ਹਿੰਦੂ ਆਗੂ ’ਤੇ ਹਮਲਾ: ਜਥੇਬੰਦੀਆਂ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲੀਸ ਕਮਿਸ਼ਨਰ ਨਾਲ ਮੁਲਾਕਾਤ
ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 21 ਅਕਤੂਬਰ
ਹੈਬੋਵਾਲ ਇਲਾਕੇ ’ਚ ਰਹਿਣ ਵਾਲੇ ਸ਼ਿਵ ਸੈਨਾ ਭਾਰਤ ਵੰਸ਼ੀ ਦੇ ਮੁਖੀ ਯੋਗੇਸ਼ ਬਖਸ਼ੀ ਦੇ ਘਰ ’ਤੇ ਪੈਟਰੋਲ ਬੰਬ ਨਾਲ ਹੋਏ ਹਮਲੇ ਨੂੰ ਲੈ ਕੇ ਐਨੇ ਦਿਨ ਬੀਤ ਜਾਣ ਦੇ ਬਾਵਜੂਦ ਪੁਲੀਸ ਦੇ ਹੱਥ ਹੁਣ ਤੱਕ ਖਾਲੀ ਹਨ। ਮੁਲਜ਼ਮ ਦੀ ਗ੍ਰਿਫ਼ਤਾਰੀ ਦੀ ਮੰਗ ਲਈ ਸ਼ਹਿਰ ਦੇ ਹਿੰਦੂ ਸੰਗਠਨ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੂੰ ਮਿਲਣ ਲਈ ਪਹੁੰਚੇ। ਪੁਲੀਸ ਕਮਿਸ਼ਨਰ ਨੂੰ ਮਿਲਣ ਜਾਣ ਤੋਂ ਪਹਿਲਾਂ ਹਿੰਦੂ ਆਗੂਆਂ ਨੇ ਦਫ਼ਤਰ ਦੇ ਬਾਹਰ ਧਾਰਮਿਕ ਨਾਅਰੇ ਲਾਏ। ਇਸ ਦੌਰਾਨ ਉਨ੍ਹਾਂ ਪੁਲੀਸ ਕਮਿਸ਼ਨਰ ਨੂੰ ਯੋਗੇਸ਼ ਬਖਸ਼ੀ ਦੇ ਘਰ ’ਤੇ ਹੋਏ ਹਮਲੇ ਬਾਰੇ ਸਾਰੀ ਗੱਲ ਦੱਸੀ ਅਤੇ ਉਨ੍ਹਾਂ ਕੋਲ ਮੌਜੂਦ ਸੁਰਾਗ ਬਾਰੇ ਗੱਲ ਕੀਤੀ ਜਿਸ ’ਤੇ ਪੁਲੀਸ ਕਮਿਸ਼ਨਰ ਨੇ ਹਿੰਦੂ ਸੰਗਠਨਾਂ ਨੂੰ ਭਰੋਸਾ ਦਿੱਤਾ ਕਿ ਤਿੰਨ-ਚਾਰ ਦਿਨਾਂ ’ਚ ਸਾਰਾ ਮਾਮਲਾ ਕਲੀਅਰ ਕਰ ਦਿੱਤਾ ਜਾਵੇਗਾ ਅਤੇ ਜਲਦ ਹੀ ਮੁਲਜ਼ਮਾਂ ਦਾ ਪਤਾ ਲਗਾ ਕੇ ਗ੍ਰਿਫਤਾਰੀ ਕਰ ਲਿਆ ਜਾਵੇਗਾ।
ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਕੁਝ ਦਿਨ ਪਹਿਲਾਂ ਸ਼ਿਵ ਸੈਨਾ ਭਾਰਤ ਵੰਸ਼ੀ ਦੇ ਮੁਖੀ ਯੋਗੇਸ਼ ਬਖਸ਼ੀ ਦੇ ਘਰ ਦੇ ਬਾਹਰ ਪੈਟਰੋਲ ਬੰਬ ਨਾਲ ਹਮਲਾ ਕੀਤਾ ਸੀ ਜਿਸ ਦੌਰਾਨ ਉਸ ਦੇ ਘਰ ਦਾ ਮੁੱਖ ਦਰਵਾਜ਼ਾ ਅਤੇ ਕਾਰ ਵੀ ਸੜ ਗਈ ਸੀ। ਫਿਲਹਾਲ ਥਾਣਾ ਹੈਬੋਵਾਲ ਦੀ ਪੁਲੀਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅੱਜ ਹਿੰਦੂ ਸੰਗਠਨ ਪੁਲੀਸ ਕਮਿਸ਼ਨਰ ਦਫਤਰ ਦੇ ਬਾਹਰ ਇਕੱਠੇ ਹੋਏ। ਹਿੰਦੂ ਸੰਗਠਨਾਂ ਦੇ ਅਧਿਕਾਰੀਆਂ ਨੇ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਸਾਰੀ ਸਮੱਸਿਆ ਦੱਸੀ ਅਤੇ ਇਸ ਹਮਲੇ ਦੇ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ। ਪੁਲੀਸ ਕਮਿਸ਼ਨਰ ਨੇ ਜਾਂਚ ਦੇ ਕਈ ਪਹਿਲੂਆਂ ਬਾਰੇ ਹਿੰਦੂ ਸੰਗਠਨਾਂ ਨਾਲ ਜਾਣਕਾਰੀ ਸਾਂਝੀ ਕੀਤੀ, ਪਰ ਕੁਝ ਗੱਲਾਂ ਬਾਰੇ ਉਨ੍ਹਾਂ ਨੇ ਜਾਂਚ ਦਾ ਕਹਿ ਕੇ ਨਹੀਂ ਦੱਸਿਆ। ਉਨ੍ਹਾਂ ਭਰੋਸਾ ਦਿੱਤਾ ਕਿ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਜਿਸ ’ਤੇ ਹਿੰਦੂ ਸੰਗਠਨਾਂ ਵੱਲੋਂ ਸੰਦੀਪ ਥਾਪਰ ਗੋਰਾ ’ਤੇ ਹਮਲਾ ਕਰਨ ਵਾਲੇ ਤੀਜੇ ਮੁਲਜ਼ਮ ਦੀ ਗ੍ਰਿਫਤਾਰੀ ਦੀ ਮੰਗ ਵੀ ਕੀਤੀ ਹੈ। ਇਸ ’ਤੇ ਪੁਲੀਸ ਕਮਿਸ਼ਨਰ ਨੇ ਮਾਮਲੇ ’ਚ ਨਾਮਜ਼ਦ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ।