ਸੁਖਬੀਰ ’ਤੇ ਹਮਲਾ: ਮਹੀਨੇ ਬਾਅਦ ਵੀ ਪੁਲੀਸ ਦੇ ਹੱਥ ਨਾ ਆਇਆ ਦੂਜਾ ਮੁਲਜ਼ਮ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 3 ਜਨਵਰੀ
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਹਰਿਮੰਦਰ ਸਾਹਿਬ ਦੇ ਗੇਟ ਅੱਗੇ ਹੋਏ ਕਾਤਲਾਨਾ ਹਮਲੇ ਦੇ ਮਹੀਨਾ ਬੀਤਣ ਦੇ ਬਾਵਜੂਦ ਪੁਲੀਸ ਇਸ ਮਾਮਲੇ ’ਚ ਨਾਮਜ਼ਦ ਧਰਮ ਸਿੰਘ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ। ਪੁਲੀਸ ਨੇ ਇਸ ਘਟਨਾ ਦੇ ਮੁੱਖ ਮੁਲਜ਼ਮ ਤੇ ਖਾਲਿਸਤਾਨ ਸਮਰਥਕ ਕਾਰਕੁਨ ਨਰੈਣ ਸਿੰਘ ਚੌੜਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਹੋਇਆ ਹੈ। ਧਰਮ ਸਿੰਘ ਨੂੰ ਉਸ ਨਾਲ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਦੇਖਿਆ ਗਿਆ ਸੀ। ਉਸ ਦਾ ਨਾਂ ਉਸ ਸਮੇਂ ਸਾਹਮਣੇ ਆਇਆ ਸੀ ਜਦੋਂ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੀਡੀਆ ਸਾਹਮਣੇ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਦੋਵਾਂ ਦੀ ਸੀਸੀਟੀਵੀ ਫੁਟੇਜ ਜਾਰੀ ਕੀਤੀ ਸੀ। ਉਹ ਨਰੈਣ ਸਿੰਘ ਚੌੜਾ ਦਾ ਨਜ਼ਦੀਕੀ ਸਹਿਯੋਗੀ ਦੱਸਿਆ ਜਾ ਰਿਹਾ ਹੈ। ਉਹ ਖਾੜਕੂਵਾਦ ਦੇ ਦੌਰ ਦੌਰਾਨ ਕਈ ਜੇਲ੍ਹਾਂ ਵਿੱਚ ਰਿਹਾ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਧਰਮ ਸਿੰਘ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।