ਅਸੈਂਬਲੀ ਚੋਣਾਂ: ਸਿਆਸੀ ਪਾਰਟੀਆਂ ਦੇ ਕੌਮੀ ਆਗੂਆਂ ਵੱਲੋਂ ਹਰਿਆਣਾ ’ਚ ਡੇਰੇ
ਆਤਿਸ਼ ਗੁਪਤਾ
ਚੰਡੀਗੜ੍ਹ, 26 ਸਤੰਬਰ
ਹਰਿਆਣਾ ਵਿਧਾਨ ਸਭਾ ਚੋਣਾਂ ਦੀ ਤਰੀਕ ਨੇੜੇ ਆਉਣ ਦੇ ਨਾਲ-ਨਾਲ ਸੂਬੇ ’ਚ ਸਾਰੀਆਂ ਰਾਜਸੀ ਪਾਰਟੀਆਂ ਨੇ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸਿਆਸੀ ਆਗੂਆਂ ਵੱਲੋਂ ਇਕ-ਦੂਜੇ ’ਤੇ ਸਿਆਸੀ ਹਮਲੇ ਵੀ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਭਾਜਪਾ, ਕਾਂਗਰਸ, ਆਮ ਆਦਮੀ ਪਾਰਟੀ (ਆਪ) ਸਣੇ ਹੋਰਨਾਂ ਸਿਆਸੀ ਪਾਰਟੀਆਂ ਦੇ ਕੌਮੀ ਆਗੂਆਂ ਨੇ ਹਰਿਆਣਾ ’ਚ ਡੇਰੇ ਲਾ ਲਏ ਹਨ, ਜਿਨ੍ਹਾਂ ਵੱਲੋਂ ਰੋਜ਼ਾਨਾ ਵੱਖ-ਵੱਖ ਹਲਕਿਆਂ ਵਿੱਚ ਚੋਣ ਰੈਲੀਆਂ ਅਤੇ ਜਨ ਸਭਾਵਾਂ ਰਾਹੀਂ ਲੋਕਾਂ ਨੂੰ ਲੁਭਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਹਰਿਆਣਾ ਅਸੈਂਬਲੀ ਲਈ ਵੋਟਾਂ 5 ਅਕਤੂਬਰ ਨੂੰ ਪੈਣੀਆਂ ਹਨ ਜਦਕਿ ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ।
ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੰਘੇ ਦਿਨ ਸੋਨੀਪਤ ਦੇ ਗੋਹਾਨਾ ਵਿੱਚ ਰੈਲੀ ’ਚ ਸ਼ਾਮਲ ਹੋਏ ਸਨ ਅਤੇ ਅੱਜ ਉਨ੍ਹਾਂ ਨੇ ‘ਨਮੋ ਐਪ’ ਰਾਹੀਂ ਭਾਜਪਾ ਵਰਕਰਾਂ ਨੂੰ ਸੰਬੋਧਨ ਕੀਤਾ, ਜਦਕਿ ਆਉਣ ਵਾਲੇ ਦਿਨਾਂ ’ਚ ਵੀ ਪ੍ਰਧਾਨ ਮੰਤਰੀ ਮੋਦੀ, ਕੇਂਦਰੀ ਗ੍ਰਹਿ ਮ੍ਰੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਸਣੇ ਭਾਜਪਾ ਦੇ ਕਈ ਹੋਰ ਕੌਮੀ ਆਗੂ ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ’ਤੇ ਪਾਰਟੀ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨਗੇ। ਚੋਣ ਰੈਲੀਆਂ ਦੌਰਾਨ ਭਾਜਪਾ ਆਗੂ ਡਬਲ ਇੰਜਣ ਸਰਕਾਰ ਦੀਆਂ 10 ਸਾਲਾਂ ਦੀ ਕਾਰਗੁਜ਼ਾਰੀਆਂ ਨੂੰ ਲੋਕਾਂ ਦੇ ਸਾਹਮਣੇ ਰੱਖ ਰਹੇ ਹਨ। ਇਸ ਤੋਂ ਇਲਾਵਾ ਭਾਜਪਾ ਦੇ ਪੰਜਾਬ, ਹਿਮਾਚਲ ਪ੍ਰਦੇਸ਼ ਸਣੇ ਹੋਰਨਾਂ ਗੁਆਂਢੀ ਸੂਬਿਆਂ ਦੇ ਆਗੂਆਂ ਦੀਆਂ ਵੀ ਹਰਿਆਣਾ ’ਚ ਪੱਕੀਆਂ ਡਿਊਟੀਆਂ ਲੱਗੀਆਂ ਹੋਈਆਂ ਹਨ। ਦੂਜੇ ਪਾਸੇ ਕਾਂਗਰਸ ਪਾਰਟੀ ਦੇ ਕੌਮੀ ਆਗੂ ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ ਤੋਂ ਹਰਿਆਣਾ ਵਿੱਚ ਪਾਰਟੀ ਦੇ ਚੋਣ ਪ੍ਰਚਾਰ ਦੀ ਵਾਗਡੋਰ ਸਾਂਭ ਲਈ ਹੈ। ਗਾਂਧੀ ਨੇ ਅੱਜ ਹਰਿਆਣਾ ਦੇ ਵਿਧਾਨ ਸਭਾ ਹਲਕਾ ਅਸੰਧ ਤੇ ਬਰਵਾਲਾ ਵਿੱਚ ਦੋ ਜਨ ਸਭਾਵਾਂ ਨੂੰ ਸੰਬੋਧਨ ਕੀਤਾ। ਆਉਣ ਵਾਲੇ ਦਿਨਾਂ ਵਿੱਚ ਰਾਹੁਲ ਗਾਂਧੀ ਤੋਂ ਇਲਾਵਾ ਪ੍ਰਿਅੰਕਾ ਗਾਂਧੀ, ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਕੌਮੀ ਪੱਧਰ ਦੇ ਹੋਰ ਕਾਂਗਰਸੀ ਆਗੂਆਂ ਵੀ ਹਰਿਆਣਾ ਵਿੱਚ ਪਾਰਟੀ ਉਮੀਦਵਾਰਾਂ ਦੀ ਚੋਣ ਪ੍ਰਚਾਰ ਮੁਹਿੰਮ ਭਖਾਉਣਗੇ। ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਜਿੱਥੇ ਚੋਣ ਪ੍ਰਚਾਰ ਦੇ ਨਾਲ-ਨਾਲ ਭਾਜਪਾ ਦੀ ਘੇਰਾਬੰਦੀ ਕੀਤੀ ਜਾ ਰਹੀ ਹੈ, ਉੱਥੇ ਹੀ ਹਰਿਆਣਾ ਵਿੱਚ ਕਾਂਗਰਸ ਦੀਆਂ 7 ਗਾਰੰਟੀਆਂ ਦਾ ਪ੍ਰਚਾਰ ਵੀ ਕੀਤਾ ਜਾ ਰਿਹਾ ਹੈ। ਅੱਜ ਰਾਹੁਲ ਗਾਂਧੀ ਦੀ ਆਮਦ ਦੇ ਨਾਲ ਹੀ ਹਰਿਆਣਾ ’ਚ ਸਾਬਕਾ ਸੂਬਾ ਪ੍ਰਧਾਨ ਕੁਮਾਰੀ ਸ਼ੈਲਜਾ ਵੀ ਚੋਣ ਪ੍ਰਚਾਰ ਲਈ ਮੈਦਾਨ ਵਿੱਚ ਨਿੱਤਰ ਆਏ, ਜਿਨ੍ਹਾਂ ਨੇ ਅੱਜ ਵਿਧਾਨ ਸਭਾ ਹਲਕਾ ਅਸੰਧ ਵਿੱਚ ਰਾਹੁਲ ਗਾਂਧੀ ਦੇ ਨਾਲ ਚੋਣ ਪ੍ਰਚਾਰ ਕੀਤਾ।
‘ਆਪ’ ਆਗੂਆਂ ਵੱਲੋਂ ਦਿੱਲੀ ਤੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਣ ’ਤੇ ਜ਼ੋਰ
‘ਆਪ’ ਆਗੂ ਚੋਣ ਪ੍ਰਚਾਰ ਦੌਰਾਨ ਪਾਰਟੀ ਦੀ ਦਿੱਲੀ ਤੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਣ ’ਤੇ ਜ਼ੋਰ ਦੇ ਰਹੇ ਹਨ। ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਰਾਜ ਸਭਾ ਮੈਂਬਰ ਸੰਜੈ ਸਿੰਘ, ਡਾ. ਸੰਦੀਪ ਪਾਠਕ ਸਣੇ ਹੋਰਨਾਂ ਕਈ ਕੌਮੀ ਆਗੂਆਂ ਵੱਲੋਂ ਵੀ ਹਰਿਆਣਾ ਵਿੱਚ ‘ਆਪ’ ਉਮੀਦਵਾਰਾਂ ਦੀ ਹਮਾਇਤ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਹਰਿਆਣਾ ’ਚ ਚੋਣ ਪ੍ਰਚਾਰ ਦੌਰਾਨ ‘ਆਪ’ ਆਗੂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਿੱਲੀ ਤੇ ਪੰਜਾਬ ਵਿੱਚ ਕੀਤੇ ਕੰਮਾਂ ਨੂੰ ਹਰਿਆਣਾ ਦੇ ਲੋਕਾਂ ਮੂਹਰੇ ਰੱਖ ਰਹੇ ਹਨ।