਵਧਾਉਂਦੀ ਤਾਂ ਉਹ ਆਨਲਾਈਨ ਕੰਮ ਨਹੀਂ ਕਰਨਗੀਆਂ। ਇਸ ਮੌਕੇ ’ਤੇ ਵੱਡੀ ਗਿਣਤੀ ਆਸ਼ਾ ਵਰਕਰ ਮੌਜੂਦ ਸਨ।