ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਹੁਣ 5 ਅਕਤੂਬਰ ਨੂੰ
ਚੰਡੀਗੜ੍ਹ, 31 ਅਗਸਤ
ਚੋਣ ਕਮਿਸ਼ਨ ਨੇ ਭਾਜਪਾ ਅਤੇ ਬਿਸ਼ਨੋਈ ਭਾਈਚਾਰੇ ਦੀ ਮੰਗ ਮੰਨਦਿਆਂ ਹਰਿਆਣਾ ’ਚ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ’ਚ ਤਬਦੀਲੀ ਕਰਦਿਆਂ ਹੁਣ 5 ਅਕਤੂਬਰ ਨੂੰ ਵੋਟਿੰਗ ਕਰਾਉਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਹਰਿਆਣਾ ’ਚ ਵੋਟਿੰਗ ਪਹਿਲੀ ਅਕਤੂਬਰ ਨੂੰ ਹੋਣੀ ਸੀ। ਹਰਿਆਣਾ ਅਤੇ ਜੰਮੂ ਕਸ਼ਮੀਰ ’ਚ ਵੋਟਾਂ ਦੀ ਗਿਣਤੀ ਅਤੇ ਨਤੀਜੇ ਹੁਣ 8 ਅਕਤੂਬਰ ਨੂੰ ਐਲਾਨੇ ਜਾਣਗੇ। ਚੋਣ ਕਮਿਸ਼ਨ ਨੇ ਕਈ ਮੀਟਿੰਗਾਂ ਅਤੇ ਵਿਚਾਰ-ਵਟਾਂਦਰੇ ਮਗਰੋਂ ਚੋਣਾਂ ’ਚ ਬਦਲਾਅ ਕੀਤਾ ਹੈ।
ਚੋਣ ਕਮਿਸ਼ਨ ਨੇ ਸ਼ਨਿਚਰਵਾਰ ਨੂੰ ਨਵਾਂ ਚੋਣ ਪ੍ਰੋਗਰਾਮ ਜਾਰੀ ਕੀਤਾ। ਚੋਣਾਂ ਲਈ ਨੋਟੀਫਿਕੇਸ਼ਨ ਪਹਿਲਾਂ ਵਾਂਗ 5 ਸਤੰਬਰ ਨੂੰ ਜਾਰੀ ਹੋਵੇਗਾ ਅਤੇ ਇਸੇ ਦਿਨ ਤੋਂ ਨਾਮਜ਼ਦਗੀ ਕਾਗ਼ਜ਼ ਭਰੇ ਜਾਣ ਦਾ ਅਮਲ ਸ਼ੁਰੂ ਹੋਵੇਗਾ। ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ 12 ਸਤੰਬਰ ਤੱਕ ਕਾਗ਼ਜ਼ ਦਾਖ਼ਲ ਕੀਤੇ ਜਾ ਸਕਣਗੇ ਅਤੇ 13 ਸਤੰਬਰ ਨੂੰ ਕਾਗ਼ਜ਼ਾਂ ਦੀ ਪੜਤਾਲ ਹੋਵੇਗੀ। ਨਾਮਜ਼ਦਗੀ ਕਾਗ਼ਜ਼ 17 ਸਤੰਬਰ ਤੱਕ ਵਾਪਸ ਲਏ ਜਾ ਸਕਦੇ ਹਨ। ਵੋਟਾਂ 5 ਅਕਤੂਬਰ ਸ਼ਨਿਚਰਵਾਰ ਨੂੰ ਪੈਣਗੀਆਂ। -ਏਐੱਨਆਈ