ਛੁੱਟੀਆਂ ਤੋਂ ਬਾਅਦ ਸਕੂਲਾਂ ਵਿੱਚ ਪਰਤੀਆਂ ਰੌਣਕਾਂ
ਖੇਤਰੀ ਪ੍ਰਤੀਨਿਧ
ਲੁਧਿਆਣਾ, 3 ਜੁਲਾਈ
ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਪਹਿਲੇ ਦਿਨ ਭਾਵੇਂ ਜਮਾਤਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਕੁਝ ਘੱਟ ਰਹੀ ਪਰ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਲੱਗੇ ਸਮਰ ਕੈਂਪਾਂ ਪ੍ਰਤੀ ਵਿਦਿਆਰਥੀਆਂ ’ਚ ਕਾਫੀ ਉਤਸ਼ਾਹ ਦਿਖਾਈ ਦਿੱਤਾ। ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਅੱਜ ਲੁਧਿਆਣਾ ਦੇ ਸਰਕਾਰੀ, ਪ੍ਰਾਈਵੇਟ ਅਤੇ ਅਰਧ-ਸਰਕਾਰੀ ਸਕੂਲ ਖੁੱਲ੍ਹ ਗਏ ਹਨ। ਕਈ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਭਰਵਾਂ ਸਵਾਗਤ ਕੀਤਾ ਗਿਆ। ਸੰਗੀਤਕ ਧੁਨਾਂ ਰਾਹੀਂ ਉਨ੍ਹਾਂ ਨੂੰ ਜੀ ਆਇਆਂ ਆਖੀ ਗਈ। ਛੁੱਟੀਆਂ ਤੋਂ ਬਾਅਦ ਅੱਜ ਪਹਿਲਾ ਦਿਨ ਹੋਣ ਕਰਕੇ ਬਹੁਤੇ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵੀ ਕੁਝ ਘੱਟ ਦੇਖਣ ਨੂੰ ਮਿਲੀ। ਦੂਜੇ ਪਾਸੇ ਸਰਕਾਰ ਵੱਲੋਂ ਪੜ੍ਹਾਈ ਦੇ ਮਾਹੌਲ ਵਿੱਚ ਢਾਲਣ ਲਈ ਕੁਝ ਦਿਨ ਪਹਿਲਾਂ ਹੀ ਜਾਰੀ ਕੀਤੇ ਹੁਕਮ ਅਨੁਸਾਰ ਅੱਜ ਤੋਂ ਸਕੂਲਾਂ ਵਿੱਚ ਸਮਰ ਕੈਂਪ ਵੀ ਸ਼ੁਰੂ ਕਰ ਦਿੱਤੇ ਗਏ। ਇਹ ਕੈਂਪ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਹੈ। ਇਸ ਸਮਰ ਕੈਂਪ ਦੇ ਅੱਜ ਪਹਿਲੇ ਦਿਨ ਵਿਦਿਆਰਥੀਆਂ ਨੂੰ ਆਰਟ ਐਂਡ ਕ੍ਰਾਫਟ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਵਿੱਚ ਵਿਦਿਆਰਥੀਆਂ ਨੇ ਫਜ਼ੂਲ ਵਸਤਾਂ ਤੋਂ ਸੋਹਣੀਆਂ ਸਜਾਵਟੀ ਵਸਤਾਂ ਤਿਆਰ ਕੀਤੀਆਂ। ਅਧਿਆਪਕਾਂ ਵੱਲੋਂ ਵੀ ਵਿਦਿਆਰਥੀਆਂ ਨੂੰ ਆਰਟ ਐਂਡ ਕ੍ਰਾਫਟ ਕਲਾ ਦੀਆਂ ਬਾਰੀਕੀਆਂ ਤੋਂ ਜਾਣੂ ਕਰਵਾਇਆ ਗਿਆ। ਸੁਣਨ ਵਿੱਚ ਆਇਆ ਹੈ ਕਿ ਕਈ ਸਕੂਲਾਂ ਵਿੱਚ ਵਿਦਿਆਰਥੀਆਂ ਅੰਦਰ ਲੁਕੀ ਕਲਾ ਨੂੰ ਉਭਾਰਨ ਲਈ ਇਸ ਕਲਾ ਨਾਲ ਸਬੰਧਤ ਮੁਕਾਬਲੇ ਵੀ ਕਰਵਾਏ ਗਏ। ਉੱਧਰ ਮਾਡਲ ਗ੍ਰਾਮ, ਜਵਾਹਰ ਨਗਰ ਕੈਂਪ, ਮਾਡਲ ਟਾਊਨ ਵਾਲੇ ਪਾਸੇ ਸਾਰਾ ਦਿਨ ਬਿਜਲੀ ਬੰਦ ਰਹਿਣ ਕਰਕੇ ਇਨ੍ਹਾਂ ਇਲਾਕਿਆਂ ਦੇ ਸਕੂਲੀ ਵਿਦਿਆਰਥੀਆਂ ਸਾਰਾ ਦਿਨ ਗਰਮੀ ਵਿੱਚ ਹੀ ਬੈਠਣ ਲਈ ਮਜਬੂਰ ਹੋਣਾ ਪਿਆ।