ਵਲਟੋਹਾ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸੈਮੀਨਾਰ
ਪੱਤਰ ਪ੍ਰੇਰਕ
ਤਰਨ ਤਾਰਨ, 17 ਦਸੰਬਰ
ਯੁਵਕ ਸੇਵਾਵਾਂ ਵਿਭਾਗ ਵਲੋਂ ਸਰਹੱਦੀ ਖੇਤਰ ਦੇ ਪਿੰਡ ਵਲਟੋਹਾ ਵਿੱਚ ਵਿਭਾਗ ਦੇ ਸਹਾਇਕ ਡਾਇਰੈਕਟਰ ਪ੍ਰੀਤ ਕੋਹਲੀ ਦੀ ਅਗਵਾਈ ਵਿੱਚ ਨਸ਼ਿਆਂ ਖਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ ਸੈਮੀਨਾਰ ਕੀਤਾ ਗਿਆ। ਸੈਮੀਨਾਰ ਵਿੱਚ ਵਿਭਾਗ ਨਾਲ ਸਬੰਧਿਤ ਪਿੰਡਾਂ ਦੀਆਂ ਯੂਥ ਕਲੱਬਾਂ ਦੇ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਵਲਟੋਹਾ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ (ਬੀਡੀਪੀਓ) ਬਲਜਿੰਦਰ ਸਿੰਘ ਨੇ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ।
ਵਿਭਾਗ ਦੇ ਅਧਿਕਾਰੀ ਪ੍ਰੀਤ ਕੋਹਲੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਰਕਾਰ ਵੱਲੋਂ ਜਵਾਨੀ ਨੂੰ ਬਚਾਉਣ ਲਈ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਡਾ. ਤਾਕ ਖਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਕਲੱਬਾਂ ਦੇ ਮੈਂਬਰ ਨਸ਼ਾ ਛੱਡਣ ਵਾਲਿਆਂ ਨੂੰ ਇਲਾਜ ਕਰਵਾਉਣ ਲਈ ਸਰਕਾਰੀ ਹਸਪਤਾਲਾਂ ਵਿੱਚ ਦਾਖਲ ਕਰਵਾਉਣ ਦੀ ਸੇਵਾ ਦਾ ਕਾਰਜ ਵੀ ਕਰਦੇ ਹਨ। ਕਲਾਕਾਰ ਗਰੁੱਪ, ਖੇਮਕਰਨ ਦੇ ਕਲਾਕਾਰਾਂ ਵੱਲੋਂ ਡਾਇਰੈਕਟਰ ਕੁਲਦੀਪ ਸਿੰਘ ਦੀ ਅਗਵਾਈ ਪੇਸ਼ ਕੀਤੇ ਨਾਟਕ ਰਾਹੀਂ ਵੀ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕੀਤਾ। ਪਿੰਡ ਦੀ ਯੂਥ ਕਲੱਬ ਦੇ ਪ੍ਰਧਾਨ ਪ੍ਰਭਦੀਪ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ।