ਕਿਸਾਨ ਆਗੂ ’ਤੇ ਹਮਲਾ: ਕਿਸਾਨਾਂ ਨੇ ਬਾਲੀਆਂ ਦਾ ਸਦਰ ਥਾਣਾ ਘੇਰਿਆ
ਗੁਰਦੀਪ ਸਿੰਘ ਲਾਲੀ
ਸੰਗਰੂਰ, 14 ਨਵੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਸੰਗਰੂਰ ਅਤੇ ਭਵਾਨੀਗੜ੍ਹ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਥਾਣਾ ਸਦਰ ਬਾਲੀਆਂ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਧਰਨਾਕਾਰੀ ਕਿਸਾਨ ਪਿੰਡ ਘਾਬਦਾਂ ਇਕਾਈ ਦੇ ਆਗੂ ਜਗਮੇਲ ਸਿੰਘ ਅਤੇ ਉਸ ਦੇ ਭਤੀਜੇ ’ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਮਾਮੂਲੀ ਧਾਰਾਵਾਂ ਤਹਿਤ ਦਰਜ ਕੇਸ ਤੋਂ ਨਾਰਾਜ਼ ਹਨ ਅਤੇ ਸਖ਼ਤ ਧਰਾਵਾਂ ਤਹਿਤ ਕੇਸ ਦਰਜ ਕਰ ਕੇ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕਰ ਰਹੇ ਹਨ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਸੰਗਰੂਰ ਦੇ ਪ੍ਰਧਾਨ ਰਣਜੀਤ ਸਿੰਘ ਲੌਂਗੋਵਾਲ ਅਤੇ ਬਲਾਕ ਭਵਾਨੀਗੜ੍ਹ ਦੇ ਮੀਤ ਪ੍ਰਧਾਨ ਹਰਜੀਤ ਸਿੰਘ ਮਹਿਲਾਂ ਨੇ ਕਿਹਾ ਕਿ ਬੀਤੇ ਦਿਨ ਪਿੰਡ ਘਾਬਦਾਂ ਵਿਖੇ ਯੂਨੀਅਨ ਦੇ ਇਕਾਈ ਆਗੂ ਜਗਮੇਲ ਸਿੰਘ ਅਤੇ ਉਸ ਦੇ ਭਤੀਜੇ ਉਪਰ ਘਰ ਬੁਲਾ ਕੇ ਹਮਲਾ ਕੀਤਾ ਗਿਆ ਜਿਸ ਵਿਚ ਜਗਮੇਲ ਸਿੰਘ ਦੀ ਬਾਂਹ ਟੁੱਟ ਗਈ ਅਤੇ ਸਿਰ ਉੱਪਰ ਵੀ ਕਾਫੀ ਸੱਟਾਂ ਲੱਗੀਆਂ ਹਨ ਅਤੇ ਜਗਮੇਲ ਸਿੰਘ ਦੇ ਭਤੀਜੇ ਦੇ ਵੀ ਕਾਫੀ ਸੱਟਾਂ ਲੱਗੀਆਂ ਹਨ। ਦੋਵੇਂ ਜਣੇ ਸਿਵਲ ਹਸਪਤਾਲ ਸੰਗਰਰ ਵਿੱਚ ਜ਼ੇਰੇ ਇਲਾਜ ਹਨ। ਉਨ੍ਹਾਂ ਦੱਸਿਆ ਕਿ ਲੰਘੇ ਕੱਲ੍ਹ ਥਾਣਾ ਸਦਰ ਬਾਲੀਆਂ ਦੀ ਪੁਲੀਸ ਵਲੋਂ ਹਮਲਾਵਰਾਂ ਖ਼ਿਲਾਫ਼ ਮਾਮੂਲੀ ਧਾਰਾਵਾਂ ਲਗਾ ਕੇ ਕੇਸ ਦਰਜ ਕਰ ਲਿਆ ਗਿਆ ਅਤੇ ਹਮਲਾਵਰਾਂ ਨੂੰ ਜਾਣ ਦਿੱਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਪੁਲੀਸ ਹਮਲਾਵਰਾਂ ਖ਼ਿਲਾਫ਼ ਸਖਤ ਕਾਰਵਾਈ ਨਹੀਂ ਕਰ ਰਹੀ ਜਿਸ ਤੋਂ ਕਿਸਾਨਾਂ ’ਚ ਭਾਰੀ ਰੋਸ ਹੈ ਅਤੇ ਇਸੇ ਕਾਰਨ ਅੱਜ ਥਾਣਾ ਸਦਰ ਬਾਲੀਆਂ ਦਾ ਘਿਰਾਓ ਕਰਕੇ ਧਰਨਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪਤਾ ਲੱਗਾ ਹੈ ਕਿ ਹਮਲਾਵਰਾਂ ਦੀ ਪਹੁੰਚ ਪੰਜਾਬ ਸਰਕਾਰ ਦੇ ਉੱਚ ਨੁਮਾਇੰਦਿਆਂ ਨਾਲ ਹੈ ਇਸ ਕਰਕੇ ਪੁਲੀਸ ਕੋਈ ਵੀ ਕਾਰਵਾਈ ਨਹੀਂ ਕਰ ਰਹੀ। ਆਗੂਆਂ ਨੇ ਮੰਗ ਕੀਤੀ ਕਿ ਹਮਲਾਵਰਾਂ ਖ਼ਿਲਾਫ਼ ਸਖਤ ਧਰਾਵਾਂ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਹਮਾਲਵਰਾਂ ਖ਼ਿਲਾਫ਼ ਦਰਜ ਕੇਸ ਵਿੱਚ ਸਖਤ ਧਰਾਵਾਂ ਦਾ ਵਾਧਾ ਕਰਕੇ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਪੁਲੀਸ ਪ੍ਰਸ਼ਾਸਨ ਦੇ ਖਿਲਾਫ ਤਿੱਖਾ ਐਕਸ਼ਨ ਕੀਤਾ ਜਾਵੇਗਾ। ਖਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ। ਇਸ ਮੌਕੇ ਸੰਗਰੂਰ ਬਲਾਕ ਦੇ ਜਰਨਲ ਸਕੱਤਰ ਜਗਤਾਰ ਸਿੰਘ ਲੱਡੀ, ਭਵਾਨੀਗੜ੍ਹ ਬਲਾਕ ਦੇ ਜਨਰਲ ਸਕੱਤਰ ਜਸਬੀਰ ਸਿੰਘ ਗੱਗੜਪੁਰ, ਬਲਾਕ ਖਜ਼ਾਨਚੀ ਬਲਵਿੰਦਰ ਸਿੰਘ ਘਨੌੜ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਸ਼ਾਮਲ ਸਨ।
ਪੁਲੀਸ ਵੱਲੋਂ ਤਿੰਨ ਜਣੇ ਗ੍ਰਿਫ਼ਤਾਰ
ਥਾਣਾ ਸਦਰ ਬਾਲੀਆਂ ਦੇ ਕਾਰਜਕਾਰੀ ਮੁਖੀ ਸਹਾਇਕ ਥਾਣੇਦਾਰ ਕੁਲਵਿੰਦਰ ਕੌਰ ਨੇ ਹਮਲਾਵਰਾਂ ਖ਼ਿਲਾਫ਼ ਨਰਮ ਧਰਾਵਾਂ ਲਗਾਉਣ ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਕੇਸ ਵਿਚ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।