For the best experience, open
https://m.punjabitribuneonline.com
on your mobile browser.
Advertisement

ਆਤਿਸ਼ੀ ਵੱਲੋਂ ਅਧਿਆਪਕਾਂ ਦੇ ਤਬਾਦਲੇ ਰੱਦ ਕਰਨ ਦੇ ਹੁਕਮ

08:12 AM Jul 05, 2024 IST
ਆਤਿਸ਼ੀ ਵੱਲੋਂ ਅਧਿਆਪਕਾਂ ਦੇ ਤਬਾਦਲੇ ਰੱਦ ਕਰਨ ਦੇ ਹੁਕਮ
Advertisement

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 4 ਜੁਲਾਈ
ਸਿੱਖਿਆ ਮੰਤਰੀ ਆਤਿਸ਼ੀ ਨੇ ਦਿੱਲੀ ਦੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸਰਕਾਰੀ ਸਕੂਲ ਵਿੱਚ 10 ਸਾਲਾਂ ਤੋਂ ਵੱਧ ਸਮੇਂ ਤੋਂ ਪੜ੍ਹਾ ਰਹੇ ਅਧਿਆਪਕਾਂ ਦੇ ਲਾਜ਼ਮੀ ਤਬਾਦਲੇ ਦੇ ਆਦੇਸ਼ ਨੂੰ ਤੁਰੰਤ ਰੋਕ ਦੇਣ। ਉਨ੍ਹਾਂ ਮੁੱਖ ਸਕੱਤਰ ਨੂੰ ਇਹ ਵੀ ਹਦਾਇਤ ਕੀਤੀ ਕਿ ਸਮੁੱਚੀ ਤਬਾਦਲਾ ਪ੍ਰਕਿਰਿਆ ਵਿੱਚ ਭ੍ਰਿਸ਼ਟਾਚਾਰ ਦੀ ਜਾਂਚ ਕੀਤੀ ਜਾਵੇ ਅਤੇ ਜੇ ਕੋਈ ਅਧਿਕਾਰੀ ਅਧਿਆਪਕਾਂ ਤੋਂ ਰਿਸ਼ਵਤ ਲੈਣ ਵਿੱਚ ਸ਼ਾਮਲ ਹੁੰਦਾ ਹੈ ਤਾਂ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ।
ਡਿਜੀਟਲ ਪ੍ਰੈੱਸ ਕਾਨਫਰੰਸ ਰਾਹੀਂ ਸਿੱਖਿਆ ਮੰਤਰੀ ਆਤਿਸ਼ੀ ਨੇ ਕਿਹਾ ਕਿ 11 ਜੂਨ ਨੂੰ ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਨੇ ਹੁਕਮ ਜਾਰੀ ਕੀਤਾ ਸੀ। ਇਸ ਹੁਕਮ ਵਿੱਚ ਕਿਹਾ ਗਿਆ ਸੀ ਕਿ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਜੋ ਅਧਿਆਪਕ 10 ਸਾਲਾਂ ਤੋਂ ਵੱਧ ਸਮੇਂ ਤੋਂ ਇੱਕ ਹੀ ਸਕੂਲ ਵਿੱਚ ਪੜ੍ਹਾ ਰਹੇ ਹਨ, ਦੀ ਲਾਜ਼ਮੀ ਬਦਲੀ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਹ ਹੁਕਮ ਬਿਲਕੁਲ ਗਲਤ, ਸਿੱਖਿਆ ਵਿਰੋਧੀ ਹੈ ਅਤੇ ਉਨ੍ਹਾਂ ਪਹਿਲੀ ਜੁਲਾਈ ਨੂੰ ਦਿੱਲੀ ਦੇ ਸਿੱਖਿਆ ਸਕੱਤਰ ਅਤੇ ਸਿੱਖਿਆ ਵਿਭਾਗ ਦੇ ਡਾਇਰੈਕਟਰ ਨੂੰ ਇਨ੍ਹਾਂ ਹੁਕਮਾਂ ਨੂੰ ਰੱਦ ਕਰਨ ਦੀ ਹਦਾਇਤ ਕੀਤੀ ਸੀ। ਸਿੱਖਿਆ ਮੰਤਰੀ ਆਤਿਸ਼ੀ ਨੇ ਕਿਹਾ ਕਿ ਜਿਨ੍ਹਾਂ ਅਧਿਆਪਕਾਂ ਦੀ ਪਿਛਲੇ 10 ਸਾਲਾਂ ਦੀ ਮਿਹਨਤ ਸਦਕਾ ਰਾਜਧਾਨੀ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਹੋਈ ਹੈ, ਉਨ੍ਹਾਂ ਕਾਰਨ ਹੀ ਸਰਕਾਰੀ ਸਕੂਲਾਂ ਦੇ ਨਤੀਜੇ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਵਧੀਆ ਆ ਰਹੇ ਹਨ। ਉਨ੍ਹਾਂ ਕਿਹਾ ਕਿ ਰਾਸ਼ਟਰੀ ਸਿੱਖਿਆ ਨੀਤੀ ਵੀ ਸਪੱਸ਼ਟ ਕਹਿੰਦੀ ਹੈ ਕਿ ਅਧਿਆਪਕਾਂ ਦੇ ਵਾਰ-ਵਾਰ ਤਬਾਦਲੇ ਨਹੀਂ ਹੋਣੇ ਚਾਹੀਦੇ, ਵੱਡੇ ਪੱਧਰ ’ਤੇ ਤਬਾਦਲੇ ਦੀ ਪ੍ਰਕਿਰਿਆ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਚੰਗੇ ਨਤੀਜਿਆਂ ਵਾਲੇ ਅਧਿਆਪਕਾਂ ਨੂੰ ਉਸੇ ਸਕੂਲ ਵਿੱਚ ਪੜ੍ਹਾਉਣਾ ਚਾਹੀਦਾ ਹੈ ਜਦੋਂ ਤੱਕ ਹਾਲਾਤ ਖਰਾਬ ਨਾ ਹੋਣ। ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਗਰੀਬ ਪਰਿਵਾਰਾਂ ਦੇ ਬੱਚੇ ਆਉਂਦੇ ਹਨ। ਇਹ ਜ਼ਿਆਦਾਤਰ ਪਹਿਲੀ ਪੀੜ੍ਹੀ ਦੇ ਸਿਖਿਆਰਥੀ ਹਨ, ਜਿਨ੍ਹਾਂ ਨੂੰ ਘਰ ਵਿਚ ਪੜ੍ਹਾਉਣ ਵਾਲਾ ਕੋਈ ਨਹੀਂ ਹੈ। ਜੇ ਅਧਿਆਪਕਾਂ ਦਾ ਤਬਾਦਲਾ ਹੋ ਜਾਂਦਾ ਹੈ ਤਾਂ ਸਾਰਾ ਸਕੂਲ ਵਿਗੜ ਜਾਵੇਗਾ ਤੇ ਪੜ੍ਹਾਈ ਦਾ ਮਾਹੌਲ ਖ਼ਰਾਬ ਹੋ ਜਾਂਦਾ ਹੈ।
ਆਤਿਸ਼ੀ ਨੇ ਕਿਹਾ ਕਿ ਉਨ੍ਹਾਂ ਦੇ ਹੁਕਮਾਂ ਦੇ ਬਾਵਜੂਦ ਦੋ ਜੁਲਾਈ ਨੂੰ ਦੇਰ ਰਾਤ 5000 ਅਧਿਆਪਕਾਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਹਨ। ਅਜਿਹੇ ਵਿੱਚ ਸਵਾਲ ਇਹ ਉੱਠਦਾ ਹੈ ਕਿ ਸਿੱਖਿਆ ਮੰਤਰੀ ਦੇ ਇਨ੍ਹਾਂ ਹੁਕਮਾਂ ਦੇ ਬਾਵਜੂਦ ਇਸ ਦਾ ਪੰਜਾਬ ’ਤੇ ਕੀ ਮਾੜਾ ਅਸਰ ਪਵੇਗਾ।
ਉਨ੍ਹਾਂ ਕਿਹਾ ਕਿ ਇੱਕ ਹੋਰ ਚਿੰਤਾਜਨਕ ਖ਼ਬਰ ਆ ਰਹੀ ਹੈ ਕਿ ਇਸ ਤਬਾਦਲੇ ਦੀ ਪ੍ਰਕਿਰਿਆ ਵਿੱਚ ਵੱਡਾ ਭ੍ਰਿਸ਼ਟਾਚਾਰ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਅਧਿਆਪਕਾਂ ਦੀਆਂ ਬਦਲੀਆਂ ਰੋਕਣ ਲਈ ਕਈ ਅਫਸਰਾਂ ਨੇ ਰਿਸ਼ਵਤ ਲਈ ਹੈ। ਸਿੱਖਿਆ ਮੰਤਰੀ ਆਤਿਸ਼ੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਸਰਕਾਰ ਬੱਚਿਆਂ ਦੀ ਸਿੱਖਿਆ ਨਾਲ ਕੋਈ ਸਮਝੌਤਾ ਨਹੀਂ ਕਰੇਗੀ। ਉਨ੍ਹਾਂ ਆਖਿਆ ਕਿ ਇਸ ਸਬੰਧੀ ਜਾਂਚ ਕੀਤੀ ਜਾਵੇ ਜੋ ਦੋਸ਼ੀ ਪਾਇਆ ਗਿਆ ਉਸ ਨੂੰ ਕਿਸੇ ਕੀਮਤ ’ਤੇ ਵੀ ਬਖ਼ਸ਼ਿਆ ਨਾ ਜਾਵੇ।

Advertisement

ਤਬਾਦਲੇ ਦੇ ਹੁਕਮ ਵਾਪਸ ਲੈਣ ਉਪ ਰਾਜਪਾਲ: ਦਿਲੀਪ ਪਾਂਡੇ

ਆਮ ਆਦਮੀ ਪਾਰਟੀ ਦੇ ਵਿਧਾਇਕ ਦਿਲੀਪ ਪਾਂਡੇ ਨੇ ਅੱਜ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਦਿੱਲੀ ਦੇ ਸਿੱਖਿਆ ਮਾਡਲ ਨੂੰ ਸਥਾਪਤ ਕਰਨ ਵਿੱਚ ਅਧਿਆਪਕਾਂ ਦੀ ਅਹਿਮ ਭੂਮਿਕਾ ਹੈ, ਇਸ ਕਰ ਕੇ ਉਪ ਰਾਜਪਾਲ ਅਧਿਆਪਕਾਂ ਦੇ ਤਬਾਦਲੇ ਦੇ ਹੁਕਮ ਵਾਪਸ ਲੈਣ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਨੇ ਤਬਾਦਲੇ ਰੱਦ ਕਰਨ ਦੀਆਂ ਹਦਾਇਤਾਂ ਦਿੱਤੀਆਂ ਸਨ, ਫਿਰ ਵੀ ਭਾਜਪਾ ਦੇ ਕਹਿਣ ’ਤੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਤਬਾਦਲੇ ਹੋਏ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਨੇ ਮੁੱਖ ਸਕੱਤਰ ਨੂੰ ਉਨ੍ਹਾਂ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ, ਜੋ ਉਨ੍ਹਾਂ ਦੇ ਹੁਕਮਾਂ ਦੀ ਉਲੰਘਣਾ ਕਰਦੇ ਹਨ। ਉਨ੍ਹਾਂ ਕਿਹਾ ਕਿ ਤਬਾਦਲੇ ਰਾਹੀਂ ਭਾਜਪਾ ਨੇ ਬੱਚਿਆਂ ਦੀ ਪੜ੍ਹਾਈ ਵਿੱਚ ਵਿਘਨ ਪਾਉਣ ਦੇ ਨਾਲ-ਨਾਲ ਅਧਿਆਪਕਾਂ ਦਾ ਮਨੋਬਲ ਤੋੜਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਕਈ ਠੋਸ ਕਦਮ ਚੁੱਕ ਕੇ ਸਿੱਖਿਆ ਪ੍ਰਣਾਲੀ ਵਿਚ ਕ੍ਰਾਂਤੀਕਾਰੀ ਬਦਲਾਅ ਕੀਤੇ ਅਤੇ ਅੱਜ ਦਿੱਲੀ ਦੇ ਸਿੱਖਿਆ ਮਾਡਲ ਦੀ ਦੁਨੀਆ ਭਰ ਵਿਚ ਚਰਚਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਮਾਪੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਨਹੀਂ ਭੇਜਦੇ ਸਨ ਪਰ ਕੇਜਰੀਵਾਲ ਸਰਕਾਰ ਵਿੱਚ ਅਧਿਆਪਕਾਂ ਨੇ ਵਿਸ਼ਵ ਪੱਧਰੀ ਸਿਖਲਾਈ ਲੈ ਕੇ ਪੂਰੀ ਸਿੱਖਿਆ ਪ੍ਰਣਾਲੀ ਹੀ ਬਦਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿਚ ਰਹਿ ਕੇ ਅਧਿਆਪਕਾਂ ਨੂੰ ਬੱਚਿਆਂ ਅਤੇ ਮਾਪਿਆਂ ਨਾਲ ਚੰਗਾ ਤਾਲਮੇਲ ਬਣਾਉਣ ਦਾ ਮੌਕਾ ਮਿਲਦਾ ਹੈ।

Advertisement

Advertisement
Author Image

sanam grng

View all posts

Advertisement