Baba Siddique murder: ਬਾਬਾ ਸਿੱਦੀਕੀ ਕਤਲ ਕਾਂਡ: ਮੁੱਖ ਸ਼ੂਟਰ ਸਣੇ ਅੱਠ ਮੁਲਜ਼ਮ 7 ਦਸੰਬਰ ਤਕ ਪੁਲੀਸ ਰਿਮਾਂਡ ’ਤੇ ਭੇਜੇ
ਮੁੰਬਈ, 3 ਦਸੰਬਰ
Anmol Bishnoi: ਇਥੋਂ ਦੀ ਪੁਲੀਸ ਨੇ ਅੱਜ ਵਿਸ਼ੇਸ਼ ਅਦਾਲਤ ਨੂੰ ਦੱਸਿਆ ਕਿ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਦਾ ਨਾਮ ਐਨਸੀਪੀ ਆਗੂ ਬਾਬਾ ਸਿੱਦੀਕੀ ਦੀ ਹੱਤਿਆ ਦੇ ਮੁੱਖ ਸਾਜ਼ਿਸ਼ਘਾੜੇ ਵਜੋਂ ਸਾਹਮਣੇ ਆਇਆ ਹੈ। ਅਦਾਲਤ ਨੇ ਮੁੱਖ ਸ਼ੂਟਰ ਸਣੇ ਅੱਠ ਮੁਲਜ਼ਮਾਂ ਨੂੰ ਸੱਤ ਦਸੰਬਰ ਤਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਪੁਲੀਸ ਨੇ ਮਹਾਰਾਸ਼ਟਰ ਕੰਟਰੋਲ ਆਫ਼ ਆਰਗੇਨਾਈਜ਼ਡ ਕ੍ਰਾਈਮ ਐਕਟ (ਮਕੋਕਾ) ਦਾ ਹਵਾਲਾ ਦਿੰਦੇ ਹੋਏ ਸਿੱਦੀਕੀ ਕਤਲ ਮਾਮਲੇ ਦੇ ਅੱਠ ਮੁਲਜ਼ਮਾਂ ਦਾ ਰਿਮਾਂਡ ਮੰਗਿਆ। ਵਿਸ਼ੇਸ਼ ਮਕੋਕਾ ਅਦਾਲਤ ਦੇ ਜੱਜ ਏ ਐਮ ਪਾਟਿਲ ਨੇ ਮੁੱਖ ਸ਼ੂਟਰ ਸ਼ਿਵਕੁਮਾਰ ਗੌਤਮ ਸਮੇਤ ਅੱਠ ਮੁਲਜ਼ਮਾਂ ਨੂੰ 7 ਦਸੰਬਰ ਤੱਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਹਾਲ ਹੀ ਵਿੱਚ ਅਮਰੀਕਾ ਵਿੱਚ ਨਜ਼ਰਬੰਦ ਕੀਤੇ ਗਏ ਅਨਮੋਲ ਨੂੰ ਇਸ ਕੇਸ ਵਿੱਚ ਲੋੜੀਂਦਾ ਮੁਲਜ਼ਮ ਦਿਖਾਇਆ ਗਿਆ ਹੈ। ਸੁਣਵਾਈ ਦੌਰਾਨ ਮੁੰਬਈ ਪੁਲੀਸ ਨੇ ਅਦਾਲਤ ਨੂੰ ਦੱਸਿਆ ਕਿ ਜਾਂਚ ਦੌਰਾਨ ਅਨਮੋਲ ਦਾ ਨਾਂ ਮਾਮਲੇ ਦੇ ਮੁੱਖ ਸਾਜ਼ਿਸ਼ਘਾੜੇ ਵਜੋਂ ਸਾਹਮਣੇ ਆਇਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਉਹ ਹੋਰ ਮੁਲਜ਼ਮਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰ ਰਿਹਾ ਸੀ ਅਤੇ ਫੰਡਾਂ ਦੇ ਸਰੋਤ ਅਤੇ ਵਰਤੋਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਦੀ ਲੋੜ ਹੈ। ਇਸ ਤੋਂ ਪਹਿਲਾਂ ਕ੍ਰਾਈਮ ਬ੍ਰਾਂਚ ਨੇ ਇਸ ਮਾਮਲੇ ’ਚ ਹੁਣ ਤੱਕ ਕਥਿਤ ਮੁੱਖ ਸ਼ੂਟਰ ਸ਼ਿਵਕੁਮਾਰ ਗੌਤਮ ਸਮੇਤ 26 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਸਾਰੇ ਮੁਲਜ਼ਮਾਂ ਨੂੰ ਪਹਿਲਾਂ ਮੈਜਿਸਟ੍ਰੇਟ ਅਦਾਲਤ ਨੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ ਪਰ 30 ਨਵੰਬਰ ਨੂੰ ਪੁਲੀਸ ਨੇ ਸਾਰੇ 26 ਮੁਲਜ਼ਮਾਂ ਖਿਲਾਫ ਮਕੋਕਾ ਦੀਆਂ ਸਖਤ ਧਾਰਾਵਾਂ ਲਾਗੂ ਕਰ ਦਿੱਤੀਆਂ ਹਨ।