For the best experience, open
https://m.punjabitribuneonline.com
on your mobile browser.
Advertisement

ਅੰਬੇਡਕਰ ਦੇ ਬੁੱਤ ਦੀ ਭੰਨ-ਤੋੜ ਦੀ ਕੋਸ਼ਿਸ਼; ਮੁਲਜ਼ਮ ਗ੍ਰਿਫ਼ਤਾਰ

07:26 AM Jan 28, 2025 IST
ਅੰਬੇਡਕਰ ਦੇ ਬੁੱਤ ਦੀ ਭੰਨ ਤੋੜ ਦੀ ਕੋਸ਼ਿਸ਼  ਮੁਲਜ਼ਮ ਗ੍ਰਿਫ਼ਤਾਰ
ਅੰਮ੍ਰਿਤਸਰ ਵਿੱਚ ਡਾ. ਬੀਆਰ ਅੰਬੇਡਕਰ ਦੇ ਬੁੱਤ ਨੂੰ ਦੁੱਧ ਨਾਲ ਧੋਂਦੇ ਹੋਏ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਕਾਂਗਰਸ ਦੇ ਸੀਨੀਅਰ ਆਗੂ ਰਾਜ ਕੁਮਾਰ ਵੇਰਕਾ ਅਤੇ ਹੋਰ। -ਫੋਟੋ: ਵਿਸ਼ਾਲ ਕੁਮਾਰ
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 27 ਜਨਵਰੀ
ਹੈਰੀਟੇਜ ਸਟਰੀਟ ਵਿੱਚ ਸਥਾਪਿਤ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੀਤੇ ਕੱਲ੍ਹ ਭੰਨ-ਤੋੜ ਕਰਨ ਦੇ ਦੋਸ਼ ਹੇਠ ਇੱਕ ਵਿਅਕਤੀ ਨੂੰ ਮੌਕੇ ’ਤੇ ਕਾਬੂ ਕਰ ਲਿਆ ਗਿਆ ਸੀ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਨ ਅਤੇ ਮਾਮਲੇ ਦੀ ਜਾਂਚ ਕਰਨ ਦਾ ਭਰੋਸਾ ਦਿੱਤਾ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਆਕਾਸ਼ ਸਿੰਘ ਵਾਸੀ ਧਰਮਕੋਟ ਜ਼ਿਲ੍ਹਾ ਮੋਗਾ ਵਜੋਂ ਹੋਈ ਜੋ ਕਿ ਖੁਦ ਵੀ ਐੱਸਸੀ ਭਾਈਚਾਰੇ ਨਾਲ ਸਬੰਧਿਤ ਹੈ। ਜ਼ਿਕਰਯੋਗ ਹੈ ਕਿ ਇਹ ਘਟਨਾ ਬੀਤੇ ਕੱਲ੍ਹ ਬਾਅਦ ਦੁਪਹਿਰ ਵਾਪਰੀ ਸੀ ਜਦੋਂ ਇੱਕ ਨੌਜਵਾਨ ਨੇ ਇੱਥੇ ਲੱਗੀ ਪੌੜੀ ਦੀ ਮਦਦ ਨਾਲ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ’ਤੇ ਚੜ੍ਹ ਕੇ ਇਸ ਨੂੰ ਹਥੌੜੇ ਨਾਲ ਤੋੜਨ ਦਾ ਯਤਨ ਕੀਤਾ। ਉਸ ਨੇ ਸੰਵਿਧਾਨ ਦੀ ਕਿਤਾਬ ਨੂੰ ਸਾੜਨ ਦਾ ਵੀ ਯਤਨ ਕੀਤਾ। ਇਸ ਦੌਰਾਨ ਇੱਥੇ ਨਿੱਜੀ ਸੁਰੱਖਿਆ ਕਰਮਚਾਰੀ ਅਤੇ ਕੁਝ ਹੋਰ ਵਿਅਕਤੀਆਂ ਨੇ ਨੌਜਵਾਨ ਨੂੰ ਕਾਬੂ ਕਰ ਲਿਆ ਅਤੇ ਉਸ ਦੀ ਕੁੱਟਮਾਰ ਵੀ ਕੀਤੀ ਗਈ। ਬਾਅਦ ਵਿੱਚ ਉਸ ਨੂੰ ਪੁਲੀਸ ਨੂੰ ਸੌਂਪ ਦਿੱਤਾ ਗਿਆ। ਪੁਲੀਸ ਨੇ ਮੁਲਜ਼ਮ ਦਾ ਚਾਰ ਦਿਨ ਦਾ ਪੁਲੀਸ ਰਿਮਾਂਡ ਲੈ ਲਿਆ ਹੈ।
ਇਸ ਮਾਮਲੇ ਨੂੰ ਲੈ ਕੇ ਦਲਿਤ ਭਾਈਚਾਰੇ ਨਾਲ ਸਬੰਧਿਤ ਜਥੇਬੰਦੀਆਂ ਵੱਲੋਂ ਅੱਜ ਸ਼ਹਿਰ ਵਿੱਚ ਬੰਦ ਦਾ ਸੱਦਾ ਦਿੱਤਾ ਗਿਆ ਸੀ ਜਿਸ ਤਹਿਤ ਹਾਲਗੇਟ, ਹਾਲ ਬਾਜ਼ਾਰ, ਰਾਮਬਾਗ ,ਲਾਰੈਂਸ ਰੋਡ, ਕੁਈਨਜ਼ ਰੋਡ, ਰੇਲਵੇ ਰੋਡ, ਰੇਲਵੇ ਲਿੰਕ ਰੋਡ ਤੇ ਕੁਝ ਹੋਰ ਥਾਵਾਂ ’ਤੇ ਦੁਕਾਨਾਂ ਬੰਦ ਰਹੀਆਂ। ਭਾਈਚਾਰੇ ਨਾਲ ਸਬੰਧਿਤ ਲੋਕਾਂ ਵੱਲੋਂ ਜਬਰੀ ਦੁਕਾਨਾਂ ਬੰਦ ਵੀ ਕਰਵਾਈਆਂ ਗਈਆਂ। ਭੰਡਾਰੀ ਪੁਲ ’ਤੇ ਦਿੱਤੇ ਗਏ ਧਰਨੇ ਅਤੇ ਆਵਾਜਾਈ ਰੋਕੇ ਜਾਣ ਕਾਰਨ ਸਾਰੇ ਸ਼ਹਿਰ ਵਿੱਚ ਆਵਾਜਾਈ ਪ੍ਰਭਾਵਿਤ ਹੋਈ। ਬਾਅਦ ਦੁਪਹਿਰ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਧਰਨਾਕਾਰੀਆਂ ਨੂੰ ਮੰਗਾਂ ਪੂਰਾ ਕਰਨ ਦਾ ਭਰੋਸਾ ਦਿੱਤੇ ਜਾਣ ਮਗਰੋਂ ਧਰਨਾ ਖਤਮ ਕੀਤਾ ਗਿਆ ਅਤੇ ਲਗਪਗ 3 ਵਜੇ ਆਵਾਜਾਈ ਖੋਲ੍ਹੀ ਗਈ। ਇਸ ਦੌਰਾਨ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਸਾਬਕਾ ਵਿਧਾਇਕ ਰਾਜਕੁਮਾਰ ਤੇ ਹੋਰ ਕਾਂਗਰਸੀਆਂ ਨੇ ਅੱਜ ਇੱਥੇ ਬੁੱਤ ਨੂੰ ਦੁੱਧ ਨਾਲ ਧੋਤਾ ਅਤੇ ਸਾਫ ਸਫਾਈ ਕਰਕੇ ਇਸ ਦਾ ਸਨਮਾਨ ਬਹਾਲ ਕਰਨ ਦਾ ਯਤਨ ਕੀਤਾ।
ਸੰਸਦ ਮੈਂਬਰ ਨੇ ਇਸ ਮਾਮਲੇ ਦੀ ਜਾਂਚ ਕਿਸੇ ਜੱਜ ਦੀ ਨਿਗਰਾਨੀ ਹੇਠ ਕੀਤੇ ਜਾਣ ਦੀ ਮੰਗ ਕੀਤੀ। ਬੀਤੇ ਕੱਲ੍ਹ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸ਼੍ੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠਾ, ਭਾਜਪਾ ਦੇ ਆਗੂ ਵਿਜੈ ਸਾਂਪਲਾ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਸੀ।

Advertisement

ਮੁਲਜ਼ਮ ਨੂੰ ਮਿਸਾਲੀ ਸਜ਼ਾ ਦੇਵਾਂਗੇ: ਮੁੱਖ ਮੰਤਰੀ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): 

Advertisement

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਦੀ ਹੈਰੀਟੇਜ ਸਟ੍ਰੀਟ ਵਿੱਚ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ। ਸ੍ਰੀ ਮਾਨ ਨੇ ਕਿਹਾ ਕਿ ਸਬੰਧਤ ਨੌਜਵਾਨ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਅੰਬੇਡਕਰ ਦਾ ਸਤਿਕਾਰ ਕਰਨ ਵਾਲੇ ਹਰ ਵਿਅਕਤੀ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਲੋਕਾਂ ਨੂੰ ਸੰਜਮ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਿਣਾਉਣੀਆਂ ਹਰਕਤਾਂ ਕਰਨ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਸੂਬੇ ਦੀ ਅਮਨ-ਸਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਕੈਬਨਿਟ ਮੰਤਰੀਆਂ ਵੱਲੋਂ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਨਿਖੇਧੀ

ਚੰਡੀਗੜ੍ਹ (ਟਨਸ): 

ਪੰਜਾਬ ਦੇ ਸਮੂਹ ਕੈਬਨਿਟ ਮੰਤਰੀਆਂ ਨੇ ਅੰਮ੍ਰਿਤਸਰ ’ਚ ਗਣਤੰਤਰ ਦਿਵਸ ਮੌਕੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਨਿਖੇਧੀ ਕੀਤੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਜ਼ਮ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਏਗੀ। ਡਾ. ਚੀਮਾ ਨੇ ਕਿਹਾ ਕਿ ਸਾਨੂੰ ਬਾਬਾ ਸਾਹਿਬ ਦੀ ਵਿਰਾਸਤ ਦਾ ਸਤਿਕਾਰ ਕਰਦਿਆਂ ਅਜਿਹੀਆਂ ਵੰਡੀਆਂ ਪਾਉਣ ਵਾਲੀਆਂ ਨਫ਼ਰਤ ਭਰੀਆਂ ਹਰਕਤਾਂ ਵਿਰੁੱਧ ਇੱਕਜੁਟ ਹੋ ਕੇ ਇਨ੍ਹਾਂ ਦਾ ਸਾਹਮਣਾ ਕਰਨਾ ਚਾਹੀਦਾ ਹੈ। ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਗਲਿਆਰੇ ਤੋਂ ਘਟਨਾ ਸਥਾਨ ਲਗਪਗ ਕਿਲੋਮੀਟਰ ਦੂਰ ਹੈ, ਪਰ ਇਸ ਸਬੰਧ ਵਿੱਚ ਭਾਜਪਾ ਆਗੂ ਅਤੇ ਸਾਬਕਾ ਸੰਸਦ ਮੈਂਬਰ ਵਿਜੈ ਸਾਂਪਲਾ ਦਾ ਬਿਆਨ ਨਿੰਦਣਯੋਗ ਹੈ। ਜ਼ਿਕਰਯੋਗ ਹੈ ਕਿ ਵਿਜੈ ਸਾਂਪਲਾ ਨੇ ਅਕਾਲ ਤਖ਼ਤ ਦੇ ਜਥੇਦਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਤੋਂ ਇਸ ਸਬੰਧੀ ਸਪੱਸ਼ਟੀਕਰਨ ਮੰਗਿਆ ਹੈ।

ਜਾਖੜ ਨੇ ਮੁਲਜ਼ਮ ਨੂੰ ਸਖਤ ਸਜ਼ਾ ਦੇਣ ਦੀ ਕੀਤੀ ਮੰਗ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੰਮ੍ਰਿਤਸਰ ਵਿੱਚ ਵਾਪਰੀ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਗੁਨਾਹ ਕਰਨ ਵਾਲੇ ਵਿਅਕਤੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੂੰ ਵੀ ਦਿੱਲੀ ਦਾ ਖ਼ਿਆਲ ਛੱਡ ਕੇ ਪੰਜਾਬ ਦਾ ਖ਼ਿਆਲ ਕਰਨਾ ਚਾਹੀਦਾ ਹੈ।ਓ

Advertisement
Author Image

joginder kumar

View all posts

Advertisement