ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਜਾਗਰੂਕਤਾ ਵਾਹਨ ਰਵਾਨਾ
ਗੁਰਦੀਪ ਸਿੰਘ ਲਾਲੀ
ਸੰਗਰੂਰ, 25 ਸਤੰਬਰ
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਜ਼ਿਲ੍ਹਾ ਸੰਗਰੂਰ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਖੇਤਾਂ ਵਿਚ ਹੀ ਵਾਹੁਣ ਅਤੇ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕਰਨ ਦਾ ਹੋਕਾ ਦੇਣ ਵਾਲੇ 5 ਪ੍ਰਚਾਰ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਵਾਹਨਾਂ ਨੂੰ ਰਵਾਨਾ ਕਰਨ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਇਹ ਉਪਰਾਲਾ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਾਗਰੂਕਤਾ ਵਾਹਨ ਚਲਾਉਣ ਦਾ ਮੁੱਖ ਮਕਸਦ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕਰਨਾ, ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਦੇ ਫਾਇਦੇ ਦੱਸਣੇ ਅਤੇ ਅੱਗ ਲਾਉਣ ਨਾਲ ਮਨੁੱਖਾਂ, ਪਸ਼ੂ ਪੰਛੀਆਂ ਅਤੇ ਬਨਸਪਤੀ ਨੂੰ ਹੋਣ ਵਾਲੇ ਨੁਕਸਾਨਾਂ ਸਬੰਧੀ ਜਾਗਰੂਕ ਕਰਨਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਵੀ ਹਾਜ਼ਰ ਸਨ।
ਸੰਦੌੜ (ਮੁਕੰਦ ਸਿੰਘ ਚੀਮਾ): ਜ਼ਿਲ੍ਹਾ ਮਾਲੇਰਕੋਟਲਾ ਵਿਚ ਪਰਾਲੀ ਨੂੰ ਬਿਨਾਂ ਅੱਗ ਲਗਾਏ ਇਸ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਦੇ ਰੁਝਾਨ ਨੂੰ ਜ਼ਮੀਨੀ ਪੱਧਰ ’ਤੇ ਠੱਲ੍ਹ ਪਾਉਣ ਲਈ ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਅੱਜ ਦੋ ਜਾਗਰੂਕਤਾ ਵੈਨਾਂ ਨੂੰ ਰਵਾਨਾ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਆਦਿ ਹਾਜ਼ਰ ਸਨ।