ਬਾਬਾ ਸਿੱਦੀਕੀ ਕਤਲ: ਮੁੰਬਈ ਪੁਲੀਸ ਵੱਲੋਂ ਤਿੰਨ ਖਿਲਾਫ ਲੁੱਕ ਆਊਟ ਸਰਕੂਲਰ ਜਾਰੀ
ਮੁੰਬਈ, 17 ਅਕਤੂਬਰ
ਐਨਸੀਪੀ ਆਗੂ ਬਾਬਾ ਸਿੱਦੀਕੀ ਹੱਤਿਆ ਦੀ ਜਾਂਚ ਕਰ ਰਹੀ ਮੁੰਬਈ ਪੁਲੀਸ ਨੇ ਮੁੱਖ ਸ਼ੂਟਰ ਸ਼ਿਵਕੁਮਾਰ ਗੌਤਮ ਸਣੇ ਤਿੰਨ ਮੁਲਜ਼ਮਾਂ ਨੂੰ ਦੇਸ਼ ਤੋਂ ਭੱਜਣ ਤੋਂ ਰੋਕਣ ਲਈ ਲੁੱਕ ਆਊਟ ਸਰਕੂਲਰ (ਐਲਓਸੀ) ਜਾਰੀ ਕੀਤਾ ਹੈ। ਇਸ ਮਾਮਲੇ ਵਿਚ ਦੋ ਹੋਰ ਸ਼ੁਭਮ ਲੋਨਕਰ ਅਤੇ ਮੁਹੰਮਦ ਜੀਸ਼ਾਨ ਅਖਤਰ ਸ਼ਾਮਲ ਹਨ। ਅਧਿਕਾਰੀ ਨੇ ਦੱਸਿਆ ਕਿ ਮੁੰਬਈ ਪੁਲੀਸ ਦੀ ਅਪਰਾਧ ਸ਼ਾਖਾ ਦੀਆਂ ਟੀਮਾਂ ਨੂੰ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਸਮੁੰਦਰੀ ਬੰਦਰਗਾਹਾਂ ਅਤੇ ਹਵਾਈ ਅੱਡਿਆਂ ਨੂੰ ਅਲਰਟ ਜਾਰੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ
ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ (66) ਦੀ 12 ਅਕਤੂਬਰ ਦੀ ਰਾਤ ਨੂੰ ਮੁੰਬਈ ਦੇ ਬਾਂਦਰਾ ਸਥਿਤ ਉਨ੍ਹਾਂ ਦੇ ਵਿਧਾਇਕ ਪੁੱਤਰ ਜੀਸ਼ਾਨ ਸਿੱਦੀਕੀ ਦੇ ਦਫ਼ਤਰ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੁਲੀਸ ਨੇ ਇਸ ਮਾਮਲੇ ਵਿਚ ਹੁਣ ਤੱਕ ਹਰਿਆਣਾ ਵਾਸੀ ਗੁਰਮੇਲ ਬਲਜੀਤ ਸਿੰਘ (23), ਉੱਤਰ ਪ੍ਰਦੇਸ਼ ਵਾਸੀ ਧਰਮਰਾਜ ਕਸ਼ਯਪ (19) ਸਣੇ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।