For the best experience, open
https://m.punjabitribuneonline.com
on your mobile browser.
Advertisement

ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਲਈ ਜਾਗਰੂਕਤਾ ਕੈਂਪ

09:07 AM Nov 09, 2024 IST
ਫ਼ਸਲਾਂ ਦੀ ਰਹਿੰਦ ਖੂੰਹਦ ਦੀ ਸੰਭਾਲ ਲਈ ਜਾਗਰੂਕਤਾ ਕੈਂਪ
ਕਿਸਾਨਾਂ ਨੂੰ ਜਾਣਕਾਰੀ ਦਿੰਦੇ ਹੋਏ ਡਾ. ਗੁਰਪ੍ਰੀਤ ਸਿੰਘ ਸਿੱਧੂ, ਡਾ. ਰਜਨੀ ਗੋਇਲ ਤੇ ਹੋਰ।
Advertisement

ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 8 ਨਵੰਬਰ
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਪ੍ਰਾਜੈਕਟ 2024-25 ਅਧੀਨ ਬਲਾਕ ਭੁਨਰਹੇੜੀ ਦੇ ਪਿੰਡ ਮੀਰਾਂਪੁਰ ਵਿੱਚ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਏ ਗਏ। ਇਸ ਵਿੱਚ 60 ਤੋਂ ਵੱਧ ਕਿਸਾਨਾਂ ਨੇ ਹਿੱਸਾ ਲਿਆ।
ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਡਾ. ਗੁਰਪ੍ਰੀਤ ਸਿੰਘ ਸਿੱਧੂ ਨੇ ਕਿਸਾਨਾਂ ਨਾਲ ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਵੱਖ ਵੱਖ ਮਸ਼ੀਨਾਂ ਜਿਵੇਂ ਹੈਪੀ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ, ਮਲਚਰ, ਬੇਲਰ, ਸੀਡ ਡਰਿਲ ਆਦਿ ਬਾਰੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਵੱਖ-ਵੱਖ ਤਰੀਕਿਆਂ ਨਾਲ ਪਰਾਲੀ ਦੀ ਸੰਭਾਲ ਕਰਕੇ ਬੀਜੀ ਕਣਕ ਵਿੱਚ ਖਾਦ ਪ੍ਰਬੰਧਨ ਅਤੇ ਕਣਕ ਦੇ ਬੀਜ ਨੂੰ ਲਗਾਏ ਜਾਣ ਵਾਲੇ ਜੀਵਾਣੂ ਖਾਦ ਦੇ ਟੀਕੇ ਬਾਰੇ ਵੀ ਜਾਣਕਾਰੀ ਦਿੱਤੀ।
ਉਨ੍ਹਾਂ ਕਣਕ ਵਿਚ ਨਦੀਨ ਪ੍ਰਬੰਧਨ ਵੇਲੇ ਪਾਣੀ ਦੀ ਮਾਤਰਾ ਅਤੇ ਨੋਜ਼ਲ ਦੀ ਸਹੀ ਚੋਣ ਦੇ ਮਹੱਤਵ ਬਾਰੇ ਦੱਸਿਆ। ਇਸ ਮੌਕੇ ਪ੍ਰੋਫੈਸਰ (ਭੋਜਨ ਵਿਗਿਆਨ) ਡਾ. ਰਜਨੀ ਗੋਇਲ ਨੇ ਘਰੇਲੂ ਪੱਧਰ ਦੇ ਬਣੇ ਉਤਪਾਦਾਂ ਦੀ ਵਰਤੋਂ ਦੇ ਮਹੱਤਵ ਬਾਰੇ ਦੱਸਦਿਆਂ ਕਣਕ ਦੇ ਨਾਲ ਨਾਲ ਤੇਲ ਬੀਜ ਫ਼ਸਲਾਂ, ਦਾਲਾਂ ਅਤੇ ਫਲਾਂ ਦੀ ਕਾਸ਼ਤ ਨੂੰ ਅਪਣਾਉਣ ਉੱਪਰ ਜ਼ੋਰ ਦਿੱਤਾ। ਇੱਕ ਦਹਾਕੇ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਅਗਾਂਹਵਧੂ ਕਿਸਾਨ ਜਗੀਰ ਸਿੰਘ ਨੇ ਪਰਾਲੀ ਪ੍ਰਬੰਧਨ ਬਾਰੇ ਆਪਣੇ ਤਜਰਬੇ ਸਾਂਝੇ ਕੀਤੇ।

Advertisement

ਲਹਿਰਾ ਤੇ ਮੂਨਕ ਵਿੱਚ ਜਾਗਰੂਕਤਾ ਮੁਹਿੰਮ

ਮੂਨਕ:

Advertisement

ਐੱਸਡੀਐੱਮ ਸੂਬਾ ਸਿੰਘ ਨੇ ਅੱਜ ਦੋਵੇਂ ਹੀ ਸਬ-ਡਵੀਜ਼ਨਾਂ ਦੇ ਵੱਡੀ ਗਿਣਤੀ ਪਿੰਡਾਂ ਵਿੱਚ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ। ਸੂਬਾ ਸਿੰਘ ਨੇ ਦੱਸਿਆ ਕਿ ਇਹ ਮੁਹਿੰਮ ਪਿਛਲੇ ਕਈ ਹਫਤਿਆਂ ਤੋਂ ਜਾਰੀ ਹੈ ਅਤੇ ਪਿਛਲੇ ਸਾਲਾਂ ਨਾਲੋਂ ਇਸ ਵਾਰ ਕਿਸਾਨ ਪਰਾਲੀ ਸਾੜਨ ਦੇ ਰੁਝਾਨ ਨੂੰ ਘਟਾਉਣ ਵਿੱਚ ਮਦਦਗਾਰ ਸਾਬਤ ਹੋ ਰਹੇ ਹਨ। ਐੱਸਡੀਐੱਮ ਸੂਬਾ ਸਿੰਘ ਨੇ ਸਬ ਡਿਵੀਜ਼ਨ ਮੂਨਕ ਵਿੱਚ ਡੀਐੱਸਪੀ ਪਰਮਿੰਦਰ ਸਿੰਘ ਸਮੇਤ ਪਿੰਡ ਸਲੇਮਗੜ੍ਹ, ਹਮੀਰਗੜ੍ਹ, ਮਕਰੋੜ ਸਾਹਿਬ, ਮੰਡਵੀ, ਬੰਗਾ, ਬਸ਼ਹਿਰਾ ਆਦਿ ਕਈ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ। -ਪੱਤਰ ਪ੍ਰੇਰਕ

Advertisement
Author Image

joginder kumar

View all posts

Advertisement