Baba Siddique murder: ਅੱਠ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ
ਮੁੰਬਈ, 7 ਦਸੰਬਰ
Baba Siddique murder: ਇੱਥੋਂ ਦੀ ਇੱਕ ਵਿਸ਼ੇਸ਼ ਮਕੋਕਾ ਅਦਾਲਤ ਨੇ ਬਾਬਾ ਸਿੱਦੀਕੀ ਕਤਲ ਕੇਸ ਦੇ ਅੱਠ ਮੁਲਜ਼ਮਾਂ ਨੂੰ 16 ਦਸੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਮੁੰਬਈ ਪੁਲੀਸ ਨੇ ਇਸ ਮਾਮਲੇ ਵਿੱਚ ਹੁਣ ਤੱਕ 26 ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਇਨ੍ਹਾਂ ਖਿਲਾਫ ਮਹਾਰਾਸ਼ਟਰ ਕੰਟਰੋਲ ਆਫ ਆਰਗੇਨਾਈਜ਼ਡ ਕ੍ਰਾਈਮ ਐਕਟ (ਮਕੋਕਾ) ਦੀ ਮੰਗ ਕੀਤੀ ਸੀ। ਇਸ ਮੌਕੇ ਅੱਜ ਮੁੱਖ ਸ਼ੂਟਰ ਸ਼ਿਵਕੁਮਾਰ ਗੌਤਮ ਸਣੇ ਅੱਠ ਮੁਲਜ਼ਮਾਂ ਨੂੰ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਮਕੋਕਾ ਤਹਿਤ ਕੇਸਾਂ ਲਈ ਵਿਸ਼ੇਸ਼ ਜੱਜ ਏ ਐਮ ਪਾਟਿਲ ਸਾਹਮਣੇ ਪੇਸ਼ ਕੀਤਾ ਗਿਆ। ਅਦਾਲਤ ਨੇ ਜਾਂਚ ਏਜੰਸੀ ਦੀ ਮੰਗ ’ਤੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ। ਬਾਕੀ ਮੁਲਜ਼ਮ ਪਹਿਲਾਂ ਹੀ ਜੁਡੀਸ਼ੀਅਲ ਰਿਮਾਂਡ ’ਤੇ ਹਨ। ਇਸ ਕੇਸ ਵਿੱਚ ਲੋੜੀਂਦੇ ਵਿਅਕਤੀਆਂ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸ ਦਾ ਭਰਾ ਅਨਮੋਲ ਬਿਸ਼ਨੋਈ ਵੀ ਸ਼ਾਮਲ ਹਨ।
ਇਸ ਤੋਂ ਪਹਿਲਾਂ ਅਮਰੀਕਾ ਵਿੱਚ ਨਜ਼ਰਬੰਦ ਕੀਤੇ ਗਏ ਅਨਮੋਲ ਬਿਸ਼ਨੋਈ ਨੂੰ ਇਸ ਕੇਸ ਵਿੱਚ ਲੋੜੀਂਦਾ ਮੁਲਜ਼ਮ ਦਿਖਾਇਆ ਗਿਆ ਸੀ। ਸੁਣਵਾਈ ਦੌਰਾਨ ਮੁੰਬਈ ਪੁਲੀਸ ਨੇ ਅਦਾਲਤ ਨੂੰ ਦੱਸਿਆ ਕਿ ਜਾਂਚ ਦੌਰਾਨ ਅਨਮੋਲ ਦਾ ਨਾਂ ਮਾਮਲੇ ਦੇ ਮੁੱਖ ਸਾਜ਼ਿਸ਼ਘਾੜੇ ਵਜੋਂ ਸਾਹਮਣੇ ਆਇਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਉਹ ਹੋਰ ਮੁਲਜ਼ਮਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰ ਰਿਹਾ ਸੀ ਅਤੇ ਫੰਡਾਂ ਦੇ ਸਰੋਤ ਅਤੇ ਵਰਤੋਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਦੀ ਲੋੜ ਹੈ।
ਜ਼ਿਕਰਯੋਗ ਹੈ ਕਿ ਬਾਬਾ ਸਿੱਦੀਕੀ (66) ਦੀ ਮੁੰਬਈ ਦੇ ਬਾਂਦਰਾ ਇਲਾਕੇ ਦੇ ਖੇਰ ਨਗਰ ਵਿੱਚ ਉਨ੍ਹਾਂ ਦੇ ਪੁੱਤਰ ਤੇ ਵਿਧਾਇਕ ਜੀਸ਼ਾਨ ਸਿੱਦੀਕੀ ਦੇ ਦਫ਼ਤਰ ਦੇ ਬਾਹਰ 12 ਅਕਤੂਬਰ ਦੀ ਰਾਤ ਨੂੰ ਤਿੰਨ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਉਨ੍ਹਾਂ ਨੂੰ ਲੀਲਾਵਤੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਸੀ। ਪੀਟੀਆਈ