ਬਾਬਾ ਸਰਬਜੋਤ ਸਿੰਘ ਬੇਦੀ ਤੇ ਸੰਤ ਸੇਵਾ ਸਿੰਘ ਰਾਮਪੁਰ ਖੇੜਾ ਸਾਹਿਬ ਵਲੋਂ ਜਥੇਦਾਰਾਂ ਦੀਆਂ ਸੇਵਾਵਾਂ ਖਤਮ ਕਰਨ ਦੀ ਨਿਖੇਧੀ
ਨਿੱਜੀ ਪੱਤਰ ਪ੍ਰੇਰਕ
ਹੁਸ਼ਿਆਰਪੁਰ, 8 ਮਾਰਚ
ਸੰਤ ਸਮਾਜ ਦੇ ਆਗੂ ਬਾਬਾ ਸਰਬਜੋਤ ਸਿੰਘ ਬੇਦੀ ਅਤੇ ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜੇ ਵਾਲਿਆਂ ਨੇ ਜਥੇਦਾਰ ਹਰਪ੍ਰੀਤ ਸਿੰਘ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਦਾ ਸਖਤ ਵਿਰੋਧ ਕੀਤਾ ਹੈ।
ਆਗੂਆਂ ਨੇ ਕਿਹਾ ਕਿ ਸਿੱਖੀ ਸਿਧਾਂਤਾਂ ਤੋਂ ਸੱਖਣੇ ਬਾਦਲ ਦਲ ਨੇ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਉੱਪਰ ਬੇ-ਬੁਨਿਆਦੀ ਦੋਸ਼ ਲਾਉਣ ਉਪਰੰਤ ਹੁਣ ਇਹ ਕਾਰਵਾਈ ਕੀਤੀ ਹੈ। ਬਾਦਲ ਪਰਿਵਾਰ ਨੇ ਗਿਆਨੀ ਰਘਬੀਰ ਸਿੰਘ ਅਤੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਬਿਨਾਂ ਕਿਸੇ ਦੋਸ਼ ਕੇਵਲ ਆਪਣੀ ਹੱਠ-ਧਰਮੀ ਨੂੰ ਪੂਰਾ ਕਰਨ ਲਈ ਬਰਖਾਸਤ ਕਰਕੇ ਆਪਣੇ ਚਿਹਰੇ ਨੂੰ ਉਜਾਗਰ ਕੀਤਾ ਹੈ। ਸੰਤ ਸਮਾਜ ਦੇ ਆਗੂਆਂ ਨੇ ਕਿਹਾ ਕਿ ਬਾਦਲ ਦਲ ਦਾ ਇਹ ਵਰਤਾਰਾ ਸ੍ਰੀ ਅਕਾਲ ਤਖਤ ਸਾਹਿਬ ਉੱਪਰ ਹੋਏ ਫੌਜੀ ਹਮਲੇ ਤੋਂ ਬਾਅਦ ਤਖਤ ਸਾਹਿਬ ਦੇ ਸਿਧਾਂਤ ’ਤੇ ਵੱਡਾ ਹਮਲਾ ਹੈ। ਉਨ੍ਹਾਂ ਪੰਥ ਦੀਆਂ ਸਮੂਹ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਮੱਤਭੇਦਾਂ ਨੂੰ ਪਾਸੇ ਰੱਖ ਕੇ ਕੌਮ ਦੀ ਚੜ੍ਹਦੀ ਕਲਾ ਲਈ ਇਕੱਠੇ ਹੋ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਚਾਪਲੂਸਾਂ ਕਾਰਨ ਹੋਰਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ।