Attack on Sikh trader ਰਿਸ਼ੀਕੇਸ਼ ’ਚ ਸਿੱਖ ਵਪਾਰੀ ਦੀ ਕੁੱਟਮਾਰ, ਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 3 ਮਾਰਚ
Attack on Sikh trader ਉੱਤਰਾਖੰਡ ਦੇ ਰਿਸ਼ੀਕੇਸ਼ ਵਿਚ ਹਜੂਮ ਵੱਲੋਂ ਸਿੱਖ ਵਪਾਰੀ ਦੀ ਕੁੱਟਮਾਰ ਕੀਤੀ ਗਈ ਅਤੇ ਉਸ ਦੇ ਸ਼ੋਅਰੂਮ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ। ਇਸ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਘਟਨਾ ਦੀ ਕਰੜੀ ਨਿੰਦਾ ਕੀਤੀ ਹੈ ਅਤੇ ਦੋਸ਼ੀ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਜਲਦੀ ਹੀ ਸ਼੍ਰੋਮਣੀ ਕਮੇਟੀ ਦਾ ਇੱਕ ਵਫਦ ਉੱਤਰਾਖੰਡ ਦੇ ਪੀੜਤ ਸਿੱਖਾਂ ਅਤੇ ਉੱਤਰਾਖੰਡ ਸਰਕਾਰ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰੇਗਾ।
ਸ੍ਰੀ ਮੰਨਣ ਨੇ ਇਸ ਘਟਨਾ ਨੂੰ ਲੈ ਕੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਉੱਤਰਾਖੰਡ ਪੁਲੀਸ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਈ-ਮੇਲ ਪੱਤਰ ਵੀ ਲਿਖਿਆ ਹੈ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਵਾਪਰੀ ਇਸ ਘਟਨਾ ਦੀ ਵਾਇਰਲ ਵੀਡੀਓ ਤੋਂ ਸਪੱਸ਼ਟ ਹੈ ਕਿ ਹਜੂਮ ਵੱਲੋਂ ਸਿੱਖ ਵਪਾਰੀ ਨਾਲ ਕੁੱਟਮਾਰ ਕਰਨ ਦੇ ਨਾਲ-ਨਾਲ ਉਸ ਦੇ ਸ਼ੋਅਰੂਮ ਉੱਤੇ ਵੀ ਪੱਥਰਬਾਜ਼ੀ ਕਰਕੇ ਨੁਕਸਾਨ ਪਹੁੰਚਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਹਜੂਮ ਵੱਲੋਂ ਸਿੱਖ ਵਪਾਰੀ ਦੀ ਦਸਤਾਰ ਉਤਾਰੀ ਗਈ ਅਤੇ ਉਸ ਦੇ ਕੇਸਾਂ ਦੀ ਬੇਅਦਬੀ ਕੀਤੀ ਗਈ। ਇਸ ਲਈ ਪੁਲੀਸ ਦੋਸ਼ੀਆਂ ਖ਼ਿਲਾਫ਼ ਦਰਜ ਕੀਤੇ ਗਏ ਪਰਚੇ ਵਿੱਚ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੀਆਂ ਧਾਰਾਵਾਂ ਵੀ ਸ਼ਾਮਲ ਕਰੇ।
ਸ੍ਰੀ ਮੰਨਣ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪੀੜਤ ਸਿੱਖ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਸਿੱਖ ਸੰਸਥਾ ਉਸ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਵਪਾਰੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਘਟਨਾ ਪਿੱਛੇ ਸਥਾਨਕ ਕਾਂਗਰਸੀ ਕੌਂਸਲਰ ਦਾ ਹੱਥ ਹੈ, ਜੋ ਪਿਛਲੇ ਸਮੇਂ ਤੋਂ ਇਨ੍ਹਾਂ ਸਿੱਖ ਵਪਾਰੀਆਂ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਹੈ।
ਆਪਣੇ ਪੱਤਰ ਵਿੱਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਸੂਬੇ ਦੀ ਪੁਲੀਸ ਨੂੰ ਇਸ ਘਟਨਾ ਦੀ ਨਿਰਪੱਖ ਜਾਂਚ ਦੇ ਹੁਕਮ ਦੇਣ ਅਤੇ ਦੋਸ਼ੀ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਸਰਕਾਰਾਂ ਨੂੰ ਸਮੁੱਚੇ ਦੇਸ਼ ਅੰਦਰ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵੀ ਆਖਿਆ।
ਸਿੱਖ ਵਪਾਰੀ ਦੀ ਦਸਤਾਰ ਤੇ ਕੇਸਾਂ ਦੀ ਬੇਅਦਬੀ ਧਾਰਮਿਕ ਅਧਿਕਾਰਾਂ ਤੇ ਆਜ਼ਾਦੀ ’ਤੇ ਹਮਲਾ: ਜਥੇਦਾਰ ਗਿਆਨੀ ਰਘਬੀਰ ਸਿੰਘ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉੱਤਰਾਖੰਡ ਦੇ ਰਿਸ਼ੀਕੇਸ਼ ਵਿਚ ਇਕ ਸਿੱਖ ਵਪਾਰੀ ਦੀ ਫਿਰਕੂ ਸਮੂਹ ਵਲੋਂ ਕੀਤੀ ਗਈ ਕੁੱਟਮਾਰ ਅਤੇ ਉਸ ਦੀ ਦਸਤਾਰ ਤੇ ਕੇਸਾਂ ਦੀ ਬੇਅਦਬੀ ਦੀ ਘਟਨਾ ਨੂੰ ਦੇਸ਼ ਅੰਦਰ ਵੱਖ-ਵੱਖ ਧਰਮਾਂ ਦੇ ਅਧਿਕਾਰਾਂ ਤੇ ਆਜ਼ਾਦੀ ’ਤੇ ਹਮਲਾ ਕਰਾਰ ਦਿੱਤਾ ਹੈ। ਇਕ ਬਿਆਨ ਵਿਚ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਵੱਖ-ਵੱਖ ਧਰਮਾਂ, ਭਾਈਚਾਰਿਆਂ ਦੇ ਲੋਕਾਂ ਦੇ ਮਨੁੱਖੀ ਅਧਿਕਾਰਾਂ ਅਤੇ ਆਜ਼ਾਦੀ ਨੂੰ ਬਰਕਰਾਰ ਰੱਖਣਾ ਹਰੇਕ ਸਰਕਾਰ ਦਾ ਬੁਨਿਆਦੀ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਰਿਸ਼ੀਕੇਸ਼ ਵਿਚ ਇਕ ਮਾਮੂਲੀ ਤਕਰਾਰ ਨੂੰ ਲੈ ਕੇ ਭੜਕੀ ਭੀੜ ਵਲੋਂ ਇਕ ਸਿੱਖ ਵਪਾਰੀ ਦੀ ਦਸਤਾਰ ਅਤੇ ਕੇਸਾਂ ਨੂੰ ਨਿਸ਼ਾਨਾ ਬਣਾ ਕੇ ਹਮਲਾ ਕਰਨਾ ਦੇਸ਼ ਦੀ ਜਮਹੂਰੀਅਤ ਲਈ ਬੇਹੱਦ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਘਟਨਾ ਨੂੰ ਲੈ ਕੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਉੱਤਰਾਖੰਡ ਪੁਲੀਸ ਨੂੰ ਪੱਤਰ ਲਿਖ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ, ਪਰ ਪੰਜਾਬ ਸਰਕਾਰ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਵੀ ਉੱਤਰਾਖੰਡ ਸਰਕਾਰ ਕੋਲ ਪਹੁੰਚ ਕਰਕੇ ਦੋਸ਼ੀਆਂ ਖ਼ਿਲਾਫ ਸਖ਼ਤ ਕਾਨੂੰਨੀ ਕਾਰਵਾਈ ਯਕੀਨੀ ਬਣਾਵੇ ਤਾਂ ਜੋ ਦੇਸ਼ ਅੰਦਰ ਘੱਟ-ਗਿਣਤੀਆਂ ਦੀ ਸੁਰੱਖਿਆ ਅਤੇ ਆਜ਼ਾਦੀ ਨੂੰ ਬਰਕਰਾਰ ਰੱਖਿਆ ਜਾ ਸਕੇ।