ਡਾਇਰੀਆ ਦੀ ਰੋਕਥਾਮ ਲਈ ਜਾਗਰੂਕਤਾ ਮੁਹਿੰਮ
ਨਿੱਜੀ ਪੱਤਰ ਪ੍ਰੇਰਕ
ਖੰਨਾ, 1 ਜੁਲਾਈ
ਇੱਥੋਂ ਨੇੜਲੇ ਪਿੰਡ ਮਾਨੂੰਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਐੱਸਐੱਮਓ ਡਾ. ਰਵੀ ਦੱਤ ਦੀ ਅਗਵਾਈ ਹੇਠ ਅੱਜ ਤੋਂ ‘ਡਾਇਰੀਆ ਦੀ ਰੋਕਥਾਮ, ਸਫ਼ਾਈ ਅਤੇ ਓਆਰਐੱਸ ਦੇ ਨਾਲ’ ਥੀਮ ਅਧੀਨ ਦਸਤ ਰੋਕੂ ਮੁਹਿੰਮ ਚਲਾਈ ਗਈ ਹੈ।
ਡਾ. ਦੱਤ ਨੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਇਹ ਤਾਂ ਹੀ ਉੱਜਵਲ ਹੋਵੇਗਾ ਜੇ ਬੱਚੇ ਤੰਦਰੁਸਤ ਰਹਿਣਗੇ। ਉਨ੍ਹਾਂ ਕਿਹਾ ਕਿ ਦਸਤ ਪੰਜ ਸਾਲ ਦੇ ਬੱਚਿਆਂ ਦੀ ਮੌਤ ਦਾ ਪ੍ਰਮੁੱਖ ਕਾਰਨ ਹੈ, ਇਸ ਲਈ ਮੌਤਾਂ ਨੂੰ ਰੋਕਣ ਲਈ ਸਿਹਤ ਵਿਭਾਗ ਵੱਲੋਂ 1 ਜੁਲਾਈ ਤੋਂ 31 ਅਗਸਤ ਤੱਕ ਦਸਤ ਰੋਕੂ ਮੁਹਿੰਮ ਚਲਾਈ ਜਾ ਰਹੀ ਹੈ ਕਿਉਂਕਿ ਇਸ ਸਮੇਂ ਦੌਰਾਨ ਦਸਤ ਲੱਗਣ ਦਾ ਖਤਰਾ ਜ਼ਿਆਦਾ ਹੁੰਦਾ ਹੈ। ਇਸ ਮੁਹਿੰਮ ਤਹਿਤ ਵੱਖ ਵੱਖ ਸਿਹਤ ਕੇਦਰਾਂ ਤੇ ਲੋਕਾਂ ਨੂੰ ਡਾਇਰੀਆ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ ਅਤੇ ਆਸ਼ਾ ਵਰਕਰ ਘਰ-ਘਰ ਜਾ ਕੇ ਓਆਰਐੱਸ ਦੇ ਪੈਕਟ ਵੰਡਣਗੀਆਂ।
ਇਸ ਮੌਕੇ ਗੁਰਦੀਪ ਸਿੰਘ ਨੇ ਕਿਹਾ ਕਿ ਜੇਕਰ ਬੱਚਾ ਦਿਨ ਵਿਚ 3 ਤੋਂ ਜ਼ਿਆਦਾ ਵਾਰ ਪਤਲਾ ਪਖਾਨਾ ਕਰਦਾ ਹੈ ਤਾਂ ਉਸ ਨੂੰ ਦਸਤ ਕਿਹਾ ਜਾਂਦਾ ਹੈ, ਜਿਸ ਕਾਰਨ ਬੱਚੇ ਨੂੰ ਪਾਣੀ ਦੀ ਕਮੀ ਹੋਣ ਦੀ ਸੰਭਾਵਨਾ ਹੁੰਦੀ ਹੈ। ਇਸ ਲਈ ਜ਼ਰੂਰੀ ਹੈ ਪਖਾਨੇ ਤੋਂ ਬਾਅਦ ਬੱਚੇ ਨੂੰ ਓਆਰਐੱਸ ਦਾ ਘੋਲ ਦਿੱਤਾ ਜਾਵੇ ਅਤੇ ਦਸਤ ਦੀ ਰੋਕਥਾਮ ਲਈ ਸਾਫ਼-ਸਫ਼ਾਈ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ।