Attack on Sukhbir Badal-Video: ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 4 ਦਸੰਬਰ
Attack on Sukhbir Badal: ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਉਸ ਵੇਲੇ ਵਾਲ-ਵਾਲ ਬਚ ਗਏ ਜਦੋਂ ਉਹ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪਹਿਰੇਦਾਰ ਦੀ ਸੇਵਾ ਕਰ ਰਹੇ ਸਨ ਤਾਂ ਇੱਕ ਵਿਅਕਤੀ ਨੇ ਉਨ੍ਹਾਂ ’ਤੇ ਕੁਝ ਕਦਮਾਂ ਦੀ ਦੂਰੀ ਤੋਂ ਗੋਲੀ ਚਲਾ ਦਿੱਤੀ। ਪਰ ਉਨ੍ਹਾਂ ਦੇ ਕੋਲ ਖੜ੍ਹੇ ਕੁਝ ਵਿਅਕਤੀਆਂ ਨੇ ਹਮਲਾਵਰ ਨੂੰ ਪਿਸਤੌਲ ਤਾਣਦਿਆ ਦੇਖ ਲਿਆ ਅਤੇ ਤੁਰੰਤ ਫੜ ਲਿਆ। ਇਸ ਦੌਰਾਨ ਹਮਲਾਵਰ ਦਾ ਪਿਸਤੌਲ ਵਾਲਾ ਹੱਥ ਉੱਤੇ ਹੋ ਜਾਣ ਕਾਰਨ ਨਿਸ਼ਾਨਾ ਖੁੰਝ ਗਿਆ।
ਜਾਣਕਾਰੀ ਅਨੁਸਾਰ ਕਾਬੂ ਕੀਤਾ ਗਿਆ ਵਿਅਕਤੀ ਅਕਾਲ ਫੈਡਰੇਸ਼ਨ ਦਾ ਆਗੂ ਨਰਾਇਣ ਸਿੰਘ ਚੌੜਾ ਹੈ ਜੋ ਕਿ ਪਹਿਲਾਂ ਵੀ ਕੁਝ ਮਾਮਲਿਆਂ ਵਿੱਚ ਜੇਲ੍ਹ ਵਿੱਚ ਰਹਿ ਚੁੱਕਾ ਹੈ। ਇਸ ਦੀ ਖ਼ਬਰ ਮਿਲਦਿਆਂ ਹੀ ਕਈ ਹੋਰ ਅਕਾਲੀ ਆਗੂ ਮੌਕੇ ’ਤੇ ਪੁੱਜ ਗਏ ਸਨ। ਸੁਰੱਖਿਆ ਘੇਰੇ ਨੇ ਤੁਰੰਤ ਸੁਖਬੀਰ ਸਿੰਘ ਬਾਦਲ ਨੂੰ ਘੇਰ ਲਿਆ ।
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਗੁਰੂ ਚਰਨਾਂ ਵਿੱਚ ਸੇਵਾ ਕਰ ਰਹੇ ਇੱਕ ਵਿਅਕਤੀ ’ਤੇ ਗੋਲੀ ਚਲਾਉਣ ਵਰਗੀ ਅਜਿਹੀ ਕਾਇਰਾਨਾ ਕਾਰਵਾਈ ਕੋਈ ਸਿੱਖ ਨਹੀਂ ਕਰ ਸਕਦਾ ਅਤੇ ਅਜਿਹੇ ਵਿਅਕਤੀ ਨੂੰ ਸਿੱਖ ਕਹਿਣਾ ਗਲਤ ਹੋਵੇਗਾ। ਉਨ੍ਹਾਂ ਕਿਹਾ ਕਿ ਸੇਵਾ ਇਸੇ ਤਰ੍ਹਾਂ ਜਾਰੀ ਰਹੇਗੀ।
ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖਤ ਵੱਲੋਂ ਸੁਖਬੀਰ ਸਿੰਘ ਬਾਦਲ ਅਤੇ ਸੁਖਦੇਵ ਸਿੰਘ ਢੀਂਡਸਾ ਦੋਹਾਂ ਆਗੂਆਂ ਦੀ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਘੰਟਾ ਘਰ ਵਾਲੇ ਪਾਸੇ ਪਹਿਰੇਦਾਰ ਵੱਜੋਂ ਸੇਵਾ ਲਾਈ ਗਈ ਸੀ। ਅੱਜ ਉਹ ਦੂਜੇ ਦਿਨ ਇਸ ਸੇਵਾ ਲਈ ਇੱਥੇ ਪੁੱਜੇ ਸਨ।
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਹਮਲੇ ਦੀ ਨਿੰਦਾ ਕਰਦਿਆਂ ਇਸ ਦੀ ਜੁਡੀਸ਼ੀਅਲ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ ਪੁਲੀਸ ਨੂੰ ਇਸ ਬਾਰੇ ਜਾਣਕਾਰੀ ਸੀ ਕਿ ਹਮਲਾਵਰ ਬੀਤੇ ਦਿਨ ਤੋਂ ਉੱਥੇ ਘੁੰਮ ਰਿਹਾ ਹੈ ਤਾਂ ਇਸ ’ਤੇ ਕਾਰਵਾਈ ਕਿਉਂ ਨਹੀਂ ਕੀਤੀ ਗਈ।
ਪੁਲੀਸ ਅਧਿਕਾਰੀਆਂ ਵੱਲੋਂ ਮੌਕੇ ’ਤੇ ਜਾਂਚ ਸ਼ੁਰੂ
ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੌਕੇ ’ਤੇ ਪੁੱਜ ਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੌਕੇ ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ ਨੇ ਇਸ ਵਿਅਕਤੀ ਨੂੰ ਤੁਰੰਤ ਕਾਬੂ ਕਰ ਲਿਆ ਹੈ। ਉਨ੍ਹਾਂ ਪੁਸ਼ਟੀ ਕੀਤੀ ਕਿ ਇਹ ਵਿਅਕਤੀ ਨਰਾਇਣ ਸਿੰਘ ਚੌੜਾ ਹੀ ਹੈ, ਜਿਸ ਦੇ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹੈ।
ਉਨ੍ਹਾਂ ਕਿਹਾ ਕਿ ਜਿਸ ਵੇਲੇ ਗੋਲੀ ਚਲਾਉਣ ਦਾ ਯਤਨ ਕੀਤਾ ਉਦੋਂ ਤਿੰਨ ਪੁਲੀਸ ਕਰਮਚਾਰੀ ਸਾਦਾ ਕੱਪੜਿਆਂ ਵਿੱਚ ਸੁਖਬੀਰ ਸਿੰਘ ਬਾਦਲ ਦੇ ਨਾਲ ਤਾਇਨਾਤ ਸਨ, ਜਿਨ੍ਹਾਂ ਨੇ ਤੁਰੰਤ ਹਮਲਾਵਰ ਨੂੰ ਰੋਕਿਆ ਅਤੇ ਕਾਬੂ ਕਰ ਲਿਆ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨ ਹੋਣ ਕਾਰਨ ਇੱਥੇ ਹਰ ਆਉਣ-ਜਾਣ ਵਾਲੇ ਵਿਅਕਤੀ ਦੀ ਤਲਾਸ਼ੀ ਨਹੀਂ ਲਈ ਜਾ ਸਕਦੀ ਪਰ ਇਸ ਦੇ ਬਾਵਜੂਦ ਸੁਰੱਖਿਆ ਕਰਮਚਾਰੀਆਂ ਵੱਲੋਂ ਚੌਕਸੀ ਵਰਤੀ ਜਾ ਰਹੀ ਸੀ।