ਸਾਉਣੀ ਸੀਜ਼ਨ: ਪੰਜਾਬ ਮੰਡੀ ਬੋਰਡ ਵੱਲੋਂ ਕੰਟਰੋਲ ਰੂਮ ਸਥਾਪਤ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 28 ਸਤੰਬਰ
ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਵੇਗੀ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਮੰਡੀਆਂ ਵਿੱਚ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਨਿਬੇੜਨ ਲਈ ਪੰਜਾਬ ਮੰਡੀ ਬੋਰਡ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ’ਚ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਸ੍ਰੀ ਬਰਸਟ ਨੇ ਦੱਸਿਆ ਕਿ ਅਨਾਜ ਮੰਡੀ ਵਿੱਚ ਜਿਣਸ ਦੀ ਖ਼ਰੀਦ/ਵੇਚ ਸਬੰਧੀ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਆਉਣ ’ਤੇ ਪਹਿਲੀ ਅਕਤੂਬਰ ਤੋਂ ਇਸ ਕੰਟਰੋਲ ਰੂਮ ਦੇ ਟੈਲੀਫੋਨ ਨੰਬਰ 0172-5101649 ਅਤੇ 0172-5101704 ਉੱਤੇ ਸਵੇਰੇ 9 ਵਜੇ ਤੋਂ ਰਾਤ 8 ਵਜੇ ਤੱਕ ਸੂਚਿਤ ਕੀਤਾ ਜਾ ਸਕਦਾ ਹੈ। ਸਾਫਟਵੇਅਰ ਸਬੰਧੀ ਕੰਪਿਊਟਰ ਸ਼ਾਖਾ ਵੱਲੋਂ ਹੈਲਪਲਾਈਨ ਨੰਬਰ 0172-5101674, 9877937725, 8360899462 ਅਤੇ ਈਮੇਲ ਆਈ.ਡੀ. imspmbsupport0weexcel.in ਸਥਾਪਤ ਕੀਤੀ ਗਈ ਹੈ। ਉਨ੍ਹਾਂ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਖਿਆ ਕਿ ਉਹ ਪੂਰੀ ਤਨਦੇਹੀ ਨਾਲ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿੱਚ ਝੋਨੇ ਦੀ ਖ਼ਰੀਦ ਦੇ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ। ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਿਆ ਜਾਵੇਗਾ। ਉਨ੍ਹਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਸਬੰਧੀ ਸਰਕਾਰੀ ਖ਼ਰੀਦ ਏਜੰਸੀਆਂ ਅਤੇ ਆੜ੍ਹਤੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।