ਬਾਬੇ ਨਾਨਕ ਦਾ ਜੋਤੀ-ਜੋਤਿ ਪੁਰਬ ਮਨਾਇਆ
ਪੱਤਰ ਪ੍ਰੇਰਕ
ਨਵੀਂ ਦਿੱਲੀ, 11 ਅਕਤੂਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦਾ ਜੋਤੀ-ਜੋਤ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਮੁੱਖ ਸਮਾਗਮ ਗੁਰਦੁਆਰਾ ਨਾਨਕ ਪਿਆਊ ਸਾਹਿਬ ਵਿਖੇ ਹੋਇਆ, ਜਿਥੇ ਵੱਡੀ ਗਿਣਤੀ ਵਿਚ ਸੰਗਤ ਨਤਮਸਤਕ ਹੋਈ ਤੇ ਗੁਰੂ ਕੀ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਨੂੰ ਸਰਵਣ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਉਸ ਵੇਲੇ ਦੁਨੀਆਂ ਵਿਚ ਆਏ ਸਨ, ਜਦੋਂ ਸਮਾਜ ਵਿਚ ਬਹੁਤ ਸਾਰੇ ਭਰਮ ਭੁਲੇਖੇ ਪਾਏ ਜਾਂਦੇ ਸਨ ਤੇ ਲੋਕਾਂ ਨੂੰ ਗੁਮਰਾਹ ਕੀਤਾ ਜਾਂਦਾ ਸੀ। ਗੁਰੂ ਸਾਹਿਬ ਨੇ ਸਮਾਜ ’ਚੋਂ ਸਾਰੇ ਭਰਮ ਭੁਲੇਖੇ ਦੂਰ ਕੀਤੇ ਤੇ ਸਮਾਜ ਨੂੰ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦਾ ਉਪਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਅੱਜ ਸਮੁੱਚੀ ਸਿੱਖ ਕੌਮ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲ ਦੇਸ਼ ਤੇ ਦੁਨੀਆਂ ਵਿਚ ਸੰਗਤਾਂ ਦੀ ਸੇਵਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਚਾਰ ਉਦਾਸੀਆਂ ਕਰ ਕੇ ਇਥੋਂ ਲੈ ਕੇ ਬਗਦਾਦ ਤੱਕ ਤੇ ਜਗਨਨਾਥ ਪੁਰੀ ਤੱਕ ਹਰ ਥਾਂ ’ਤੇ ਜਾ ਕੇ ਲੋਕਾਂ ਦੇ ਭੁਲੇਖੇ ਦੂਰ ਕੀਤੇ। ਉਨ੍ਹਾਂ ਕਿਹਾ ਕਿ ਜਦੋਂ ਗੁਰੂ ਸਾਹਿਬ ਮੱਕਾ ਮਦੀਨਾ ਗਏ ਤਾਂ ਉਨ੍ਹਾਂ ਦੱਸਿਆ ਕਿ ਰੱਬ ਹਰ ਪਾਸੇ ਹੈ। ਸ੍ਰੀ ਕਾਹਲੋਂ ਨੇ ਕਿਹਾ ਕਿ ਜੇਕਰ ਅਸੀਂ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਰਾਹ ’ਤੇ ਚੱਲੀਏ ਤਾਂ ਉਸ ਤੋਂ ਚੰਗਾ ਜੀਵਨ ਹੋਰ ਕੋਈ ਨਹੀਂ ਹੋ ਸਕਦਾ।