ਬਾਦਲ ਪਰਿਵਾਰ ਮੁੜ ਅਕਾਲੀ ਦਲ ’ਤੇ ਹਾਵੀ ਹੋਇਆ: ਮਲਵਿੰਦਰ ਕੰਗ
ਆਤਿਸ਼ ਗੁਪਤਾ
ਚੰਡੀਗੜ੍ਹ, 12 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੀ ਅੱਜ ਅੰਮ੍ਰਿਤਸਰ ਵਿੱਚ ਹੋਈ ਡੈਲੀਗੇਟ ਮੀਟਿੰਗ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਣ ਚੁਣੇ ਜਾਣ ਤੋਂ ਬਾਅਦ ਵਿਰੋਧੀਆਂ ਨੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਇਸ ਬਾਰੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਤੇ ਲੋਕ ਸਭਾ ਹਲਕਾ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਨੇ ਕਿਹਾ ਕਿ ਇਕ ਵਾਰ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਉੱਤੇ ਬਾਦਲ ਪਰਿਵਾਰ ਹਾਵੀ ਹੋ ਗਿਆ ਹੈ। ਇਸੇ ਕਰਕੇ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪੰਥਕ ਸੋਚ ਵਾਲੇ ਲੋਕਾਂ ਨਾਲ ਇਕ ਵਾਰ ਫਿਰ ਤੋਂ ਧੋਖਾ ਹੋਇਆ ਹੈ। ਸ੍ਰੀ ਕੰਗ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸੋਚੀ ਸਮਝੀ ਸਾਜਿਸ਼ ਤਹਿਤ ਅਜਿਹਾ ਕੀਤਾ ਹੈ। ਇਹ ਸਭ ਬਾਦਲ ਪਰਿਵਾਰ ਵੱਲੋਂ ਪਹਿਲਾਂ ਹੀ ਤੈਅ ਕੀਤਾ ਗਿਆ ਸੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਲੋਕਾਂ ਤੇ ਵਰਕਰਾਂ ਨੂੰ ਕਈ ਮਹੀਨੇ ਗੁਮਰਾਹ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਲੋਕਾਂ ਨਾਲ ਧੋਖਾ ਕੀਤਾ ਹੈ, ਜਿਸ ਸਬੰਧੀ ਲੋਕ ਕਦੇ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਮੁਆਫ਼ ਨਹੀਂ ਕਰਨਗੇ।