ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ’ਤੇ ਹਮਲਾ
ਗੁਰਿੰਦਰ ਸਿੰਘ
ਲੁਧਿਆਣਾ, 13 ਅਕਤੂਬਰ
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਜਤਿੰਦਰ ਮਿੱਤਲ ’ਤੇ ਲੰਘੀ ਰਾਤ ਉਨ੍ਹਾਂ ਦੀ ਫੈਕਟਰੀ ਦੇ ਬਾਹਰ ਇੱਕ ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਪਰ ਇਸ ਦੌਰਾਨ ਉਨ੍ਹਾਂ ਨਾਲ ਜਾ ਰਹੇ ਇੱਕ ਦੋਸਤ ਦੀ ਚੌਕਸੀ ਕਾਰਨ ਹਮਲਾਵਰ ਉਨ੍ਹਾਂ ਨੂੰ ਨੁਕਸਾਨ ਨਹੀਂ ਪਹੁੰਚਾ ਸਕਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਫੈਕਟਰੀ ਦੇ ਬਾਹਰ ਦੋ ਧੜਿਆਂ ਦੇ ਨੌਜਵਾਨ ਝਗੜਾ ਕਰ ਰਹੇ ਸਨ ਅਤੇ ਇੱਕ-ਦੂਜੇ ’ਤੇ ਇੱਟਾਂ-ਰੋੜੇ ਸੁੱਟ ਰਹੇ ਸਨ, ਜੋ ਫੈਕਟਰੀ ਦੇ ਦਰਵਾਜ਼ੇ ’ਤੇ ਵੱਜ ਰਹੇ ਸਨ। ਜਤਿੰਦਰ ਮਿੱਤਲ ਨੇ ਫੈਕਟਰੀ ਤੋਂ ਬਾਹਰ ਆ ਕੇ ਦੋਵਾਂ ਧੜਿਆਂ ਨੂੰ ਸਮਝਾਇਆ ਅਤੇ ਘਰ ਭੇਜ ਦਿੱਤਾ। ਥੋੜੀ ਦੇਰ ਮਗਰੋਂ ਜਦੋਂ ਉਹ ਫੈਕਟਰੀ ਤੋਂ ਨਿਕਲੇ ਤਾਂ ਬਾਹਰ ਇੱਕ ਟੈਂਪੂ ਪਿੱਛੇ ਲੁਕ ਕੇ ਖੜ੍ਹੇ ਇੱਕ ਨੌਜਵਾਨ ਨੇ ਤੇਜ਼ਧਾਰ ਦਾਤਰ ਨਾਲ ਜਤਿੰਦਰ ਮਿੱਤਲ ’ਤੇ ਹਮਲਾ ਕਰ ਦਿੱਤਾ। ਭਾਜਪਾ ਆਗੂ ਦੇ ਨਾਲ ਜਾ ਰਹੇ ਉਸ ਦੇ ਦੋਸਤ ਨੇ ਚੌਕਸੀ ਵਰਤਦਿਆਂ ਹਮਲਾਵਰ ਨੂੰ ਧੱਕਾ ਦੇ ਕੇ ਥੱਲੇ ਸੁੱਟ ਦਿੱਤਾ ਅਤੇ ਉਸ ਨੂੰ ਕਾਬੂ ਕਰ ਲਿਆ। ਜਤਿੰਦਰ ਮਿੱਤਲ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਇਸੇ ਦੌਰਾਨ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਪੁਲੀਸ ਅਧਿਕਾਰੀਆਂ ਨੂੰ ਸਾਰੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਭਲਕ ਤੱਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਵੱਲੋਂ ਹਮਲਾਵਰ ਨੂੰ ਗ੍ਰਿਫ਼ਤਾਰ ਕਰਕੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਅਤੇ ਉਸ ਦੇ ਸਾਥੀਆਂ ਦਾ ਪਤਾ ਲਗਾਇਆ ਜਾ ਰਿਹਾ ਹੈ, ਜਿਨ੍ਹਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।
ਭਾਜਪਾ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਸੂਬੇ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ’ਤੇ ਚਿੰਤਾ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਆਲੋਚਨਾ ਕੀਤੀ ਹੈ। ਇੱਥੇ ਕੀਤੀ ਇੱਕ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਹਰ ਰੋਜ਼ ਵੱਡੀਆਂ ਅਪਰਾਧਿਕ ਘਟਨਾਵਾਂ ਵਾਪਰ ਰਹੀਆਂ ਹਨ ਪਰ ਗ੍ਰਹਿ ਮੰਤਰੀ ਹੋਣ ਦੇ ਨਾਤੇ ਭਗਵੰਤ ਮਾਨ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਏ ਹਨ।
ਉਨ੍ਹਾਂ ਕਿਹਾ ਕਿ ਬੀਤੇ ਦਿਨ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਦੀ ਕਾਰ ’ਤੇ ਗੋਲੀਆਂ ਚਲਾਈਆਂ ਗਈਆਂ ਸਨ ਅਤੇ ਰਾਤ ਨੂੰ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਜਤਿੰਦਰ ਮਿੱਤਲ ’ਤੇ ਵੀ ਜਾਨਲੇਵਾ ਹਮਲਾ ਕੀਤਾ ਗਿਆ ਹੈ, ਜਿਸ ਵਿੱਚ ਉਹ ਵਾਲ-ਵਾਲ ਬਚ ਗਏ ਹਨ।