ਐਸੋਸੀਏਸ਼ਨ ਵੱਲੋਂ ਸਕੂਲਾਂ ਨੂੰ ਬਦਨਾਮ ਕਰਨ ਵਾਲਿਆਂ ਦੇ ਬਾਈਕਾਟ ਦਾ ਫ਼ੈਸਲਾ
ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 25 ਜੁਲਾਈ
ਜਗਰਾਉਂ ਸਕੂਲਜ਼ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਅੱਜ ਇਥੇ ਪ੍ਰਧਾਨ ਅਤੇ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਸਕੂਲ ਦੀ ਡਾਇਰੈਕਟਰ ਸ਼ਸ਼ੀ ਜੈਨ ਦੀ ਪ੍ਰਧਾਨਗੀ ਹੇਠ ਹੋਈ। ਇਸ ‘ਚ ਪ੍ਰਾਈਵੇਟ ਸਕੂਲਾਂ ਨੂੰ ਦਰਪੇਸ਼ ਸਮੱਸਿਆਵਾਂ ‘ਤੇ ਚਰਚਾ ਕਰਨ ਤੋਂ ਇਲਾਵਾ ਸਕੂਲਾਂ ਨੂੰ ਬਦਨਾਮ ਕਰਨ ਵਾਲਿਆਂ ਦੇ ਮੁਕੰਮਲ ਬਾਈਕਾਟ ਦਾ ਫ਼ੈਸਲਾ ਹੋਇਆ। ਐਸੋਸੀਏਸ਼ਨ ਦੀ ਸੈਕਟਰੀ ਰਾਜਪਾਲ ਕੌਰ ਤੇ ਸੀਨੀਅਰ ਮੀਤ ਪ੍ਰਧਾਨ ਵਿਸ਼ਾਲ ਜੈਨ ਨੇ ਦੱਸਿਆ ਕਿ ਪਿਛਲੇ ਕੁਝ ਦਨਿਾਂ ਤੋਂ ਜਗਰਾਉਂ ਦੀਆਂ ਵਿੱਦਿਅਕ ਸੰਸਥਾਵਾਂ ਨੂੰ ਬਦਨਾਮ ਕਰਨ ਲਈ ਕੁਝ ਪੱਤਰਕਾਰ ਮਨਘੜਤ ਖ਼ਬਰਾਂ ਨਸ਼ਰ ਕਰ ਰਹੇ ਹਨ। ਮੀਟਿੰਗ ‘ਚ ਬਲੈਕਮੇਲ ਕਰਨ ਵਾਲੇ ਇਨ੍ਹਾਂ ਪੱਤਰਕਾਰਾਂ ਦਾ ਬਾਈਕਾਟ ਕਰਨ ਦਾ ਸਰਬਸੰਮਤੀ ਨਾਲ ਫ਼ੈਸਲਾ ਹੋਇਆ। ਉਨ੍ਹਾਂ ਦੱਸਿਆ ਕਿ ਜੇਕਰ ਸਕੂਲ ਪੱਤਰਕਾਰਾਂ ਨੂੰ ਇਸ਼ਤਿਹਾਰ ਦੇਣ ਤੋਂ ਇਨਕਾਰ ਕਰਦੇ ਹਨ ਤਾਂ ਉਸ ‘ਦੁਸ਼ਮਣੀ’ ਕਾਰਨ ਸਕੂਲਾਂ ਨੂੰ ਨਿਸ਼ਾਨਾ ਬਣਾ ਕੇ ਲਗਾਤਾਰ ਮਨਘੜਤ ਖ਼ਬਰਾਂ ਪ੍ਰਕਾਸ਼ਤ ਕੀਤੀਆਂ ਜਾਂਦੀਆਂ ਹਨ ਜਿਸ ਕਾਰਨ ਸਕੂਲਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਐਸੋਸੀਏਸ਼ਨ ਨੇ ਇਨ੍ਹਾਂ ਵਿਅਕਤੀਆਂ ਵੱਲੋਂ ਸਕੂਲਾਂ ਖ਼ਿਲਾਫ਼ ਫੈਲਾਈਆਂ ਜਾ ਰਹੀਆਂ ਗਲਤ ਖ਼ਬਰਾਂ ਦਾ ਸਖ਼ਤ ਨੋਟਿਸ ਲਿਆ ਹੈ। ਇਸੇ ਤਹਿਤ ਫ਼ੈਸਲਾ ਕੀਤਾ ਗਿਆ ਕਿ ਐਸੋਸੀਏਸ਼ਨ ਨਾਲ ਸਬੰਧਤ ਕੋਈ ਵੀ ਸਕੂਲ ਭਵਿੱਖ ’ਚ ਇਨ੍ਹਾਂ ਪੰਜਾਂ ਨੂੰ ਕੋਈ ਵੀ ਖ਼ਬਰ ਜਾਂ ਇਸ਼ਤਿਹਾਰ ਨਹੀਂ ਦੇਵੇਗਾ।