ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਅਥਲੈਟਿਕ ਮੀਟ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 1 ਅਪਰੈਲ
ਸੰਗਰੂਰ ਜ਼ਿਲ੍ਹਾ ਪੁਲੀਸ ਵਲੋਂ ਪ੍ਰਸ਼ਾਸਨ ਦੇ ਸਹਿਯੋਗ ਨਾਲ ‘ਜ਼ਿੰਦਗੀ ਨੂੰ ਹਾਂ, ਨਸ਼ਿਆਂ ਨੂੰ ਨਾਂਹ’ ਦੇ ਬੈਨਰ ਹੇਠ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਅਥਲੈਟਿਕ ਮੀਟ ਸਥਾਨਕ ਵਾਰ ਹੀਰੋਜ਼ ਸਟੇਡੀਅਮ ਵਿੱਚ ਕਰਵਾਈ ਗਈ। ਜੇਤੂ ਖ਼ਿਡਾਰੀਆਂ ਨੂੰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐੱਸਐੱਸਪੀ ਸਰਤਾਜ ਸਿੰਘ ਚਾਹਲ ਨੇ ਤਗਮਿਆਂ ਦੇ ਨਾਲ ਨਾਲ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਭੈੜੇ ਪ੍ਰਕੋਪ ਤੋਂ ਬਚਾਉਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਫ਼ਸਣ ਤੋਂ ਬਚਾਉਣ ਅਤੇ ਉਨ੍ਹਾਂ ਦੀ ਊਰਜਾ ਸਹੀ ਪਾਸੇ ਲਗਾਉਣ ਲਈ ਖੇਡਾਂ ਬਹੁਤ ਚੰਗਾ ਉਪਰਾਲਾ ਹਨ। ਇਸ ਮੌਕੇ ਐੱਸਐੱਸਪੀ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਜ਼ਿਲ੍ਹਾ ਪੁਲੀਸ ਵੱਲੋਂ ਨੌਜਵਾਨਾਂ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਸਕਾਰਾਤਮਕ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਨਾਗਰਿਕ ਨਸ਼ਿਆਂ ਬਾਰੇ ਕੋਈ ਵੀ ਜਾਣਕਾਰੀ ਪੁਲੀਸ ਦੇ ਧਿਆਨ ਵਿੱਚ ਲਿਆਉਣਾ ਚਾਹੁੰਦਾ ਹੈ ਤਾਂ ਉਹ ਹੈਲਪਲਾਈਨ ਨੰਬਰ 112 ਉੱਪਰ ਸੂਚਨਾ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਜਾਣਕਾਰੀ ਮੁਹੱਈਆ ਕਰਾਵਉਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।