ਬਾਬਾ ਸਿੱਦੀਕੀ ਮਾਮਲਾ: ਮੁਲਜ਼ਮਾਂ ਦਾ ਪੁਲੀਸ ਰਿਮਾਂਡ 25 ਅਕਤੂਬਰ ਤਕ ਵਧਾਇਆ
ਮੁੰਬਈ, 21 ਅਕਤੂਬਰ
Baba Siddique Murder Case: ਇੱਥੋਂ ਦੀ ਇਕ ਅਦਾਲਤ ਨੇ ਐੱਨਸੀਪੀ ਆਗੂ ਬਾਬਾ ਸਿੱਦੀਕੀ ਕਤਲ ਕੇਸ ਵਿਚ ਨਾਮਜ਼ਦ ਚਾਰ ਜਣਿਆਂ ਦਾ ਪੁਲੀਸ ਰਿਮਾਂਡ ਵਧਾ ਦਿੱਤਾ ਹੈ। ਅਦਾਲਤ ਨੇ ਗੁਰਮੇਲ ਸਿੰਘ, ਧਰਮਰਾਜ ਕਸ਼ਿਅਪ, ਪ੍ਰਵੀਨ ਲੋਕਰ ਅਤੇ ਹਰੀਸ਼ ਕੁਮਾਰ ਨੂੰ 25 ਅਕਤੂਬਰ ਤੱਕ ਪੁਲੀਸ ਹਿਰਾਸਤ ਵਿਚ ਭੇਜ ਦਿੱਤਾ ਹੈ। ਮੁਲਜ਼ਮਾਂ ਦੀ ਪੁਲੀਸ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਮੁੰਬਈ ਦੀ ਇਕ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਮੌਕੇ ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਮੁਲਜ਼ਮ ਜਾਂਚ ਵਿਚ ਪੁਲੀਸ ਨੂੰ ਸਹਿਯੋਗ ਨਹੀਂ ਦੇ ਰਹੇ ਤੇ ਗਲਤ ਜਾਣਕਾਰੀ ਦੇ ਕੇ ਪੁਲੀਸ ਨੂੰ ਗੁੰਮਰਾਹ ਕਰ ਰਹੇ ਹਨ ਜਿਸ ਤੋਂ ਬਾਅਦ ਅਦਾਲਤ ਨੇ ਮੁਲਜ਼ਮਾਂ ਦਾ ਪੁਲੀਸ ਰਿਮਾਂਡ ਵਧਾ ਦਿੱਤਾ।
ਇਸ ਤੋਂ ਪਹਿਲਾਂ ਪੁਲੀਸ ਅਧਿਕਾਰੀਆਂ ਨੇ ਖੁਲਾਸਾ ਕੀਤਾ ਸੀ ਕਿ ਇਨ੍ਹਾਂ ਮੁਲਜ਼ਮਾਂ ਤੋਂ ਇਲਾਵਾ ਇਸ ਮਾਮਲੇ ਵਿਚ ਹੋਰਾਂ ਸ਼ੱਕੀਆਂ ਕੋਲੋਂ ਪੁੱਛਗਿੱਛ ਕੀਤੀ ਗਈ ਸੀ ਜਿਨ੍ਹਾਂ ਮੰਨਿਆ ਕਿ ਉਨ੍ਹਾਂ ਨੇ ਬਾਬਾ ਸਿੱਦੀਕੀ ਦੇ ਕਤਲ ਲਈ 50 ਲੱਖ ਰੁਪਏ ਦੀ ਮੰਗ ਕੀਤੀ ਸੀ ਪਰ ਪੈਸਿਆਂ ਨੂੰ ਲੈ ਕੇ ਅਸਹਿਮਤੀ ਅਤੇ ਐੱਨਸੀਪੀ ਆਗੂ ਦੇ ਪ੍ਰਭਾਵ ਨੂੰ ਦੇਖਦੇ ਹੋਏ ਉਹ ਪਿੱਛੇ ਹਟ ਗਏ ਹਨ। ਹਾਲਾਂਕਿ ਉਨ੍ਹਾਂ ਨੇ ਸਾਬਕਾ ਵਿਧਾਇਕ ਨੂੰ ਗੋਲੀ ਮਾਰਨ ਵਿੱਚ ਸ਼ਾਮਲ ਵਿਅਕਤੀਆਂ ਨੂੰ ਸਾਜ਼ੋ-ਸਾਮਾਨ ਅਤੇ ਹੋਰ ਸਹਾਇਤਾ ਮੁਹੱਂਈਆ ਕਰਵਾਈ ਸੀ। ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ (66) ਦੀ 12 ਅਕਤੂਬਰ ਦੀ ਰਾਤ ਨੂੰ ਮੁੰਬਈ ਦੇ ਬਾਂਦਰਾ ਸਥਿਤ ਉਨ੍ਹਾਂ ਦੇ ਵਿਧਾਇਕ ਪੁੱਤਰ ਜੀਸ਼ਾਨ ਸਿੱਦੀਕੀ ਦੇ ਦਫ਼ਤਰ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।