ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਨਐੱਸਏ ਤਹਿਤ ਨਜ਼ਰਬੰਦ ਬੰਦੀ ਸਿੰਘਾਂ ਦੀ ਗ੍ਰਿਫ਼ਤਾਰੀ ’ਚ ਬਾਦਲ ਪਰਿਵਾਰ ਦਾ ਹੱਥ: ਵਡਾਲਾ

08:04 AM Aug 23, 2024 IST
ਪਟਿਆਲਾ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਗੁਰਪ੍ਰਤਾਪ ਸਿੰਘ ਵਡਾਲਾ।

ਗੁਰਨਾਮ ਸਿੰਘ ਅਕੀਦਾ
ਪਟਿਆਲਾ, 22 ਅਗਸਤ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਮੀਟਿੰਗ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਦੇ ਦਫ਼ਤਰ ਵਿੱਚ ਹੋਈ। ਇਸ ਦੌਰਾਨ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦਾ 100ਵਾਂ ਜਨਮ ਦਿਨ ਮਨਾਉਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਸ੍ਰੀ ਵਡਾਲਾ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਅਕਾਲੀ ਦਲ ਵਿੱਚ ਆਈ ਗਿਰਾਵਟ ਨੂੰ ਦੂਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਗੁਰਚਰਨ ਸਿੰਘ ਟੌਹੜਾ ਪੰਜਾਬ ਦੀ ਵੱਡੀ ਸ਼ਖ਼ਸੀਅਤ ਸਨ ਜਿਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਪੰਥ ਦੇ ਲੇਖੇ ਲਾ ਦਿੱਤੀ ਤੇ ਦੂਜੇ ਪਾਸੇ ਬਾਦਲ ਪਰਿਵਾਰ ਜਿਨ੍ਹਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਕਥਿਤ ਪੰਥ ਅਤੇ ਅਕਾਲੀ ਦਲ ਦੇ ਹਿੱਤਾਂ ਦੀ ਪ੍ਰਵਾਹ ਵੀ ਨਹੀਂ ਕੀਤੀ।
ਉਨ੍ਹਾਂ ਕਿਹਾ ਕਿ ਜਿਹੜੇ ਐੱਨਐੱਸਏ ਤਹਿਤ ਬੰਦੀ ਸਿੰਘ ਨਜ਼ਰਬੰਦ ਹਨ, ਉਸ ਵਿੱਚ ਬਾਦਲ ਪਰਿਵਾਰ ਦਾ ਹੱਥ ਹੈ ਕਿਉਂਕਿ ਜਦੋਂ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਤਾਂ ਉਸ ਵੇਲੇ ਹਰਸਿਮਰਤ ਕੌਰ ਬਾਦਲ ਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਅੰਮ੍ਰਿਤਪਾਲ ਸਿੰਘ ਤੇ ਹੋਰਾਂ ਖ਼ਿਲਾਫ਼ ਬਿਆਨਬਾਜ਼ੀ ਕੀਤੀ ਗਈ। ਇਸ ਕਾਰਨ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ’ਤੇ ਐੱਨਐੱਸਏ ਲਾਉਣ ਦਾ ਬਹਾਨਾ ਮਿਲ ਗਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਐੱਨਐੱਸਏ ਲਾਉਣ ਦਾ ਵਿਰੋਧ ਕਰਨਾ ਚਾਹੀਦਾ ਸੀ ਪਰ ਬਾਦਲ ਪਰਿਵਾਰ ਚੁੱਪ ਰਿਹਾ। ਇਸ ਤੋਂ ਇਲਾਵਾ ਸੁਖਬੀਰ ਬਾਦਲ ਵੱਲੋਂ ਬਾਬਾ ਬਕਾਲਾ ਵਿੱਚ ਇਕ ਸਿੱਖ ਦੀ ਗ਼ਲਤ ਪਰਿਭਾਸ਼ਾ ਪੇਸ਼ ਕਰਨਾ ਅਤਿ ਨਿੰਦਣਯੋਗ ਹੈ। ਗੁਰੂ ਸਾਹਿਬ ਨੇ ਸਾਨੂੰ ਜੋ ਸਰੂਪ ਪ੍ਰਦਾਨ ਕੀਤਾ ਹੈ ਉਸ ਦੇ ਉਲਟ ਕੋਈ ਵੀ ਸਿੱਖ ਆਪਣੀ ਮਨਮਰਜ਼ੀ ਅਨੁਸਾਰ ਆਪਣਾ ਸਰੂਪ ਨਹੀਂ ਧਾਰ ਸਕਦਾ। ਇਸ ਮੌਕੇ ਜਥੇਦਾਰ ਟੌਹੜਾ ਦੇ 100ਵੇਂ ਜਨਮ ਦਿਨ ਲਈ ਕਮੇਟੀਆਂ ਬਣਾ ਕੇ ਡਿਊਟੀਆਂ ਲਾਈਆਂ ਗਈਆਂ ਅਤੇ 24 ਸਤੰਬਰ ਨੂੰ ਪਿੰਡ ਟੌਹੜਾ ਪੁੱਜਣ ਦੀ ਅਪੀਲ ਕੀਤੀ ਗਈ। ਇਸ ਮੌਕੇ ਸੁਰਜੀਤ ਸਿੰਘ ਰੱਖੜਾ, ਸੁੱਚਾ ਸਿੰਘ ਛੋਟੇਪੁਰ, ਪਰਮਿੰਦਰ ਸਿੰਘ ਢੀਂਡਸਾ, ਹਰਮੇਲ ਸਿੰਘ ਟੌਹੜਾ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਗਗਨਜੀਤ ਸਿੰਘ ਬਰਨਾਲਾ, ਕਰਨੈਲ ਸਿੰਘ ਪੰਜੌਲੀ, ਜਰਨੈਲ ਸਿੰਘ ਕਰਤਾਰਪੁਰ, ਬੀਬੀ ਕਰਮਜੀਤ ਕੌਰ ਗੁਲਸ਼ਨ, ਬੀਬੀ ਕੁਲਦੀਪ ਕੌਰ ਟੌਹੜਾ, ਸੁਰਿੰਦਰ ਸਿੰਘ ਭੁੱਲੇਵਾਲ, ਰਣਧੀਰ ਸਿੰਘ ਰੱਖੜਾ, ਜਗਜੀਤ ਸਿੰਘ ਕੋਹਲੀ ਹਾਜ਼ਰ ਸਨ।

Advertisement

Advertisement
Advertisement