For the best experience, open
https://m.punjabitribuneonline.com
on your mobile browser.
Advertisement

ਹਰਵਿੰਦਰ ਹਰਪਾਲਪੁਰ ਦੀ ਗ੍ਰਿਫ਼ਤਾਰੀ ਲਈ ਅੜੇ ਕਿਸਾਨ

08:04 AM May 08, 2024 IST
ਹਰਵਿੰਦਰ ਹਰਪਾਲਪੁਰ ਦੀ ਗ੍ਰਿਫ਼ਤਾਰੀ ਲਈ ਅੜੇ ਕਿਸਾਨ
ਹਰਵਿੰਦਰ ਹਰਪਾਲਪੁਰ।
Advertisement

ਸਰਬਜੀਤ ਸਿੰਘ ਭੰਗੂ
ਪਟਿਆਲਾ, 7 ਮਈ
ਪਿੰਡ ਸੇਹਰਾ ਵਿੱਚ ਚਾਰ ਮਈ ਨੂੰ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਚੋਣ ਪ੍ਰੋਗਰਾਮ ਦੌਰਾਨ ਕੀਤੇ ਗਏ ਰੋਸ ਪ੍ਰਦਰਸ਼ਨ ਮੌਕੇ ਫੌਤ ਹੋਏ ਕਿਸਾਨ ਸੁਰਿੰਦਰਪਾਲ ਸਿੰਘ ਆਕੜੀ ਦਾ ਸਸਕਾਰ ਅੱਜ ਚੌਥੇ ਦਿਨ ਵੀ ਨਾ ਹੋ ਸਕਿਆ। ਕਿਸਾਨ ਆਗੂ ਮ੍ਰਿਤਕ ਨੂੰ ਸ਼ਹੀਦ ਐਲਾਨ ਕੇ ਉਸ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਅਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਸਣੇ ਉਸ ਦੀ ਮੌਤ ਸਬੰਧੀ ਦਰਜ ਕੇਸ ’ਚ ਸ਼ਾਮਲ ਪ੍ਰਨੀਤ ਕੌਰ ਦੇ ਸਮਰਥਕ ਹਰਵਿੰਦਰ ਸਿੰਘ ਹਰਪਾਲਪੁਰ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਕਿਸਾਨ ਧਿਰਾਂ ਵੱਲੋਂ 7 ਮਈ ਤੱਕ ਦਾ ਅਲਟੀਮੇਟਮ ਦਿੰਦਿਆਂ, 8 ਮਈ ਨੂੰ ਪ੍ਰਨੀਤ ਕੌਰ ਦੀ ਪਟਿਆਲਾ ਸਥਿਤ ਨਿੱਜੀ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਅੱਗੇ ਧਰਨਾ ਲਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਅੱਜ ਇਸ ਧਰਨੇ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਕਿਸਾਨ ਨੇਤਾਵਾਂ ਨੇ 8 ਮਈ ਤੋਂ ਇਹ ਧਰਨਾ ਸ਼ੁਰੂ ਕਰਨ ਦਾ ਅੱਜ ਮੁੜ ਐਲਾਨ ਕੀਤਾ।
ਜ਼ਿਕਰਯੋਗ ਹੈ ਕਿ ਕਿਸਾਨਾਂ ਨੇ 4 ਮਈ ਨੂੰ ਜ਼ਿਲ੍ਹੇ ਦੇ ਪਿੰਡ ਸੇਹਰਾ ਵਿੱਚ ਚੋਣ ਪ੍ਰੋਗਰਾਮ ਦੌਰਾਨ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਸੀ। ਇਸ ਦੌਰਾਨ ਹੋਈ ਧੱਕਾ ਮੁੱਕੀ ਮਗਰੋਂ ਕਿਸਾਨ ਸੁਰਿੰਦਰਪਾਲ ਸਿੰਘ ਆਕੜੀ ਦੀ ਮੌਤ ਹੋ ਗਈ ਸੀ। ਇਸ ਸਬੰਧੀ ਮ੍ਰਿਤਕ ਦੀ ਪਤਨੀ ਦੇ ਬਿਆਨਾਂ ’ਤੇ ਖੇੜੀ ਗੰਡਿਆਂ ਪੁਲੀਸ ਵੱਲੋਂ ਹਰਵਿੰਦਰ ਸਿੰਘ ਹਰਪਾਲਪੁਰ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਕਿਸਾਨ ਮੋਰਚੇ ਦੀ ਅਗਵਾਈ ਕਰ ਰਹੇ ਸਰਵਣ ਸਿੰਘ ਪੰਧੇਰ ਦਾ ਕਹਿਣਾ ਸੀ ਕਿ ਧਰਨੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਅੱਠ ਮਈ ਨੂੰ ਕਿਸਾਨ ਮੋਤੀ ਮਹਿਲ ਨੂੰ ਘੇਰਨਗੇ।
ਉਧਰ, ਕਿਸਾਨ ਆਗੂ ਮਨਜੀਤ ਘੁਮਾਣਾ, ਮਨਜੀਤ ਨਿਆਲ ਤੇ ਮਾਨ ਸਿੰਘ ਰਾਜਪੁਰਾ ਨੇ ਦੱਸਿਆ ਕਿ ਕਿਸਾਨੀ ਮੰਗਾਂ ਦੀ ਪੂਰਤੀ ਲਈ ਸ਼ੰਭੂ ਬਾਰਡਰ ’ਤੇ ਜਾਰੀ ਕਿਸਾਨਾਂ ਦਾ ਧਰਨਾ ਅੱਜ 84ਵੇਂ ਦਿਨ ਅਤੇ ਤਿੰਨ ਕਿਸਾਨਾਂ ਦੀ ਰਿਹਾਈ ਲਈ ਸ਼ੰਭੂ ਰੇਲਵੇ ਟਰੈਕ ’ਤੇ ਧਰਨਾ 21ਵੇਂ ਦਿਨ ’ਚ ਸ਼ਾਮਲ ਹੋ ਗਿਆ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਦੇ ਸੌ ਦਿਨ ਪੂਰੇ ਹੋਣ ’ਤੇ 22 ਮਈ ਨੂੰ ਸ਼ੰਭੂ, ਢਾਬੀਗੁੱਜਰਾਂ, ਡੱਬਵਾਲੀ ਅਤੇ ਰਤਨਪੁਰਾ ਬਾਰਡਰਾਂ ’ਤੇ ਸਮਾਗਮ ਹੋਣਗੇ।

Advertisement

Advertisement
Author Image

joginder kumar

View all posts

Advertisement
Advertisement
×