ਆਤਮਾ ਸਕੀਮ: ਖੇਤੀਬਾੜੀ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਲੜੀਵਾਰ ਧਰਨਾ ਸ਼ੁਰੂ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 20 ਨਵੰਬਰ
ਪੰਜਾਬ ਭਰ ’ਚ ਖੇਤੀਬਾੜੀ ਵਿਭਾਗ ਅਧੀਨ ਚੱਲ ਰਹੀ ਆਤਮਾ ਸਕੀਮ ਵਿੱਚ ਭਰਤੀ ਸਟਾਫ਼ (450 ਆਤਮਾ ਮੁਲਾਜ਼ਮ) ਵਿੱਚ ਪਿਛਲੇ ਚਾਰ ਮਹੀਨੇ ਤੋਂ ਤਨਖ਼ਾਹ ਨਾ ਮਿਲਣ ਕਾਰਨ ਸਰਕਾਰ ਖ਼ਿਲਾਫ਼ ਰੋਸ ਹੈ। ਇਨ੍ਹਾਂ ਮੁਲਾਜ਼ਮਾਂ ਨੇ ਮੁਹਾਲੀ ਸਥਿਤ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਦੇ ਦਫ਼ਤਰ ਅੱਗੇ ਮੁਜ਼ਾਹਰਾ ਕੀਤਾ। ਅਧਿਕਾਰੀਆਂ ਨੇ ਜਦੋਂ ਕੋਈ ਹਾਂ-ਪੱਖੀ ਹੁੰਗਾਰਾ ਨਾ ਭਰਿਆ ਤਾਂ ਉਹ ਪੱਕਾ ਧਰਨਾ ਲਾ ਕੇ ਬੈਠ ਗਏ ਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਆਤਮਾ ਸਕੀਮ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਤਨਖ਼ਾਹ ਨਹੀਂ ਦਿੱਤੀ ਜਾਂਦੀ, ਉਦੋਂ ਤੱਕ ਧਰਨਾ ਜਾਰੀ ਰਹੇਗਾ ਤੇ ਆਉਂਦੇ ਦਿਨਾਂ ਵਿੱਚ ਗੁਪਤ ਐਕਸ਼ਨ ਕੀਤੇ ਜਾਣਗੇ।
ਬੁਲਾਰਿਆਂ ਨੇ ਕਿਹਾ ਕਿ ਆਤਮਾ ਸਕੀਮ ਸਟਾਫ਼ ਦੀਆਂ ਪਿਛਲੇ ਲੰਮੇ ਸਮੇਂ ਤੋਂ ਜਾਇਜ਼ ਮੰਗਾਂ ਠੰਢੇ ਬਸਤੇ ਵਿੱਚ ਪਈਆਂ ਹਨ ਜਿਸ ਕਾਰਨ ਉਨ੍ਹਾਂ ਨੂੰ ਦੀਵਾਲੀ ਦਾ ਤਿਉਹਾਰ ਵੀ ਬਿਨਾਂ ਮਿਹਨਤਾਨੇ ਤੋਂ ਮਨਾਉਣ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਸਾਰਾ ਸਟਾਫ਼ ਆਤਮਾ ਸਕੀਮ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਸਾਰੇ ਕੰਮ ਵੀ ਤਨਦੇਹੀ ਨਾਲ ਕਰਦਾ ਆ ਰਿਹਾ ਹੈ, ਇਸ ਦੇ ਬਾਵਜੂਦ ਵਿਭਾਗ ਵੱਲੋਂ ਉਨ੍ਹਾਂ ਨੂੰ ਤਨਖ਼ਾਹ ਨਹੀਂ ਜਾ ਰਹੀ। ਖੇਤੀ ਮੁਲਾਜ਼ਮਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ 23 ਅਕਤੂਬਰ ਨੂੰ ਖੇਤੀਬਾੜੀ ਡਾਇਰੈਕਟਰ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ ਸੀ ਤੇ ਦਫ਼ਤਰ ਨੇ ਹਫ਼ਤੇ ਅੰਦਰ ਤਨਖ਼ਾਹਾਂ ਰਿਲੀਜ਼ ਕਰਨ ਦਾ ਭਰੋਸਾ ਦੇ ਕੇ ਧਰਨਾ ਖ਼ਤਮ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਮਹੀਨਾ ਬੀਤਣ ਦੇ ਬਾਵਜੂਦ ਵਿਭਾਗੀ ਅਧਿਕਾਰੀਆਂ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕੀ ਜਿਸ ਕਾਰਨ ਆਤਮਾ ਸਕੀਮ ਦੇ ਸਟਾਫ਼ ਨੂੰ ਧਰਨਾ ਸ਼ੁਰੂ ਕਰਨ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਮੰਗ ਕੀਤੀ ਕਿ ਕਰਮਚਾਰੀਆਂ ਨੂੰ ਤੁਰੰਤ ਤਨਖ਼ਾਹਾਂ ਜਾਰੀ ਕੀਤੀਆਂ ਜਾਣ।