ਗਹਿਲ ਦੇ ਇਤਿਹਾਸਕ ਗੁਰਦੁਆਰਾ ਸਾਹਿਬ ’ਚ ਬੇਅਦਬੀ ਦੀ ਕੋਸ਼ਿਸ਼ ਨਾਕਾਮ
ਲਖਵੀਰ ਸਿੰਘ ਚੀਮਾ
ਮਹਿਲ ਕਲਾਂ, 1 ਜੂਨ
ਬਰਨਾਲਾ ਦੇ ਇਤਿਹਾਸਕ ਪਿੰਡ ਗਹਿਲ ਦੇ ਐਸਜੀਪੀਸੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਭਗਤੂਆਣਾ ਸਾਹਿਬ ਵਿੱਚ ਬਜ਼ੁਰਗ ਵਿਅਕਤੀ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਨਾਕਾਮ ਕੋਸ਼ਿਸ਼ ਕੀਤੀ ਗਈ। ਇਹ ਘਟਨਾ ਸਵੇਰ ਸਮੇਂ ਵਾਪਰੀ, ਜਦੋਂ ਇਹ ਬਜ਼ੁਰਗ ਵਿਅਕਤੀ ਗੁਰਦੁਆਰਾ ਸਾਹਿਬ ਦੇ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਇਆ। ਉਕਤ ਵਿਅਕਤੀ ਵੱਲੋਂ ਜਦੋਂ ਗ੍ਰੰਥ ਸਾਹਿਬ ਤੋਂ ਰੁਮਾਲਾ ਸਾਹਿਬ ਉਤਾਰਿਆ ਗਿਆ ਤਾਂ ਦਰਬਾਰ ਹਾਲ ਅੰਦਰ ਬੈਠੇ ਸੇਵਾਦਾਰ ਵੱਲੋਂ ਲਲਕਾਰਾ ਮਾਰ ਕੇ ਰੋਕ ਦਿੱਤਾ ਗਿਆ। ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਤੁਰੰਤ ਪੁਲੀਸ ਹਵਾਲੇ ਕੀਤਾ ਗਿਆ।

ਘਟਨਾ ਸਥਾਨ ’ਤੇ ਪਹੁੰਚੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ, ਐੱਸਜੀਪੀਸੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਪਰਮਜੀਤ ਸਿੰਘ ਖਾਲਸਾ ਅਤੇ ਐੱਸਜੀਪੀਸੀ ਮੈਂਬਰ ਬਲਦੇਵ ਸਿੰਘ ਚੂੰਘਾਂ ਨੇ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਪੁਲੀਸ ਪ੍ਰਸ਼ਾਸਨ ਤੋਂ ਮੁਲਜ਼ਮ ਵਿਰੁੱਧ ਸਖਤ ਕਾਰਵਾਈ ਦੀ ਮੰਗ ਕੀਤੀ।

ਜਥੇਦਾਰ ਟੇਕ ਸਿੰਘ ਨੇ ਕਿਹਾ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਜਿਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਮੁਲਜ਼ਮ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਉਧਰ ਡੀਐੱਸਪੀ ਮਹਿਲ ਕਲਾਂ ਜਤਿੰਦਰ ਪਾਲ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਚਾਅ ਰਿਹਾ ਹੈ ਪਰ ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ ਤੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ।