ਆਤਿਸ਼ੀ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 14 ਅਕਤੂਬਰ
ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਦਿੱਲੀ ਦੀ ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਦੀ ਇਹ ਪਹਿਲੀ ਮੁਲਾਕਾਤ ਹੈ। ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ’ਤੇ ਸਿਰਫ਼ ਇੱਕ ਲਾਈਨ ਪਾਈ ਕਿ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।
ਆਤਿਸ਼ੀ ਨੇ ਬਾਅਦ ਵਿੱਚ ਐਕਸ ’ਤੇ ਪੋਸਟ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਉਹ ਰਾਜਧਾਨੀ ਦੀ ਭਲਾਈ ਅਤੇ ਤਰੱਕੀ ਲਈ ਕੇਂਦਰ ਅਤੇ ਦਿੱਲੀ ਸਰਕਾਰ ਵਿਚਕਾਰ ਪੂਰਨ ਸਹਿਯੋਗ ਦੀ ਉਮੀਦ ਕਰਦੀ ਹੈ। ਜ਼ਿਕਰਯੋਗ ਹੈ ਕਿ ਆਤਿਸ਼ੀ ਨੇ 17 ਸਤੰਬਰ ਨੂੰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਮਗਰੋਂ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ ਸੀ। ਹਾਲਾਂਕਿ ਉਨ੍ਹਾਂ 25 ਸਤੰਬਰ ਨੂੰ ਆਪਣੀ ਲੀਡਰਸ਼ਿਪ ਤਬਦੀਲੀ ਅਤੇ ਮਹਾਂਕਾਵਿ ਰਾਮਾਇਣ ਦੇ ਪਾਤਰ ਭਰਤ ਦੇ ਹਵਾਲੇ ਨਾਲ ਅਹੁਦਾ ਸੰਭਾਲਿਆ ਸੀ। ਉਨ੍ਹਾਂ ਆਪਣੀ ਸਥਿਤੀ ਦੀ ਤੁਲਨਾ ਭਗਵਾਨ ਰਾਮ ਦੀ ਗੱਦੀ ’ਤੇ ਬੈਠਣ ਤੋਂ ਭਰਤ ਵੱਲੋ ਇਨਕਾਰ ਨਾਲ ਕੀਤੀ ਸੀ। ਉਨ੍ਹਾਂ ਨੂੰ ਕੇਜਰੀਵਾਲ ਪ੍ਰਤੀ ਵਫ਼ਾਦਾਰ ਮੰਨਿਆ ਜਾਂਦਾ ਹੈ।
ਉਨ੍ਹਾਂ ਮੀਡੀਆ ਨੂੰ ਖਾਲੀ ਕੁਰਸੀ ਵੱਲ ਇਸ਼ਾਰਾ ਕਰਦਿਆਂ ਕਿਹਾ ਸੀ ਕਿ ਕੇਜਰੀਵਾਲ ਦੇ ਸੱਤਾ ਵਿੱਚ ਆਉਣ ਤੱਕ ਇਹ ਕੁਰਸੀ ਖਾਲੀ ਰਹੇਗੀ। ਰਿਪੋਰਟਾਂ ਅਨੁਸਾਰ ਆਤਿਸ਼ੀ ਨੇ ਵੱਖ-ਵੱਖ ਸ਼ਾਸਨ ਮੁੱਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਉਪ ਰਾਜਪਾਲ ਵੀਕੇ ਸਕਸੈਨਾ ਵਿਚਕਾਰ ਚੱਲ ਰਹੇ ਤਣਾਅ ਦਾ ਜ਼ਿਕਰ ਕੀਤਾ ਹੈ। ਪਤਾ ਲੱਗਿਆ ਹੈ ਕਿ ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦੀ ਅਲਾਟਮੈਂਟ ਦਾ ਮਾਮਲਾ ਵੀ ਉਜਾਗਰ ਕੀਤਾ ਸੀ। ਇਸ ਦੌਰਾਨ ਪਤਾ ਲੱਗਿਆ ਹੈ ਕਿ ਮੀਟਿੰਗ ਮਗਰੋਂ ਆਤਿਸ਼ੀ ਨੇ ਇਸ ਸਬੰਧੀ ਸ਼ੋਸ਼ਲ ਮੀਡੀਆ ’ਤੇ ਜਾਣਕਾਰੀ ਦਿੱਤੀ ਹੈ।