ਬਾਬਾ ਸਿੱਦੀਕੀ ਕਤਲ ਮਾਮਲਾ: ਸ਼ੂਟਰ ਸ਼ਿਵ ਕੁਮਾਰ ਸਣੇ ਪੰਜ ਗ੍ਰਿਫ਼ਤਾਰ
ਮੁੰਬਈ/ਲਖਨਊ, 10 ਨਵੰਬਰ
ਉਤਰ ਪ੍ਰਦੇਸ਼ ਪੁਲੀਸ ਦੀ ਐੱਸਟੀਐੱਫ ਤੇ ਮੁੰਬਈ ਪੁਲੀਸ ਨੇ ਸਾਂਝੇ ਤੌਰ ’ਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਆਗੂ ਬਾਬਾ ਸਿੱਦੀਕੀ ਦੇ ਕਤਲ ਮਾਮਲੇ ਵਿੱਚ ਲੋੜੀਂਦੇ ਸ਼ੂਟਰ ਸ਼ਿਵ ਕੁਮਾਰ ਤੇ ਚਾਰ ਹੋਰਨਾ ਨੂੰ ਬਹਿਰਾਈਚ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੁਲੀਸ ਦੇ ਇਕ ਉਚ ਅਧਿਕਾਰੀ ਨੇ ਸਾਂਝੀ ਕੀਤੀ ਹੈ। ਜ਼ਿਕਰਯੋਗ ਹੈ ਕਿ ਬਾਬਾ ਸਿੱਦੀਕੀ (66) ਨੂੰ ਮੁੰਬਈ ਦੇ ਬਾਂਦਰਾ ਇਲਾਕੇ ਦੇ ਖੇਰ ਨਗਰ ਵਿੱਚ ਉਨ੍ਹਾਂ ਦੇ ਪੁੱਤਰ ਤੇ ਵਿਧਾਇਕ ਜੀਸ਼ਾਨ ਸਿੱਦੀਕੀ ਦੇ ਦਫ਼ਤਰ ਦੇ ਬਾਹਰ 12 ਅਕਤੂਬਰ ਦੀ ਰਾਤ ਨੂੰ ਤਿੰਨ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਉਨ੍ਹਾਂ ਨੂੰ ਲੀਲਾਵਤੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਮੁੰਬਈ ਪੁਲੀਸ ਦੇ ਇਕ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਉਨ੍ਹਾਂ ਨੇ ਸਿੱਦੀਕੀ ਦੇ ਕਤਲ ਮਾਮਲੇ ਵਿੱਚ ਉਤਰ ਪ੍ਰਦੇਸ਼ ਦੇ ਸ਼ੂਟਰ ਤੇ ਉਸ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇਨ੍ਹਾਂ ਨੂੰ ਮੁੰਬਈ ਲਿਆਂਦਾ ਜਾ ਰਿਹਾ ਹੈ। ਲਖਨਊ ਵਿੱਚ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲੀਸ (ਲਾਅ ਐਂਡ ਆਰਡਰ) ਅਮਿਤਾਭ ਯਸ਼ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਐੱਸੀਟੀਐੱਫ ਅਤੇ ਮੁੰਬਈ ਕਰਾਈਮ ਬਰਾਂਚ ਨੇ ਸ਼ੂਟਰ ਸ਼ਿਵ ਕੁਮਾਰ ਤੇ ਉਸ ਦੇ ਚਾਰ ਸਾਥੀਆਂ ਨੂੰ ਬਹਿਰਾਈਚ ਜ਼ਿਲ੍ਹੇ ਦੇ ਨਾਨਪਾਰਾ ਤੋਂ ਗ੍ਰਿਫ਼ਤਾਰ ਕੀਤਾ ਹੈ। ਯਸ਼ ਨੇ ਦੱਸਿਆ ਕਿ ਮੁਲਜ਼ਮ ਸ਼ਿਵ ਕੁਮਾਰ ਨੇਪਾਲ ਭੱਜਣ ਦੀ ਤਾਕ ਵਿੱਚ ਸੀ।