ਭੌਰ ਸੈਦਾਂ ’ਚ ਪਰਾਲੀ ਪ੍ਰਬੰਧਨ ਬਾਰੇ ਜਾਗਰੂਕਤਾ ਕੈਂਪ
ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 26 ਅਕਤੂਬਰ
ਚੌਧਰੀ ਚਰਨ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਦੇ ਕੁਰੂਕਸ਼ੇਤਰ ਕੇਂਦਰ ਵੱਲੋਂ ਜ਼ਿਲ੍ਹੇ ਦੇ ਪਿੰਡ ਭੌਰ ਸੈਦਾਂ ਵਿਚ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਲਾਇਆ ਗਿਆ। ਕੈਂਪ ਵਿਚ ਖੇਤੀਬਾੜੀ ਵਿਗਿਆਨ ਕੇਂਦਰ ਕੁਰੂਕਸ਼ੇਤਰ ਦੇ ਵਿਗਿਆਨੀ ਡਾ. ਸਰਿਤਾ ਰਾਣੀ ਨੇ ਸ਼ਿਰਕਤ ਕੀਤੀ। ਡਾ. ਸਰਿਤਾ ਰਾਣੀ ਨੇ ਫਸਲਾਂ ਦੀ ਰਹਿੰਦ- ਖੂਹੰਦ ਦੇ ਪ੍ਰਬੰਧਨ ਦੇ ਲਾਭਾਂ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਆਪਣੇ ਖੇਤਾਂ ਵਿਚ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਮਿੱਟੀ ਦੀ ਸਿਹਤ ਤੇ ਵਾਤਾਵਰਨ ਨੂੰ ਨੁਕਸਾਨ ਹੁੰਦਾ ਹੈ। ਜਦਕਿ ਇਨਾਂ ਫਸਲਾਂ ਦੀ ਰਹਿੰਦ ਖੂਹੰਦ ਨੂੰ ਮਿੱਟੀ ਵਿਚ ਮਿਲਾਉਣ ਦੇ ਕਈ ਫਾਇਦੇ ਹੁੰਦੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਆਪਣੇ ਖੇਤਾਂ ਦੀ ਮਿੱਟੀ ਦੀ ਪਰਖ ਕਰਾਉਣ ਲਈ ਵੀ ਸਮਝਾਇਆ। ਉਨ੍ਹਾਂ ਕਿਹਾ ਕਿ ਫਸਲਾਂ ਦੀ ਰਹਿੰਦ-ਖੂਹੰਦ ਦੇ ਪ੍ਰਬੰਧਨ ਬਾਰੇ ਜਾਣਕਾਰੀ ਦੇਣ ਲਈ ਖੇਤੀ ਵਿਗਿਆਨ ਕੇਂਦਰ ਵਲੋਂ ਸਮੇਂ ਸਮੇਂ ’ਤੇ ਪਿੰਡ, ਬਲਾਕ ਤੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਪ੍ਰੋਗਰਾਮ, ਖੇਤ ਦਿਵਸ ਤੇ ਕਿਸਾਨ ਮੇਲਿਆਂ ਆਦਿ ਦਾ ਆਯੋਜਨ ਕੀਤਾ ਜਾਂਦਾ ਹੈ ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਜਾਣਕਾਰੀ ਮਿਲ ਸਕੇ।
ਪ੍ਰੋਗਰਾਮ ਦੇ ਅੰਤ ਵਿਚ ਖੇਤਰ ਦੇ ਅਗਾਂਹਵਧੂ ਕਿਸਾਨ ਮਲੂਕ ਸਿੰਘ ਨੇ ਖੇਤੀ ਵਿਗਿਆਨ ਕੇਂਦਰ ਦੇ ਵਿਗਿਆਨੀਆਂ ਦਾ ਪਿੰਡ ਆ ਕੇ ਜਾਣਕਾਰੀ ਸਾਂਝੀ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਸਨ।