For the best experience, open
https://m.punjabitribuneonline.com
on your mobile browser.
Advertisement

ਸ਼ਿਵ ਸੈਨਾ ਆਗੂ ਦੇ ਘਰ ’ਤੇ ਹਮਲਾ: ਪੁਲੀਸ ਨੇ ਸੀਸੀਟੀਵੀ ਫੁਟੇਜ ਖੰਘਾਲੀ

06:52 AM Nov 04, 2024 IST
ਸ਼ਿਵ ਸੈਨਾ ਆਗੂ ਦੇ ਘਰ ’ਤੇ ਹਮਲਾ  ਪੁਲੀਸ ਨੇ ਸੀਸੀਟੀਵੀ ਫੁਟੇਜ ਖੰਘਾਲੀ
ਮੀਡੀਆ ਨੂੰ ਜਾਣਕਾਰੀ ਦਿੰਦਾ ਹੋਇਆ ਸ਼ਿਵ ਸੈਨਾ ਆਗੂ ਹਰਕੀਰਤ ਸਿੰਘ ਖੁਰਾਣਾ।
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 3 ਨਵੰਬਰ
ਸ਼ਿਵ ਸੈਨਾ ਹਿੰਦੂ ਸਿੱਖ ਵਿੰਗ ਦੇ ਕੌਮੀ ਮੁਖੀ ਹਰਕੀਰਤ ਸਿੰਘ ਖੁਰਾਣਾ ਦੇ ਘਰ ’ਤੇ ਬੀਤੇ ਕੱਲ੍ਹ ਪੈਟਰੋਲ ਬੰਬ ਨਾਲ ਹੋਏ ਹਮਲੇ ਸਬੰਧੀ ਪੁਲੀਸ ਵੱਲੋਂ ਤੇਜ਼ੀ ਨਾਲ ਜਾਂਚ ਕੀਤੀ ਜਾ ਰਹੀ ਹੈ ਪਰ ਹਾਲੇ ਕੁਝ ਠੋਸ ਪੁਲੀਸ ਦੇ ਹੱਥ ਨਹੀਂ ਲੱਗ ਸਕਿਆ ਹੈ। ਹਰਕੀਰਤ ਸਿੰਘ ਖੁਰਾਣਾ ਨੇ ਅੱਜ ਮੀਡੀਆ ਨੂੰ ਦੱਸਿਆ ਕਿ ਉਸ ਨੂੰ ਲਗਾਤਾਰ ਪਾਕਿਸਤਾਨ ਵਿੱਚ ਬੈਠੇ ਕੁੱਝ ਲੋਕਾਂ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਤੇ ਸੁਧਰਨ ਦੀ ਚਿਤਾਵਨੀ ਦਿੱਤੀ ਜਾ ਰਹੀ ਸੀ। ਹਰਕੀਰਤ ਸਿੰਘ ਨੇ ਦੱਸਿਆ ਕਿ ਧਮਕੀ ਦੇਣ ਵਾਲਿਆਂ ਨੇ ਉਸ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਹਨ। ਜ਼ਿਕਰਯੋਗ ਹੈ ਕਿ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਨੇ ਹਰਕੀਰਤ ਸਿੰਘ ਦੇ ਘਰ ’ਤੇ ਪੈਟਰੋਲ ਬੰਬ ਸੁੱਟਿਆ ਸੀ ਜਿਸ ਨਾਲ ਕੋਈ ਜਾਨੀ ਤੇ ਮਾਲੀ ਨੁਕਸਾਨ ਨਹੀਂ ਹੋਇਆ ਪਰ ਇਸ ਕਾਰਵਾਈ ਕਾਰਨ ਇਲਾਕੇ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਗੌਰਤਲਬ ਹੈ ਕਿ ਦਸ ਦਿਨ ਪਹਿਲਾਂ ਵੀ ਸ਼ਿਵ ਸੈਨਾ ਆਗੂ ਯੋਗੇਸ਼ ਬਖਸ਼ੀ ਦੇ ਘਰ ’ਤੇ ਪੈਟਰੋਲ ਬੰਬ ਨਾਲ ਹਮਲਾ ਕੀਤਾ ਗਿਆ ਸੀ ਅਤੇ ਉਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਵੀ ਹਾਲੇ ਤੱਕ ਪੁਲੀਸ ਦੀ ਗ੍ਰਿਫ਼ਤ ’ਚੋਂ ਬਾਹਰ ਹੀ ਹਨ। ਥਾਣਾ ਮਾਡਲ ਟਾਊਨ ਦੀ ਪੁਲੀਸ ਨੇ ਹਰਕੀਰਤ ਸਿੰਘ ਖੁਰਾਣਾ ਦੇ ਘਰ ’ਤੇ ਹੋਏ ਹਮਲੇ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ ਅਤੇ ਇਸ ਸਬੰਧ ਵਿੱਚ ਪੁਲੀਸ ਵੱਲੋਂ ਇਲਾਕੇ ਵਿੱਚ ਲੱਗੇ ਸਾਰੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਨੇ ਹੁਣ ਤੱਕ ਪੰਜਾਹ ਤੋਂ ਵੱਧ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਪ੍ਰਾਪਤ ਕੀਤੀ ਹੈ। ਮਾਡਲ ਟਾਊਨ ਥਾਣੇ ਦੀ ਇੰਚਾਰਜ ਸਬ-ਇੰਸਪੈਕਟਰ ਅਵਨੀਤ ਕੌਰ ਨੇ ਦੱਸਿਆ ਕਿ ਪੁਲੀਸ ਵੱਖ ਵੱਖ ਪਹਿਲੂਆਂ ਤੋਂ ਮਾਮਲੇ ਦੀ ਲਗਾਤਾਰ ਪੜਤਾਲ ਕਰ ਰਹੀ ਹੈ ਤੇ ਜਲਦੀ ਹੀ ਮੁਲਜ਼ਮ ਦਾ ਪਤਾ ਲੱਗ ਜਾਵੇਗਾ।

Advertisement

Advertisement
Advertisement
Author Image

Advertisement