ਨਸ਼ਾਮੁਕਤ ਐਲਾਨੇ ਪਿੰਡਾਂ ਦੇ ਸਰਪੰਚਾਂ ਅਤੇ ਸਮਾਜ ਸੇਵੀਆਂਂ ਵੱਲੋਂ ਜਾਗਰੂਕਤਾ ਰੈਲੀ
ਪ੍ਰਭੂ ਦਿਆਲ
ਸਿਰਸਾ, 19 ਅਕਤੂਬਰ
ਪੁਲੀਸ ਵੱਲੋਂ ਲਗਾਤਾਰ ਆਪਣੇ ਪੱਧਰ ’ਤੇ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ ਪਰ ਇਸ ਮੁਹਿੰਮ ਦੀ ਪੂਰਨ ਸਫ਼ਲਤਾ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਅਤੇ ਨਸ਼ਿਆਂ ਖ਼ਿਲਾਫ਼ ਲੋਕ ਲਹਿਰ ਚਲਾਉਣ ਦੀ ਲੋੜ ਹੈ। ਇਹ ਗੱਲਾਂ ਐੱਸਪੀ ਵਿਕਰਾਂਤ ਭੂਸ਼ਣ ਨੇ ਸੀਡੀਐੱਲਯੂ ਦੇ ਆਡੀਟੋਰੀਅਮ ਹਾਲ ਵਿੱਚ ਪੁਲੀਸ ਵੱਲੋਂ ਨਸ਼ਾ ਮੁਕਤ ਐਲਾਨੇ ਗਏ 119 ਪਿੰਡਾਂ ਦੇ ਸਰਪੰਚਾਂ ਅਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਕਹੀਆਂ। ਸੀਡੀਐਲਯੂ ਦੇ ਆਡੀਟੋਰੀਅਮ ਹਾਲ ਵਿੱਚ ਐੱਸਪੀ ਦੀ ਅਗਵਾਈ ਵਿੱਚ ਕਰਵਾਏ ਗਏ ਪ੍ਰੋਗਰਾਮ ਤੋਂ ਬਾਅਦ ਸ਼ਹਿਰ ਦੇ ਮੁੱਖ ਬਾਜ਼ਾਰਾਂ ਨਸ਼ਾ ਮੁਕਤ ਜਾਗਰੂਕਤਾ ਰੈਲੀ ਕਈ ਗਈ। ਉਨ੍ਹਾਂ ਕਿਹਾ ਕਿ ਪੁਲੀਸ ਜਿੱਥੇ ਲਗਾਤਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ, ਉੱਥੇ ਹੀ ਸੈਮੀਨਾਰ ਅਤੇ ਕਾਨਫ਼ਰੰਸਾਂ ਰਾਹੀਂ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਲਗਾਤਾਰ ਜਾਗਰੂਕ ਕਰ ਰਹੀ ਹੈ। ਐੱਸਪੀ ਨੇ ਦੱਸਿਆ ਕਿ ਗ੍ਰਾਮ ਪੰਚਾਇਤਾਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਹੁਣ ਤੱਕ ਜ਼ਿਲ੍ਹੇ ਦੇ 119 ਪਿੰਡ ਅਤੇ ਸਿਰਸਾ ਸ਼ਹਿਰ ਦੇ 4 ਵਾਰਡ ਨਸ਼ਾ ਮੁਕਤ ਹੋ ਚੁੱਕੇ ਹਨ। ਐੱਸਪੀ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਗ੍ਰਾਮ ਪੰਚਾਇਤਾਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਸਮਾਜਿਕ ਲਹਿਰ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਲੇ ਧਨ ਤੋਂ ਸਮੱਗਲਰਾਂ ਵੱਲੋਂ ਹਾਸਲ ਕੀਤੀ ਜਾਇਦਾਦ ਦੀ ਸ਼ਨਾਖਤ ਕਰ ਲਈ ਗਈ ਹੈ ਅਤੇ ਜਲਦੀ ਹੀ ਉਨ੍ਹਾਂ ਦੀ ਜਾਇਦਾਦ ਨੂੰ ਜ਼ਬਤ ਕਰ ਲਿਆ ਜਾਵੇਗਾ।