ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਵਿੱਚ ਜਾਗਰੂਕਤਾ ਸੈਮੀਨਾਰ
ਰੂਪਨਗਰ/ਬਲਾਚੌਰ
ਜਗਮੋਹਨ ਸਿੰਘ/ਗੁਰਦੇਵ ਸਿੰਘ ਗਹੂੰਣ, 1 ਮਾਰਚ
ਅੱਜ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ਰੈਲਮਾਜਰਾ ਵਿੱਚ ਭਾਰਤ ਸਰਕਾਰ ਦੇ ਸੂਖਮ, ਲਘੂ ਅਤੇ ਮੱਧਿਅਮ ਉਦਯੋਗ ਮੰਤਰਾਲੇ ਦੇ ਸਹਿਯੋਗ ਨਾਲ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਪੇਂਡੂ ਵਿਕਾਸ ਵਿਭਾਗ, ਸੀਐੱਸਸੀ, ਡੀਆਈਸੀ, ਐੱਲਡੀਐੱਮ ਦੇ ਪ੍ਰਤੀਨਿਧੀਆਂ ਤੋਂ ਇਲਾਵਾ ਇਲਾਕੇ ਦੀਆਂ ਗਰਾਮ ਪੰਚਾਇਤਾਂ ਤੇ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਨੁਮਾਇੰਦੇ ਸ਼ਾਮਲ ਹੋਏ। ਸੈਮੀਨਾਰ ਦੌਰਾਨ ਯੂਨੀਵਰਸਿਟੀ ਦੀ ਪ੍ਰੋ. ਵਾਈਸ ਚਾਂਸਲਰ ਡਾ. ਪਰਵਿੰਦਰ ਕੌਰ ਨੇ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ ਸਬੰਧੀ ਵਿਸਥਾਰਪੂਰਵਕ ਚਾਨਣਾ ਪਾਉਂਦਿਆਂ ਦੱਸਿਆ ਕਿ ਇਹ ਸਕੀਮ ਕਾਰੀਗਰਾਂ ਅਤੇ ਸ਼ਿਲਪਕਾਰਾਂ ਦੇ ਲਈ ਬਹੁਤ ਹੀ ਲਾਹੇਵੰਦ ਹੈ ,ਜਿਸ ਰਾਹੀਂ ਸਰਵਪੱਖੀ ਵਿਕਾਸ ਦੀਆਂ ਬੇਹੱਦ ਸੰਭਾਵਨਾਵਾਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਐਲ.ਟੀ.ਐਸ.ਯੂ. ਪੰਜਾਬ ਦੀ ਪਹਿਲੀ ਅਤੇ ਇਕਲੌਤੀ ਹੁਨਰ ਯੂਨੀਵਰਸਿਟੀ ਹੈ, ਜਿਹੜੀ ਇਸ ਸਕੀਮ ਨੂੰ ਲਾਗੂ ਕਰਨ ਵਿੱਚ ਸਭ ਤੋਂ ਮੋਹਰੀ ਰਹੀ ਹੈ। ਉਨ੍ਹਾਂ ਦੱਸਿਆ ਕਿ ਲੈਮਰਿਨ ਟੈੱਕ ਯੂਨੀਵਰਸਿਟੀ ਰਾਹੀਂ 4 ਟਰੇਡਾਂ ਵਿੱਚ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਅਧੀਨ ਯੋਗ ਲਾਭਪਾਤਰੀਆਂ ਨੂੰ ਹੁਨਰ ਸਿਖਲਾਈ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਲਗਭਗ 200 ਲਾਭਪਾਤਰੀ ਇਸ ਯੂਨੀਵਰਸਿਟੀ ਵਿੱਚ ਇਸ ਸਕੀਮ ਰਾਹੀਂ ਮੁੱਢਲੀ ਸਿਖਲਾਈ ਪ੍ਰਾਪਤ ਕਰ ਚੁੱਕੇ ਹਨ। ਇਸ ਮੌਕੇ ਮੁੱਖ ਮਹਿਮਾਨ ਵੱਜੋਂ ਰਵਿੰਦਰ ਕੁਮਾਰ ਬਾਂਸਲ ਐਸ.ਡੀ.ਐਮ. ਬਲਾਚੌਰ ਤੇ ਵਿਸ਼ੇਸ਼ ਮਹਿਮਾਨਾਂ ਵੱਜੋਂ ਸਹਾਇਕ ਡਾਇਰੈਕਟਰ ਆਈ.ਈ.ਡੀ.ਐਸ. ਦੀਪਕ ਚੇਚੀ, ਮਨ ਮਹਿੰਦਰ ਜਨਰਲ ਮੈਨੇਜਰ , ਜ਼ਿਲ੍ਹਾ ਉਦਯੋਗ ਕੇਂਦਰ ਸ਼ਹੀਦ ਭਗਤ ਸਿੰਘ ਨਗਰ ਹਾਜ਼ਰ ਸਨ।