ਝਾੜ ਸਾਹਿਬ ਕਾਲਜ ਵਿੱਚ ਜਾਗਰੂਕਤਾ ਕੈਂਪ
ਪੱਤਰ ਪ੍ਰੇਰਕ
ਮਾਛੀਵਾੜਾ, 25 ਅਕਤੂਬਰ
ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈੱਨ, ਝਾੜ ਸਾਹਿਬ ਦੇ ਪ੍ਰਿੰਸੀਪਲ ਡਾ. ਰਾਜਿੰਦਰ ਕੌਰ ਦੀ ਰਹਿਨੁਮਾਈ ਤੇ ਹੋਮ ਸਾਇੰਸ ਵਿਭਾਗ ਦੇ ਮੁਖੀ ਡਾ. ਰਣਜੀਤ ਕੌਰ ਦੀ ਅਗਵਾਈ ਹੇਠ ਪਰਾਲੀ ਦੀ ਸੁਚੱਜੇ ਢੰਗ ਨਾਲ ਸਾਂਭ-ਸੰਭਾਲ ਦੇ ਉਦੇਸ਼ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਸਮਰਾਲਾ ਵੱਲੋਂ ਝੋਨੇ ਦੀ ਪਰਾਲੀ ਨਾ ਜਲਾਉਣ ਸਬੰਧੀ ਪ੍ਰਾਜੈਕਟ ਅਧੀਨ ਇੱਕ ਰੋਜ਼ਾ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਜਸਮੀਤ ਕੌਰ ਨੇ ਪਹਿਲਾ, ਜਸਪ੍ਰੀਤ ਕੌਰ ਨੇ ਦੂਸਰਾ ਤੇ ਜਸ਼ਨਪ੍ਰੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਪੁਨੀਤ ਕੌਰ, ਸਹਿਜਪ੍ਰੀਤ ਕੌਰ, ਖੁਸ਼ਪ੍ਰੀਤ ਕੌਰ ਨੇ ਹੌਸਲਾ ਵਧਾਊ ਇਨਾਮ ਪ੍ਰਾਪਤ ਕੀਤਾ।
ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਾਲਜ ਵਿਦਿਆਰਥਣ ਸਿਮਰਨਜੀਤ ਕੌਰ ਨੇ ਭਾਸ਼ਣ ਅਤੇ ਜਸ਼ਨਪ੍ਰੀਤ ਕੌਰ ਨੇ ਕਵਿਤਾ ਪੇਸ਼ ਕੀਤੀ। ਡਾ. ਕਰੁਨ ਸ਼ਰਮਾ (ਐਫ.ਐਮ. ਅਤੇ ਪੀ.ਈ.) ਅਤੇ ਡਾ. ਹਰਸ਼ਨੀਤ ਸਿੰਘ (ਅਸਿ. ਪ੍ਰੋ. ਸੋਇਲ ਸਾਇੰਸ ਵਿਭਾਗ) ਕ੍ਰਿਸ਼ੀ ਵਿਗਿਆਨ ਕੇਂਦਰ ਸਮਰਾਲਾ ਨੇ ਪਰਾਲੀ ਤੋਂ ਹੋਣ ਵਾਲੇ ਨੁਕਸਾਨ ਅਤੇ ਇਸ ਦੀ ਸਾਂਭ-ਸੰਭਾਲ ਬਾਰੇ ਤਕਨੀਕੀ ਜਾਣਕਾਰੀ ਵੀ ਦਿੱਤੀ ਅਤੇ ਪਰਾਲੀ ਨੂੰ ਯੂਰੀਆ ਨਾਲ ਸੋਧ ਕੇ ਪਸ਼ੂਆਂ ਦੀ ਖੁਰਾਕ ਵਿੱਚ ਵਰਤਣ ਦੇ ਤਰੀਕਿਆਂ ਬਾਰੇ ਦੱਸਿਆ।